ਮਰਨ ਵਰਤ ''ਤੇ ਬੈਠੇ ਜਗਜੀਤ ਡੱਲੇਵਾਲ ਲਈ ਸੁਪਰੀਮ ਕੋਰਟ ਨੇ ਜਾਰੀ ਕੀਤੇ ਇਹ ਹੁਕਮ
Friday, Dec 13, 2024 - 02:06 PM (IST)
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਕਿਸਾਨ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ 'ਤੇ ਚਿੰਤਾ ਜ਼ਾਹਰ ਕੀਤੀ, ਜੋ 17 ਦਿਨਾਂ ਤੋਂ ਖਨੌਰੀ ਬਾਰਡਰ 'ਤੇ ਮਰਨ ਤੱਕ ਭੁੱਖ ਹੜਤਾਲ 'ਤੇ ਹਨ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਵਲ ਭੂਈਆਂ ਦੀ ਬੈਂਚ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਨਿਰਦੇਸ਼ ਦਿੱਤਾ ਕਿ ਡੱਲੇਵਾਲ ਨੂੰ ਤੁਰੰਤ ਮਿਲੋ, ਉਨ੍ਹਾਂ ਨੂੰ ਮੈਡੀਕਲ ਸਹਾਇਤਾ ਉਪਲੱਬਧ ਕਰਾਓ ਅਤੇ ਉਨ੍ਹਾਂ ਮਰਨ ਤੱਕ ਭੁੱਖ ਹੜਤਾਲ ਤੋੜਨ ਲਈ ਰਾਜ਼ੀ ਕਰੋ ਕਿਉਂਕਿ ਉਨ੍ਹਾਂ ਦੀ ਜ਼ਿੰਦਗੀ ਬਹੁਤ ਕੀਮਤੀ ਹੈ।
ਡੱਲੇਵਾਲ ਦੀ ਭੁੱਖ ਹੜਤਾਲ ਨੂੰ ਕਰਵਾਓ ਖ਼ਤਮ: ਸੁਪਰੀਮ ਕੋਰਟ
ਬੈਂਚ ਨੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ, ਪੰਜਾਬ ਸਰਕਾਰ ਅਤੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੂੰ ਸੁਚੇਤ ਕਰਦਿਆਂ ਇਹ ਯਕੀਨੀ ਕਰਨ ਨੂੰ ਕਿਹਾ ਕਿ ਡੱਲੇਵਾਲ ਦੇ ਮਰਨ ਤੱਕ ਭੁੱਖ ਹੜਤਾਲ ਨੂੰ ਖ਼ਤਮ ਕਰਨ ਲਈ ਉਨ੍ਹਾਂ ਖਿਲਾਫ਼ ਉਦੋਂ ਤੱਕ ਕੋਈ ਤਾਕਤ ਨਾ ਵਰਤੀ ਜਾਵੇ, ਜਦੋਂ ਤੱਕ ਕਿ ਉਨ੍ਹਾਂ ਦੀ ਜਾਨ ਬਚਾਉਣਾ ਜ਼ਰੂਰੀ ਨਾ ਹੋਵੇ। ਬੈਂਚ ਨੇ ਮਹਿਤਾ ਅਤੇ ਗੁਰਮਿੰਦਰ ਸਿੰਘ ਨੂੰ ਕਿਹਾ ਕਿ ਤੁਸੀਂ ਦੋਵੇਂ ਇਸ ਮੁੱਦੇ 'ਤੇ ਤੁਰੰਤ ਗੌਰ ਕਰੋ ਅਤੇ ਯਕੀਨੀ ਕਰੋ ਕਿ ਇਸ ਦਾ ਹੱਲ ਹੋ ਜਾਵੇ।
ਬੈਂਚ ਨੇ ਦਿੱਤੀ ਇਹ ਸਲਾਹ
ਬੈਂਚ ਨੇ ਸਲਾਹ ਦਿੱਤੀ ਕਿ ਜੇਕਰ ਲੋੜ ਪਈ ਤਾਂ ਡੱਲੇਵਾਲ ਨੂੰ ਤੁਰੰਤ ਡਾਕਟਰੀ ਇਲਾਜ ਲਈ ਪੀ. ਜੀ.ਆਈ (ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ) ਚੰਡੀਗੜ੍ਹ ਜਾਂ ਨੇੜਲੇ ਪਟਿਆਲਾ ਸ਼ਹਿਰ ਵਿਚ ਤਬਦੀਲ ਕੀਤਾ ਜਾ ਸਕਦਾ ਹੈ। ਬੈਂਚ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਗਾਂਧੀਵਾਦੀ ਢੰਗ ਨਾਲ ਪ੍ਰਦਰਸ਼ਨ ਕਰਨ ਅਤੇ ਇਸ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰਨ ਜਾਂ ਹਾਈਵੇਅ ਤੋਂ ਪਿੱਛੇ ਹਟਣ ਲਈ ਕਿਹਾ ਅਤੇ ਸੁਪਰੀਮ ਕੋਰਟ ਵਲੋਂ ਗਠਿਤ ਉੱਚ ਪੱਧਰੀ ਕਮੇਟੀ ਨੂੰ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਕਿਹਾ।
26 ਨਵੰਬਰ ਤੋਂ ਭੁੱਖ ਹੜਤਾਲ 'ਤੇ ਹਨ ਡੱਲੇਵਾਲ
ਡੱਲੇਵਾਲ 26 ਨਵੰਬਰ ਤੋਂ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਅੰਦੋਲਨਕਾਰੀ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੇਂਦਰ 'ਤੇ ਦਬਾਅ ਬਣਾਉਣ ਲਈ ਮਰਨ ਵਰਤ 'ਤੇ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਨੇ 13 ਫਰਵਰੀ ਤੋਂ ਪੰਜਾਬ ਅਤੇ ਹਰਿਆਣਾ ਦੀ ਸਰਹੱਦ 'ਤੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਡੇਰੇ ਲਾਏ ਹੋਏ ਹਨ ਜਦੋਂ ਸੁਰੱਖਿਆ ਬਲਾਂ ਵੱਲੋਂ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਰੋਕ ਦਿੱਤਾ ਗਿਆ ਸੀ।