SBI ਦੀ ਪਟੀਸ਼ਨ ਖਾਰਜ, ਸੁਪਰੀਮ ਕੋਰਟ ਨੇ 12 ਮਾਰਚ ਤੱਕ ਚੋਣ ਬਾਂਡ ਦਾ ਮੰਗਿਆ ਵੇਰਵਾ
Monday, Mar 11, 2024 - 01:34 PM (IST)
ਨਵੀਂ ਦਿੱਲੀ (ਵਾਰਤਾ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸਟੇਟ ਬੈਂਕ ਆਫ਼ ਇੰਡੀਆ (ਐੱਸਬੀਆਈ) ਦੀ 12 ਅਪ੍ਰੈਲ, 2019 ਤੋਂ ਖਰੀਦੇ ਗਏ ਚੋਣ ਬਾਂਡ ਦੇ ਵੇਰਵੇ ਜਨਤਕ ਕਰਨ ਲਈ 30 ਜੂਨ, 2024 ਤੱਕ ਦਾ ਸਮਾਂ ਵਧਾਉਣ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਅਤੇ ਐੱਸ.ਬੀ.ਆਈ. ਨੂੰ 12 ਮਾਰਚ ਨੂੰ ਸ਼ਾਮ 5 ਵਜੇ ਤੱਕ ਆਪਣੀ ਵੈੱਬਸਾਈਟ 'ਤੇ ਵਿਸਤ੍ਰਿਤ ਜਾਣਕਾਰੀ ਪ੍ਰਕਾਸ਼ਿਤ ਕਰਨ ਦੇ ਹੁਕਮ ਦਿੱਤੇ ਹਨ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਸੰਜੀਵ ਖੰਨਾ, ਜਸਟਿਸ ਬੀਆਰ ਗਵਈ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਸੰਵਿਧਾਨਕ ਬੈਂਚ ਨੇ ਚੋਣ ਬਾਂਡ ਜਾਰੀ ਕਰਨ ਵਾਲੇ ਬੈਂਕ ਐੱਸਬੀਆਈ ਦੀ ਪਟੀਸ਼ਨ ਨੂੰ ਖਾਰਜ ਕਰਦਿਆਂ 12 ਮਾਰਚ (ਸਬੰਧਤ ਬਾਂਡ) ਤੱਕ ਕੰਮਕਾਜੀ ਸਮੇਂ ਦੌਰਾਨ ਵੇਰਵੇ ਦਾ ਖ਼ੁਲਾਸਾ ਕਰਨ ਦਾ ਨਿਰਦੇਸ਼ ਦਿੱਤਾ।
ਬੈਂਚ ਨੇ ਆਪਣੇ ਹੁਕਮਾਂ ਵਿਚ ਇਹ ਵੀ ਕਿਹਾ ਕਿ ਜੇਕਰ ਨਿਰਧਾਰਿਤ ਸਮੇਂ ਵਿਚ ਵੇਰਵਿਆਂ ਦਾ ਖੁਲਾਸਾ ਨਹੀਂ ਕੀਤਾ ਜਾਂਦਾ ਹੈ ਤਾਂ ਮਾਣਹਾਨੀ ਦੀ ਕਾਰਵਾਈ ਕੀਤੀ ਜਾ ਸਕਦੀ ਹੈ। ਜਸਟਿਸ ਚੰਦਰਚੂੜ ਦੀ ਅਗਵਾਈ ਵਾਲੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਆਪਣੇ ਆਦੇਸ਼ ਵਿਚ ਕਿਹਾ, “ਐੱਸਬੀਆਈ ਦੀ ਅਰਜ਼ੀ ਦਰਸਾਉਂਦੀ ਹੈ ਕਿ ਮੰਗੀ ਗਈ ਜਾਣਕਾਰੀ ਆਸਾਨੀ ਨਾਲ ਉਪਲਬਧ ਹੈ। ਇਸ ਤਰ੍ਹਾਂ 30 ਜੂਨ ਤੱਕ ਸਮਾਂ ਵਧਾਉਣ ਦੀ ਮੰਗ ਵਾਲੀ ਉਹੀ ਅਰਜ਼ੀ ਰੱਦ ਕਰ ਦਿੱਤੀ ਜਾਂਦੀ ਹੈ। ਐੱਸਬੀਆਈ ਨੂੰ 12 ਮਾਰਚ, 2024 ਨੂੰ ਕੰਮਕਾਜੀ ਘੰਟਿਆਂ ਦੇ ਅੰਤ ਤੱਕ ਵੇਰਵਿਆਂ ਦਾ ਖੁਲਾਸਾ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ।'' ਸੁਪਰੀਮ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ 15 ਫਰਵਰੀ ਨੂੰ ਆਪਣੇ ਫ਼ੈਸਲੇ 'ਚ ਰਾਜਨੀਤਕ ਦਲਾਂ ਨੂੰ ਚੰਦਾ ਦੇਣ ਦੀ ਇਸ ਯੋਜਨਾ (ਚੋਣ ਬਾਂਡ) ਨੂੰ ਅਪਾਰਦਰਸ਼ੀ ਅਤੇ ਗੈਰ-ਸੰਵਿਧਾਨਕ ਕਰਾਰ ਦਿੰਦੇ ਹੋਏ ਇਸ ਨੂੰ ਰੱਦ ਕਰ ਦਿੱਤਾ ਸੀ। ਚੋਣ ਬਾਂਡ ਸੰਬੰਧ ਸਾਰੇ ਵੇਰਵੇ 6 ਮਾਰਚ ਤੱਕ ਚੋਣ ਕਮਿਸ਼ਨ ਕੋਲ ਨਹੀਂ ਜਮ੍ਹਾ ਕਰਨ 'ਤੇ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਸ (ਏ.ਡੀ.ਆਰ.) ਨੇ ਭਾਰਤੀ ਸਟੇਟ ਬੈਂਕ (ਐੱਸ.ਬੀ.ਆਈ.) ਖ਼ਿਲਾਫ਼ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8