ਦਿੱਲੀ-NCR ''ਚ ਨਿਰਮਾਣ ਕਾਰਜਾਂ ''ਤੇ ਪਾਬੰਦੀ ''ਚ ਸੁਪਰੀਮ ਕੋਰਟ ਨੇ ਦਿੱਤੀ ਢਿੱਲ

12/10/2019 11:58:33 AM

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਦਿੱਲੀ-ਐੱਨ. ਸੀ. ਆਰ. ਵਿਚ ਨਿਰਮਾਣ ਕਾਰਜਾਂ 'ਤੇ ਲੱਗੀ ਪਾਬੰਦੀ 'ਚ ਢਿੱਲ ਦਿੰਦੇ ਹੋਏ ਸਵੇਰੇ 6 ਤੋਂ ਸ਼ਾਮ 6 ਵਜੇ ਤਕ ਇਨ੍ਹਾਂ ਨੂੰ ਕਰਨ ਦੀ ਇਜਾਜ਼ਤ ਦਿੱਤੀ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦੱਸਿਆ ਕਿ ਇਸ ਸਮੇਂ ਹਵਾ ਦੀ ਗੁਣਵੱਤਾ ਚਿੰਤਾਜਨਕ ਨਹੀਂ ਹੈ। ਅਦਾਲਤ ਨੇ ਸੋਮਵਾਰ ਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰਿਪੋਰਟ ਦਾ ਮੁਲਾਂਕਣ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਸ਼ਾਮ 6 ਤੋਂ ਸਵੇਰੇ 6 ਵਜੇ ਦੌਰਾਨ ਕਿਸੇ ਵੀ ਤਰ੍ਹਾਂ ਦੇ ਨਿਰਮਾਣ ਕਾਰਜ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

ਜਸਟਿਸ ਅਰੁਣ ਮਿਸ਼ਰਾ ਤੇ ਜਸਟਿਸ ਦੀਪਕ ਗੁਪਤਾ ਦੀ ਬੈਂਚ ਨੂੰ ਵਧੀਕ ਸਾਲੀਸਿਟਰ ਜਨਰਲ ਏ. ਐੱਨ. ਐੱਸ. ਨਾਡਕਰਣੀ ਨੇ ਸੂਚਿਤ ਕੀਤਾ ਕਿ ਹਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ 'ਸਮੋਗ ਟਾਵਰ' ਵਰਗੀ ਟੈਕਨਾਲੋਜੀ ਦੀ ਵਰਤੋਂ ਦੀ ਸੰਭਾਵਨਾ ਭਾਲਣ ਦੇ ਅਦਾਲਤ ਦੇ ਨਿਰਦੇਸ਼ 'ਤੇ ਕੇਂਦਰ ਨੇ ਇਕ ਉਚ ਪੱਧਰੀ ਕਮੇਟੀ ਗਠਿਤ ਕੀਤੀ ਹੈ। ਇਸ 'ਚ ਆਈ. ਆਈ. ਟੀ. ਦੇ ਮਾਹਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਨਾਡਕਰਣੀ ਨੇ ਕਿਹਾ ਕਿ ਕਮੇਟੀ ਦੀ ਇਕ ਬੈਠਕ ਹੋ ਚੁੱਕੀ ਹੈ ਅਤੇ ਅਗਲੀ ਬੈਠਕ 11 ਦਸੰਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਬੈਠਕ ਮਗਰੋਂ ਕਮੇਟੀ ਵਾਤਾਵਰਣ ਅਤੇ ਜੰਗਲ ਤੇ ਜਲਵਾਯੂ ਤਬਦੀਲੀ ਮੰਤਰਾਲੇ ਨੂੰ ਆਪਣੀ ਰਿਪੋਰਟ ਸੌਂਪੇਗੀ। ਬੈਂਚ ਨੇ ਇਸ ਦੇ ਨਾਲ ਹੀ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਆਪਣੇ ਇੱਥੇ ਪਰਾਲੀ ਸਾੜਨ ਦੇ ਮਾਮਲਿਆਂ ਵਿਚ 11 ਦਸੰਬਰ ਤਕ ਤਾਜ਼ਾ ਰਿਪੋਰਟ ਪੇਸ਼ ਕਰਨ। ਅਦਾਲਤ ਨੇ ਕਿਹਾ ਕਿ ਪ੍ਰਦੂਸ਼ਣ ਨਾਲ ਸਬੰਧਤ ਮਾਮਲਿਆਂ 'ਤੇ ਹੁਣ ਉਹ 16 ਦਸੰਬਰ ਨੂੰ ਅਗਲੀ ਸੁਣਵਾਈ ਕਰੇਗੀ।

Tanu

This news is Content Editor Tanu