PM ਮੋਦੀ ਦੇ ਡੇਰਾ ਸੱਚਖੰਡ ਬੱਲਾਂ ਦੌਰੇ ਦਾ ਸਰਨਾ ਨੇ ਕੀਤਾ ਸਵਾਗਤ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਪੁਰਜ਼ੋਰ ਅਪੀਲ
Wednesday, Jan 28, 2026 - 10:51 PM (IST)
ਨਵੀਂ ਦਿੱਲੀ : ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਗਤ ਰਵਿਦਾਸ ਜੀ ਦੇ 649ਵੇਂ ਜਨਮ ਦਿਹਾੜੇ ਮੌਕੇ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਜਾਣ ਦੇ ਪ੍ਰਸਤਾਵਿਤ ਦੌਰੇ ਦਾ ਨਿੱਘਾ ਸਵਾਗਤ ਕੀਤਾ ਹੈ। ਉਨ੍ਹਾਂ ਇਸ ਦੌਰੇ ਨੂੰ ਪੰਜਾਬ ਦੀਆਂ ਸਮਾਜਿਕ ਅਤੇ ਅਧਿਆਤਮਿਕ ਪਰੰਪਰਾਵਾਂ ਲਈ ਇੱਕ ਮਹੱਤਵਪੂਰਨ ਮਾਨਤਾ ਕਰਾਰ ਦਿੱਤਾ ਹੈ।
ਸਰਨਾ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਇਸ ਦੌਰੇ ਨੂੰ ਸਿਰਫ਼ ਚੋਣਾਂ ਨਾਲ ਜੋੜ ਕੇ ਨਹੀਂ ਵੇਖਿਆ ਜਾਣਾ ਚਾਹੀਦਾ, ਸਗੋਂ ਇਹ ਸਿੱਖ ਅਧਿਆਤਮਿਕ ਪਰੰਪਰਾਵਾਂ ਵਿੱਚ ਭਗਤ ਰਵਿਦਾਸ ਜੀ ਦੇ ਉੱਚੇ ਸਥਾਨ ਦੀ ਸਵੀਕ੍ਰਿਤੀ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ ਦਾ ਸ਼ਾਮਲ ਹੋਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਪ੍ਰਭੂ ਭਗਤੀ ਅਤੇ ਮਨੁੱਖੀ ਸਨਮਾਨ ਸਮਾਜਿਕ ਬਰਾਬਰੀ ਤੋਂ ਵੱਖ ਨਹੀਂ ਕੀਤੇ ਜਾ ਸਕਦੇ। ਸਰਨਾ ਅਨੁਸਾਰ, ਭਗਤ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ ਦਾ ਸੰਦੇਸ਼ ਦਿੰਦੀ ਹੈ ਅਤੇ ਊਚ-ਨੀਚ ਦੇ ਭੇਦਭਾਵ ਨੂੰ ਨਕਾਰਦੀ ਹੈ।
ਇਸ ਪਵਿੱਤਰ ਮੌਕੇ ਦਾ ਹਵਾਲਾ ਦਿੰਦੇ ਹੋਏ, ਪਰਮਜੀਤ ਸਿੰਘ ਸਰਨਾ ਨੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦਾ ਐਲਾਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ, ਇਹ ਫੈਸਲਾ ਦੇਸ਼ ਅਤੇ ਵਿਦੇਸ਼ਾਂ ਵਿੱਚ ਬੈਠੇ ਸਿੱਖ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਪੈਦਾ ਕਰੇਗਾ। ਕਰਤਾਰਪੁਰ ਸਾਹਿਬ ਉਹ ਸਥਾਨ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਦੀ ਨੀਂਹ ਰੱਖੀ ਅਤੇ ਗੁਰੂ ਕਾ ਲੰਗਰ ਰਸਮੀ ਤੌਰ 'ਤੇ ਸ਼ੁਰੂ ਕੀਤਾ ਸੀ। ਇਹ ਉਹੀ ਪਵਿੱਤਰ ਧਰਤੀ ਹੈ ਜਿੱਥੇ ਭਾਈ ਲਹਿਣਾ ਜੀ, ਗੁਰੂ ਅੰਗਦ ਦੇਵ ਜੀ ਬਣੇ ਸਨ।
ਸਰਨਾ ਨੇ ਅੱਗੇ ਕਿਹਾ ਕਿ ਕਰਤਾਰਪੁਰ ਲਾਂਘੇ ਨੇ ਪਹਿਲਾਂ ਵੀ ਇਹ ਸਾਬਤ ਕੀਤਾ ਹੈ ਕਿ ਤਣਾਅਪੂਰਨ ਸਬੰਧਾਂ ਦੇ ਬਾਵਜੂਦ ਸ਼ਰਧਾ ਦੇ ਰਸਤੇ ਸੁਰੱਖਿਅਤ ਰੱਖੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਲਾਂਘੇ ਨੂੰ ਮੁੜ ਬਹਾਲ ਕਰਨਾ ਹਜ਼ਾਰਾਂ ਸ਼ਰਧਾਲੂਆਂ ਲਈ ਮਾਨਸਿਕ ਸਕੂਨ ਅਤੇ ਸ਼ਰਧਾ ਦਾ ਵਿਸ਼ਾ ਹੋਵੇਗਾ, ਜੋ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਲਈ ਉਤਾਵਲੇ ਹਨ।
