ਕੇਜਰੀਵਾਲ ਹਾਲੇ ਜੇਲ੍ਹ ''ਚ ਰਹਿਣਗੇ, ਸੁਪਰੀਮ ਕੋਰਟ ''ਚ ਜ਼ਮਾਨਤ ਪਟੀਸ਼ਨ ''ਤੇ ਟਲੀ ਸੁਣਵਾਈ

Friday, Aug 23, 2024 - 12:13 PM (IST)

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਾਖ਼ਲ ਜ਼ਮਾਨਤ ਪਟੀਸ਼ਨ ਅਤੇ ਆਬਕਾਰੀ ਘਪਲੇ 'ਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਗ੍ਰਿਫ਼ਤਾਰ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ 5 ਸਤੰਬਰ ਤੱਕ ਲਈ ਮੁਲਤਵੀ ਕਰ ਦਿੱਤੀ। ਜੱਜ ਸੂਰਿਆਕਾਂਤ ਅਤੇ ਜੱਜ ਉੱਜਵਲ ਭੂਈਆਂ ਦੀ ਬੈਂਚ ਨੇ ਸੀ.ਬੀ.ਆਈ. ਨੂੰ ਮਾਮਲੇ 'ਚ ਜਵਾਬੀ ਹਲਫਨਾਮਾ ਦਾਖ਼ਲ ਕਰਨ ਦੀ ਮਨਜ਼ੂਰੀ ਦਿੱਤੀ ਅਤੇ ਕੇਜਰੀਵਾਲ ਨੂੰ ਜਵਾਬ ਦਾਖ਼ਲ ਕਰਨ ਲਈ 2 ਦਿਨ ਦਾ ਸਮਾਂ ਦਿੱਤਾ। ਕੇਜਰੀਵਾਲ ਵਲੋਂ ਪੇਸ਼ ਸੀਨੀਅਰ ਐਡਵੋਕੇਟ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਸੀ.ਬੀ.ਆਈ. ਨੇ ਸਿਰਫ਼ ਇਕ ਪਟੀਸ਼ਨ 'ਤੇ ਜਵਾਬੀ ਹਲਫ਼ਨਾਮਾ ਦਾਇਰ ਕੀਤਾ ਹੈ ਅਤੇ ਇਹ ਵੀਰਵਾਰ ਰਾਤ 8 ਵਜੇ ਉਨ੍ਹਾਂ ਨੂੰ ਦਿੱਤਾ ਗਿਆ। ਐਡੀਸ਼ਨਲ ਸਾਲਿਸੀਟਰ ਜਨਰਲ ਐੱਸ.ਵੀ. ਰਾਜੂ ਨੇ ਕਿਹਾ ਕਿ ਉਹ ਇਕ ਹਫ਼ਤੇ 'ਚ ਜਵਾਬ ਦਾਖ਼ਲ ਕਰਨਗੇ। ਇਸ ਤੋਂ ਬਾਅਦ ਬੈਂਚ ਨੇ ਮਾਮਲੇ ਦੀ ਅਗਲਈ ਸੁਣਵਾਈ ਲਈ 5 ਸਤੰਬਰ ਦੀ ਤਾਰੀਖ਼ ਤੈਅ ਕੀਤੀ। ਸੁਪਰੀਮ ਕੋਰਟ ਨੇ ਮਾਮਲੇ 'ਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਜਾਂਚ ਏਜੰਸੀ ਤੋਂ ਜਵਾਬ ਮੰਗਿਆ ਸੀ। ਕੇਜਰੀਵਾਲ ਨੂੰ 26 ਜੂਨ ਨੂੰ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਸੀ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਆਬਕਾਰੀ ਨੀਤੀ ਦੇ ਕਥਿਤ ਮਾਮਲੇ ‘ਚ ਪੁੱਛਗਿੱਛ ਤੋਂ ਬਾਅਦ 21 ਮਾਰਚ ਨੂੰ ਈ.ਡੀ. ਨੇ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ 10 ਮਈ ਤੋਂ 1 ਜੂਨ ਤੱਕ ਅਦਾਲਤ ਤੋਂ ਅੰਤਰਿਮ ਜ਼ਮਾਨਤ ਮਿਲੀ ਸੀ। ਸਮਾਂ ਪੂਰਾ ਹੋਣ ਤੋਂ ਬਾਅਦ, ਅਰਵਿੰਦ ਕੇਜਰੀਵਾਲ ਨੇ 2 ਜੂਨ ਨੂੰ ਆਤਮ ਸਮਰਪਣ ਕਰ ਦਿੱਤਾ ਅਤੇ ਫਿਲਹਾਲ ਉਹ ਤਿਹਾੜ ਜੇਲ੍ਹ 'ਚ ਬੰਦ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News