ਸੰਸਦ ''ਚ ਅਡਾਨੀ ਮੁੱਦਾ ਚੁੱਕਣ ਲਈ ਸੰਜੇ ਸਿੰਘ ਨੂੰ ਨਿਸ਼ਾਨਾ ਬਣਾਇਆ ਜਾ ਰਿਹੈ: ''ਆਪ''

10/04/2023 11:03:52 AM

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਉਸ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਇਸ ਲਈ ਨਿਸ਼ਾਨਾ ਬਣਾਇਆ, ਕਿਉਂਕਿ ਉਨ੍ਹਾਂ ਨੇ ਸੰਸਦ ਵਿਚ ਅਡਾਨੀ ਸਮੂਹ ਨਾਲ ਜੁੜੇ ਮੁੱਦੇ ਚੁੱਕੇ ਸਨ। ਪਾਰਟੀ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ 'ਚ ਸਿੰਘ ਦੇ ਕੰਪਲੈਕਸਾਂ 'ਤੇ ਈ. ਡੀ. ਦੇ ਛਾਪਿਆਂ 'ਤੇ ਪ੍ਰਤੀਕਿਰਿਆ ਦੇ ਰਹੀ ਸੀ। 'ਆਪ' ਬੁਲਾਰਾ ਰੀਨਾ ਗੁਪਤਾ ਨੇ ਕਿਹਾ ਕਿ ਸੰਜੇ ਸਿੰਘ ਅਡਾਨੀ ਮੁੱਦੇ 'ਤੇ ਸਵਾਲ ਪੁੱਛਦੇ ਰਹੇ ਹਨ, ਇਸ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਛਾਪੇ ਮਾਰੇ ਜਾ ਰਹੇ ਹਨ। ਕੇਂਦਰੀ ਏਜੰਸੀਆਂ ਨੂੰ ਪਹਿਲਾਂ ਵੀ ਕੁਝ ਨਹੀਂ ਮਿਲਿਆ ਸੀ ਅਤੇ ਅੱਜ ਵੀ ਕੁਝ ਨਹੀਂ ਮਿਲੇਗਾ।

ਇਹ ਵੀ ਪੜ੍ਹੋ-  'ਆਪ' ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ED ਨੇ ਕੀਤੀ ਛਾਪੇਮਾਰੀ

ਸੰਜੇ ਸਿੰਘ ਦੇ ਪਿਤਾ ਦਿਨੇਸ਼ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਈ. ਡੀ. ਨਾਲ ਸਹਿਯੋਗ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਈ. ਡੀ. ਆਪਣਾ ਕੰਮ ਕਰ ਰਹੀ ਹੈ। ਮੈਨੂੰ ਸਟੀਕ ਸਮਾਂ ਤਾਂ ਨਹੀਂ ਪਤਾ ਪਰ ਸਵੇਰੇ ਕਰੀਬ ਸਾਢੇ 7 ਵਜੇ ਉਹ ਛਾਪੇ ਮਾਰਨ ਆਏ। ਮੈਂ ਈ. ਡੀ. ਅਧਿਕਾਰੀਆਂ ਨੂੰ ਦੱਸਿਆ ਕਿ ਉਹ ਦੇਰ ਰਾਤ ਤੱਕ ਤਲਾਸ਼ੀ ਲੈ ਸਕਦੇ ਹਨ, ਅਸੀਂ ਨਹੀਂ ਚਾਹੁੰਦੇ ਕਿ ਉਹ ਵਾਰ-ਵਾਰ ਆਉਣ। ਦੋਸ਼ ਹਨ ਕਿ ਵਿੱਤੀ ਸਾਲ 2021-22 ਲਈ ਸ਼ਰਾਬ ਦੇ ਵਪਾਰੀਆਂ ਨੂੰ ਲਾਇਸੈਂਸ ਦੇਣ ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨੇ ਧੜੇਬੰਦੀ ਨੂੰ ਉਤਸ਼ਾਹਿਤ ਕੀਤਾ ਅਤੇ ਕੁਝ ਡੀਲਰਾਂ ਨੂੰ ਫਾਇਦਾ ਪਹੁੰਚਾਇਆ। ਜਿਨ੍ਹਾਂ ਨੇ ਕਥਿਤ ਤੌਰ 'ਤੇ ਇਸ ਲਈ ਰਿਸ਼ਵਤ ਦਿੱਤੀ। ਹਾਲਾਂਕਿ 'ਆਪ' ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ : ਸਿੱਕਮ 'ਚ ਬੱਦਲ ਫਟਣ ਕਾਰਨ ਅਚਾਨਕ ਆਇਆ ਹੜ੍ਹ, ਫ਼ੌਜ ਦੇ 23 ਜਵਾਨ ਲਾਪਤਾ

ਦਿੱਲੀ ਦੇ ਉਪ ਰਾਜਪਾਲ ਵੱਲੋਂ ਮਾਮਲੇ ਦੀ ਜਾਂਚ ਲਈ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸਿਫ਼ਾਰਸ਼ ਕੀਤੇ ਜਾਣ ਤੋਂ ਬਾਅਦ ਇਹ ਨੀਤੀ ਰੱਦ ਕਰ ਦਿੱਤੀ ਗਈ ਸੀ। ਈਡੀ ਨੇ ਸੀ.ਬੀ.ਆਈ. ਜਾਂਚ ਦੀ ਸਿਫ਼ਾਰਿਸ਼ ਕੀਤੇ ਜਾਣ ਤੋਂ ਬਾਅਦ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ. ਐਮ. ਐਲ. ਏ.) ਦੇ ਤਹਿਤ ਕੇਸ ਦਰਜ ਕੀਤਾ ਸੀ। ਸਿੰਘ ਨੇ ਅਡਾਨੀ ਗਰੁੱਪ 'ਤੇ ਲੱਗੇ ਦੋਸ਼ਾਂ ਦੀ ਜਾਂਚ ਦੀ ਮੰਗ ਕੀਤੀ ਸੀ। ਅਮਰੀਕਾ ਸਥਿਤ ਕੰਪਨੀ 'ਹਿੰਡੇਨਬਰਗ ਰਿਸਰਚ' ਨੇ ਅਡਾਨੀ ਗਰੁੱਪ 'ਤੇ ਵਿੱਤੀ ਬੇਨਿਯਮੀਆਂ ਅਤੇ ਸ਼ੇਅਰਾਂ ਦੀਆਂ ਕੀਮਤਾਂ 'ਚ ਹੇਰਾਫੇਰੀ ਦਾ ਦੋਸ਼ ਲਗਾਇਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Tanu

This news is Content Editor Tanu