SC ਨੇ ਹਿਮਾਚਲ ਕਾਲੇਜੀਅਮ ਨੂੰ ਤਰੱਕੀ ਲਈ ਦੋ ਜੱਜਾਂ ਦੇ ਨਾਵਾਂ ''ਤੇ ਮੁੜ ਵਿਚਾਰ ਕਰਨ ਨੂੰ ਕਿਹਾ

Friday, Sep 06, 2024 - 12:20 PM (IST)

SC ਨੇ ਹਿਮਾਚਲ ਕਾਲੇਜੀਅਮ ਨੂੰ ਤਰੱਕੀ ਲਈ ਦੋ ਜੱਜਾਂ ਦੇ ਨਾਵਾਂ ''ਤੇ ਮੁੜ ਵਿਚਾਰ ਕਰਨ ਨੂੰ ਕਿਹਾ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਯਾਨੀ ਕਿ ਅੱਜ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਕਾਲੇਜੀਅਮ ਨੂੰ ਹਾਈ ਕੋਰਟ 'ਚ ਤਰੱਕੀ ਲਈ ਦੋ ਸੀਨੀਅਰ ਜ਼ਿਲ੍ਹਾ ਅਤੇ ਸੈਸ਼ਨ ਅਦਾਲਤਾਂ ਦੇ ਜੱਜਾਂ ਦੇ ਨਾਵਾਂ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਵਿਅਕਤੀਗਤ ਤੌਰ 'ਤੇ ਇਨ੍ਹਾਂ ਸਿਫ਼ਾਰਸ਼ਾਂ 'ਤੇ ਮੁੜ ਵਿਚਾਰ ਨਹੀਂ ਕਰ ਸਕਦੇ ਹਨ ਅਤੇ ਇਨ੍ਹਾਂ 'ਤੇ ਸਿਰਫ਼ ਹਾਈ ਕੋਰਟ ਕਾਲੇਜੀਅਮ ਵਲੋਂ ਹੀ ਸਮੂਹਿਕ ਤੌਰ 'ਤੇ ਵਿਚਾਰ ਕੀਤਾ ਜਾ ਸਕਦਾ ਹੈ।

ਜਸਟਿਲ ਰਿਸ਼ੀਕੇਸ਼ ਰਾਏ ਅਤੇ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ ਨੇ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਦੇ ਦੋ ਜੱਜਾਂ ਵਲੋਂ ਦਾਇਰ ਪਟੀਸ਼ਨ 'ਤੇ ਇਹ ਫ਼ੈਸਲਾ ਸੁਣਾਇਆ। ਪਟੀਸ਼ਨਰਾਂ ਨੇ ਦੋਸ਼ ਲਾਇਆ ਸੀ ਕਿ ਹਾਈ ਕੋਰਟ ਦੇ ਕਾਲੇਜੀਅਮ ਨੇ ਹਾਈ ਕੋਰਟ ਵਿਚ ਜੱਜਾਂ ਦੇ ਅਹੁਦੇ ਲਈ ਚੋਣ ਦੌਰਾਨ ਉਨ੍ਹਾਂ ਦੀ ਯੋਗਤਾ ਅਤੇ ਸੀਨੀਅਰਤਾ 'ਤੇ ਵਿਚਾਰ ਨਹੀਂ ਕੀਤਾ। ਬੈਂਚ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਹਾਈ ਕੋਰਟ ਦੇ ਕਾਲੇਜੀਅਮ ਵਲੋਂ ਕੋਈ ਸਮੂਹਿਕ ਸਲਾਹ ਅਤੇ ਵਿਚਾਰ-ਵਟਾਂਦਰਾ ਨਹੀਂ ਕੀਤਾ ਗਿਆ ਸੀ। ਕੋਰਟ ਨੇ ਕਿਹਾ ਕਿ ਇਸ ਦੇ ਮੱਦੇਨਜ਼ਰ 4 ਜਨਵਰੀ 2024 ਨੂੰ ਸੁਪਰੀਮ ਕੋਰਟ ਕਾਲੇਜੀਅਮ ਦੇ ਫੈਸਲੇ ਤੋਂ ਬਾਅਦ ਹਾਈ ਕੋਰਟ ਕਾਲੇਜੀਅਮ ਨੂੰ ਜੱਜ ਚਿਰਾਗ ਭਾਨੂੰ ਸਿੰਘ ਅਤੇ ਜੱਜ ਅਰਵਿੰਦ ਮਲਹੋਤਰਾ ਦੀ ਹਾਈ ਕੋਰਟ ਵਿਚ ਤਰੱਕੀ ਲਈ ਉਨ੍ਹਾਂ ਦੇ ਨਾਵਾਂ 'ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

ਸੁਣਵਾਈ ਦੌਰਾਨ ਦੋਵਾਂ ਜੱਜਾਂ ਵੱਲੋਂ ਪੇਸ਼ ਹੋਏ ਵਕੀਲ ਨੇ 4 ਜਨਵਰੀ ਦੇ ਸੁਪਰੀਮ ਕੋਰਟ ਕਾਲਜੀਅਮ ਦੇ ਮਤੇ ਅਤੇ ਉਸ ਤੋਂ ਬਾਅਦ ਕੇਂਦਰੀ ਕਾਨੂੰਨ ਤੇ ਨਿਆਂ ਮੰਤਰਾਲੇ ਵੱਲੋਂ ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੂੰ ਭੇਜੇ ਪੱਤਰ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਤਾਬਕ ਹਾਈ ਕੋਰਟ ਕਾਲੇਜੀਅਮ ਵਲੋਂ ਪਟੀਸ਼ਨਰਾਂ ਦੇ ਨਾਵਾਂ 'ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ।


author

Tanu

Content Editor

Related News