ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰੀ ਕਰਨ ਦਾ ਫੈਸਲਾ ਬਰਕਰਾਰ
Wednesday, Jan 10, 2024 - 08:04 PM (IST)
ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਬਰਕਰਾਰ ਰੱਖਿਆ ਹੈ, ਜਿਸ ਵਿਚ ਹੱਤਿਆ ਦੇ ਇਕ ਮਾਮਲੇ ਵਿਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰੀ ਕੀਤੇ ਜਾਣ ਖਿਲਾਫ 2004 ਵਿਚ ਉੱਤਰ ਪ੍ਰਦੇਸ਼ ਸਰਕਾਰ ਵਲੋਂ ਦਾਇਰ ਅਪੀਲ ਨੂੰ ਖਾਰਿਜ ਕਰ ਦਿੱਤਾ ਗਿਆ ਸੀ। ਮਾਮਲਾ ਸਾਲ 2000 ਵਿਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲੇ ਵਿਚ ਪ੍ਰਭਾਤ ਗੁਪਤਾ ਦੀ ਹੱਤਿਆ ਨਾਲ ਸਬੰਧਤ ਹੈ।
ਜਸਟਿਸ ਬੇਲਾ ਐੱਮ. ਤ੍ਰਿਵੇਦੀ ਅਤੇ ਜਸਟਿਸ ਪੰਕਜ ਮਿਥਲ ਦੀ ਸਰਵਉੱਚ ਅਦਾਲਤ ਦੇ ਬੈਂਚ ਨੇ ਕਿਹਾ ਕਿ ਉਹ ਹਾਈ ਕੋਰਟ ਅਤੇ ਹੇਠਲੀ ਅਦਾਲਤ ਦੇ ਲਖਨਊ ਬੈਂਚ ਦੇ ਨਤੀਜਿਆਂ ਵਿਚ ਦਖਲ ਦੇਣ ਲਈ ਤਿਆਰ ਨਹੀਂ ਹੈ। ਬੈਂਚ ਨੇ 8 ਜਨਵਰੀ ਨੂੰ ਸੁਣਾਏ ਆਪਣੇ ਹੁਕਮ ਵਿਚ ਕਿਹਾ ਕਿ ਪਟੀਸ਼ਨਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੂੰ ਵਿਸਥਾਰ ਨਾਲ ਸੁਣਨ ਤੋਂ ਬਾਅਦ ਅਤੇ ਰਿਕਾਰਡ ਵਿਚ ਰੱਖੀ ਗਈ ਸਮੱਗਰੀ ਨੂੰ ਘੋਖਣ ਤੋਂ ਬਾਅਦ ਅਸੀਂ ਦੋਵਾਂ ਅਦਾਲਤਾਂ ਦੇ ਨਤੀਜਿਆਂ ਵਿਚ ਦਖਲ ਦੇਣ ਲਈ ਤਿਆਰ ਨਹੀਂ ਹਾਂ। ਇਸ ਲਈ ਸਪੈਸ਼ਲ ਲੀਵ ਪਟੀਸ਼ਨਾਂ ਨੂੰ ਖਾਰਜ ਕੀਤਾ ਜਾਂਦਾ ਹੈ।