ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ 'ਤੇ ਰੁਖ਼ ਸਾਫ਼ ਕਰੇ ਕੇਂਦਰ, ਫ਼ੈਸਲੇ 'ਚ ਦੇਰੀ 'ਤੇ ਸੁਪਰੀਮ ਕੋਰਟ ਨੇ ਜਤਾਈ ਨਾਰਾਜ਼ਗੀ

Friday, Feb 17, 2023 - 04:21 PM (IST)

ਨਵੀਂ ਦਿੱਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ। ਇਸ ਮਾਮਲੇ 'ਚ ਰਾਜੋਆਣਾ ਨੇ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਅਰਜ਼ੀ ਲਗਾਈ ਸੀ। ਰਾਜੋਆਣਾ ਦੀ ਇਸ ਅਰਜ਼ੀ 'ਤੇ ਕੇਂਦਰ ਸਰਕਾਰ ਨੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਹੈ। ਕੋਰਟ ਨੇ ਕੇਂਦਰ ਸਰਕਾਰ ਵਲੋਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੇ ਮਾਮਲੇ 'ਚ ਅਜੇ ਤੱਕ ਫ਼ੈਸਲਾ ਨਹੀਂ ਲਏ ਜਾਣ 'ਤੇ ਨਾਰਾਜ਼ਗੀ ਜਤਾਈ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਫਾਂਸੀ ਦੀ ਸਜ਼ਾ ਪਾਏ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ 'ਤੇ ਫ਼ੈਸਲਾ ਲਵੋ। ਕੋਰਟ 'ਚ ਮਾਮਲੇ ਦੀ ਸੁਣਵਾਈ ਦੇ ਸਮੇਂ ਕੇਂਦਰ ਸਰਕਾਰ ਵਲੋਂ ਕੋਈ ਵਕੀਲ ਵੀ ਪੇਸ਼ ਨਹੀਂ ਹੋਇਆ। ਸੁਪਰੀਮ ਕੋਰਟ ਨੇ ਇਸ 'ਤੇ ਵੀ ਨਾਰਾਜ਼ਗੀ ਜਤਾਈ ਅਤੇ ਕੇਂਦਰ ਸਰਕਾਰ ਤੋਂ ਆਪਣਾ ਰੁਖ ਸਾਫ਼ ਕਰਨ ਲਈ ਕਿਹਾ। 

ਇਹ ਵੀ ਪੜ੍ਹੋ : ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਜਲਦ ਫ਼ੈਸਲਾ ਲੈਣ ਦੀ ਤਾਕੀਦ

ਸੁਣਵਾਈ ਦੌਰਾਨ ਸਰਕਾਰ ਵਲੋਂ ਕਿਸੇ ਵਕੀਲ ਦੇ ਪੇਸ਼ ਨਾ ਹੋਣ ਕਾਰਨ ਸੁਪਰੀਮ ਕੋਰਟ ਨੂੰ ਮਾਮਲੇ ਦੀ ਸੁਣਵਾਈ ਟਾਲਣੀ ਪਈ। ਹੁਣ ਸੁਪਰੀਮ ਕੋਰਟ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ 22 ਫਰਵਰੀ ਨੂੰ ਸੁਣਵਾਈ ਕਰੇਗਾ। ਦੱਸਣਯੋਗ ਹੈ ਕਿ ਪੰਜਾਬ ਪੁਲਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਨੂੰ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਇਕ ਧਮਾਕੇ 'ਚ ਸ਼ਾਮਲ ਹੋਣ ਦਾ ਦੋਸ਼ੀ ਠਹਿਰਾਇਆ ਗਿਆ ਸੀ। ਇਸ ਵਿਸਫ਼ੋਟ 'ਚ ਬੇਅੰਤ ਸਿੰਘ ਅਤੇ 16 ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਸਰਵਉੱਚ ਅਦਾਲਤ ਰਾਜੋਆਣਾ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਹੈ, ਜਿਸ 'ਚ ਉਸ ਨੇ ਇਸ ਆਧਾਰ 'ਤੇ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਅਪੀਲ ਕੀਤੀ ਹੈ ਕਿ ਉਹ 26 ਸਾਲ ਤੋਂ ਜੇਲ੍ਹ 'ਚ ਹੈ। ਜੁਲਾਈ 2007 'ਚ ਇਕ ਵਿਸ਼ੇਸ਼ ਅਦਾਲਤ ਨੇ ਬੇਅੰਤ ਸਿੰਘ ਕਤਲ ਮਾਮਲੇ 'ਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News