ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ ''ਚ ਸੁਣਵਾਈ ''ਤੇ SC ਨੇ ਜਤਾਈ ਸਹਿਮਤੀ
Friday, Oct 16, 2026 - 05:32 PM (IST)
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉਸ ਅਰਜ਼ੀ 'ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ, ਜਿਸ 'ਚ ਦੋਸ਼ ਲਗਾਇਆ ਗਿਆ ਹੈ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ 12 ਅਕਤੂਬਰ ਨੂੰ ਮਾਰਚ ਦੌਰਾਨ ਕੋਰਟ ਕੰਪਲੈਕਸ 'ਚ ਇੱਕ 3 ਮਹੀਨੇ ਦੀ ਗਰਭਵਤੀ ਮਹਿਲਾ ਪੱਤਰਕਾਰ ਨੂੰ ਧੱਕਾ ਮਾਰਿਆ ਸੀ।
ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਦੀ ਬੈਂਚ ਅੱਗੇ ਸੀਨੀਅਰ ਵਕੀਲ ਗੌਰਵ ਭਾਟੀਆ ਦੁਆਰਾ ਇਸ ਮਾਮਲੇ ਦਾ ਜ਼ਿਕਰ ਕੀਤਾ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਇਸ 'ਤੇ 26 ਜਾਂ 27 ਅਕਤੂਬਰ ਨੂੰ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ।
ਸੀਨੀਅਰ ਵਕੀਲ ਗੌਰਵ ਭਾਟੀਆ ਨੇ ਦਲੀਲ ਦਿੱਤੀ ਕਿ 12 ਅਕਤੂਬਰ ਨੂੰ ਸੁਪਰੀਮ ਕੋਰਟ ਕੰਪਲੈਕਸ 'ਚ ਪ੍ਰਦਰਸ਼ਨ ਦੌਰਾਨ ਰਾਹੁਲ ਗਾਂਧੀ ਵੱਲੋਂ ਧੱਕਾ ਦਿੱਤੇ ਜਾਣ ਕਾਰਨ 3 ਮਹੀਨੇ ਦੀ ਗਰਭਵਤੀ ਮਹਿਲਾ ਪੱਤਰਕਾਰ ਦੀ ਹਾਲਤ ਵਿਗੜ ਗਈ ਅਤੇ ਉਸ ਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ।
ਜ਼ਿਕਰਯੋਗ ਹੈ ਕਿ 12 ਅਕਤੂਬਰ ਨੂੰ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਸਪਾ ਮੁਖੀ ਅਖਿਲੇਸ਼ ਯਾਦਵ ਅਤੇ ਹੋਰ ਵਿਰੋਧੀ ਨੇਤਾ ਦਿੱਲੀ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸਮੀਖਿਆ (SIR) 'ਚ ਹੋਈਆਂ ਕਥਿਤ ਗੜਬੜੀਆਂ ਖ਼ਿਲਾਫ਼ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਨ ਪਹੁੰਚੇ ਸੀ। ਵੀਰਵਾਰ ਨੂੰ ਹੀ ਸੁਪਰੀਮ ਕੋਰਟ ਨੇ 12 ਅਕਤੂਬਰ ਦੇ ਮਾਰਚ ਦੇ ਵਿਰੋਧ 'ਚ ਦਾਇਰ ਮੁੱਖ ਪਟੀਸ਼ਨ 'ਤੇ ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ, ਅਖਿਲੇਸ਼ ਯਾਦਵ ਅਤੇ ਕਾਂਗਰਸ ਪਾਰਟੀ ਨੂੰ ਨੋਟਿਸ ਜਾਰੀ ਕੀਤਾ ਸੀ।
ਇਸ ਤੋਂ ਇਲਾਵਾ, ਸੁਪਰੀਮ ਕੋਰਟ ਨੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਅਧਿਕਾਰੀ ਨਾਲ ਕਥਿਤ ਟਿੱਪਣੀ ਦੇ ਮਾਮਲੇ 'ਚ ਇੱਕ ਮਹਿਲਾ ਪੱਤਰਕਾਰ ਖ਼ਿਲਾਫ਼ ਕਾਰਵਾਈ 'ਤੇ ਰੋਕ ਵੀ ਲਗਾਈ ਹੋਈ ਹੈ। ਹੁਣ ਅਦਾਲਤ 26-27 ਅਕਤੂਬਰ ਨੂੰ ਗਰਭਵਤੀ ਪੱਤਰਕਾਰ ਨਾਲ ਹੋਏ ਕਥਿਤ ਦੁਰਵਿਵਹਾਰ ਦੇ ਮਾਮਲੇ 'ਚ ਦਾਇਰ ਅਰਜ਼ੀ 'ਤੇ ਅਗਲੀ ਸੁਣਵਾਈ ਕਰੇਗੀ।
