ਸੁਪਰੀਮ ਕੋਰਟ ਨੇ ਸਿਸੋਦੀਆ ਦੀਆਂ ਜ਼ਮਾਨਤ ਪਟੀਸ਼ਨਾਂ ''ਤੇ CBI, ED ਤੋਂ ਮੰਗਿਆ ਜਵਾਬ
Tuesday, Jul 16, 2024 - 12:47 PM (IST)
ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਦਿੱਲੀ ਆਬਕਾਰੀ ਨੀਤੀ 'ਚ ਘਪਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ 'ਚ, ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੇਣ ਦੀ ਅਪੀਲ ਕਰਨ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਕਰਨ ਲਈ ਮੰਗਲਵਾਰ ਨੂੰ ਸਹਿਮਤ ਹੋ ਗਿਆ। ਜੱਜ ਬੀ.ਆਰ. ਗਵਈ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਸਿਸੋਦੀਆ ਦੀਆਂ ਪਟੀਸ਼ਨਾਂ 'ਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਤੋਂ ਜਵਾਬ ਮੰਗਿਆ ਅਤੇ ਮਾਮਲੇ ਦੀ ਅਗਲੀ ਸੁਣਵਾਈ ਲਈ 29 ਜੁਲਾਈ ਦੀ ਤਾਰੀਖ਼ ਤੈਅ ਕਰ ਦਿੱਤੀ।
ਬੈਂਚ 'ਚ ਜੱਜ ਸੰਜੇ ਕਰੋਲ ਅਤੇ ਜੱਜ ਕੇ.ਵੀ. ਵਿਸ਼ਨਾਥਨ ਵੀ ਸ਼ਾਮਲ ਹਨ। ਬੈਂਚ ਜ਼ਮਾਨਤ ਦੇਣ ਦੀ ਅਪੀਲ ਕਰਨ ਵਾਲੀ ਸਿਸੋਦੀਆ ਦੀਆਂ ਪਟੀਸ਼ਨਾਂ ਨਾਲ ਹੀ ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ 'ਚ ਉਨ੍ਹਾਂ ਦੀਆਂ ਪਟੀਸ਼ਨਾਂ 'ਤੇ ਮੁੜ ਵਿਚਾਰ ਕਰਨ ਦੀ ਅਪੀਲ 'ਤੇ ਵੀ ਸੁਣਵਾਈ ਕਰ ਰਹੀ ਹੈ। ਸੀ.ਬੀ.ਆਈ. ਨੇ ਸ਼ਰਾਬ ਨੀਤੀ ਮਾਮਲੇ 'ਚ ਸਿਸੋਦੀਆ ਦੀ ਭੂਮਿਕਾ ਲਈ 26 ਫਰਵਰੀ 2023 ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਨੇ ਸੀ.ਬੀ.ਆਈ. ਦੀ ਸ਼ਿਕਾਇਤ ਤੋਂ ਨਿਕਲੇ ਮਨੀ ਲਾਂਡਰਿੰਗ ਦੇ ਮਾਮਲੇ 'ਚ 9 ਮਾਰਚ 2023 ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਨੇ ਪਿਛਲੇ ਸਾਲ 28 ਫਰਵਰੀ ਨੂੰ ਦਿੱਲੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਤਿਆਰ ਕਰਨ ਅਤੇ ਉਸ ਨੂੰ ਲਾਗੂ ਕਰਨ 'ਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸੰਬੰਧਤ ਹੈ। ਇਸ ਨੀਤੀ ਨੂੰ ਹੁਣ ਰੱਦ ਕੀਤਾ ਜਾ ਚੁੱਕਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e