''ਅਗਨੀਪਥ'' ਹਿੰਸਾ ਮਾਮਲਾ: ਫਰੀਦਾਬਾਦ ''ਚ ਵੀ ਧਾਰਾ 144 ਲਾਗੂ, ਹਿੰਸਾ ਕਰਨ ਵਾਲਿਆਂ ''ਤੇ CCTV ਦੀ ਨਜ਼ਰ
Friday, Jun 17, 2022 - 12:49 AM (IST)
ਫਰੀਦਾਬਾਦ (ਪੂਜਾ) : ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਲੈ ਕੇ ਪਲਵਲ 'ਚ ਹੋਈ ਹਿੰਸਾ 'ਤੇ ਕਾਬੂ ਪਾਉਣ ਲਈ ਤਿੰਨ ਜ਼ਿਲ੍ਹਿਆਂ ਦੀ ਪੁਲਸ ਨੂੰ ਕਈ ਘੰਟੇ ਜੱਦੋ-ਜਹਿਦ ਕਰਨੀ ਪਈ। ਇਸ ਸਬੰਧੀ ਜਿੱਥੇ ਪਲਵਲ 'ਚ ਇੰਟਰਨੈੱਟ ਸੇਵਾ ਬੰਦ ਕਰਕੇ ਪਹਿਲਾਂ ਹੀ ਧਾਰਾ 144 ਲਾਗੂ ਕੀਤੀ ਗਈ ਸੀ, ਉੱਥੇ ਹੀ ਹੁਣ ਫਰੀਦਾਬਾਦ 'ਚ ਵੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਸ ਕਮਿਸ਼ਨਰ ਨੇ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਪੁਲਸ ਦੰਗਾਕਾਰੀਆਂ ਨਾਲ ਸਖ਼ਤੀ ਨਾਲ ਨਜਿੱਠੇਗੀ ਅਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਸ਼ਰਾਰਤੀ ਅਨਸਰਾਂ ਨਾਲ ਨਜਿੱਠਣ ਲਈ ਜ਼ਿਲ੍ਹੇ 'ਚ ਸੰਵੇਦਨਸ਼ੀਲ ਥਾਵਾਂ ’ਤੇ ਕੈਮਰੇ ਲਗਾ ਕੇ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅਗਨੀਪਥ ਯੋਜਨਾ: ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਇਸ ਸਾਲ ਭਰਤੀ ਦੀ ਉਮਰ ਕੀਤੀ 23 ਸਾਲ
ਸੀ.ਸੀ.ਟੀ.ਵੀ. ਕੈਮਰਿਆਂ ਨਾਲ ਸ਼ਹਿਰ ਦੇ ਹਰ ਕੋਨੇ 'ਤੇ ਨਜ਼ਰ ਰੱਖ ਰਹੀ ਪੁਲਸ
ਪੁਲਸ ਬੁਲਾਰੇ ਸੂਬਾ ਸਿੰਘ ਨੇ ਦੱਸਿਆ ਕਿ ਸਾਰੀਆਂ ਅਹਿਮ ਥਾਵਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਚੁੱਕੇ ਹਨ। ਜੇਕਰ ਕੋਈ ਵਿਅਕਤੀ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਂਦਾ ਹੈ ਤਾਂ ਸੀ.ਸੀ.ਟੀ.ਵੀ. ਫੁਟੇਜ ਅਤੇ ਵੀਡੀਓਗ੍ਰਾਫੀ ਰਾਹੀਂ ਭੰਨਤੋੜ ਜਾਂ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਸ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਨੈਸ਼ਨਲ ਹਾਈਵੇਅ ਨੂੰ ਕਿਸੇ ਵੀ ਹਾਲਤ ਵਿੱਚ ਜਾਮ ਨਹੀਂ ਹੋਣ ਦਿੱਤਾ ਜਾਵੇਗਾ ਤੇ ਜੇਕਰ ਕੋਈ ਨੈਸ਼ਨਲ ਹਾਈਵੇਅ ਜਾਮ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਵਿਰੁੱਧ ਨੈਸ਼ਨਲ ਹਾਈਵੇਅ ਐਕਟ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ, ਜਿਸ ਵਿੱਚ 5 ਸਾਲ ਤੱਕ ਕੈਦ ਦੀ ਸਜ਼ਾ ਹੋਵੇਗੀ। ਸਾਰੇ ਡੀ.ਸੀ.ਪੀ., ਏ.ਸੀ.ਪੀਜ਼ ਅਤੇ ਸਟੇਸ਼ਨ ਤੇ ਚੌਕੀ ਇੰਚਾਰਜਾਂ ਨੂੰ ਸੰਵੇਦਨਸ਼ੀਲ ਥਾਵਾਂ 'ਤੇ ਲਗਾਤਾਰ ਪੁਲਸ ਗਸ਼ਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਤਹਿਤ ਪੁਲਸ ਸ਼ਹਿਰ 'ਚ ਹਰ ਥਾਂ ਮੌਜੂਦ ਰਹੇਗੀ ਅਤੇ ਕਿਸੇ ਵੀ ਤਰ੍ਹਾਂ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਇਹ ਵੀ ਪੜ੍ਹੋ : ਸੜਕ 'ਤੇ ਗਲਤ ਤਰੀਕੇ ਨਾਲ ਖੜ੍ਹੀ ਕੀਤੀ ਗੱਡੀ ਦੀ ਫੋਟੋ ਭੇਜਣ ਵਾਲੇ ਨੂੰ ਮਿਲੇਗਾ 500 ਰੁਪਏ ਦਾ ਇਨਾਮ : ਗਡਕਰੀ
ਪੁਲਸ ਕਮਿਸ਼ਨਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਦੇ ਬਹਿਕਾਵੇ 'ਚ ਨਾ ਆਉਣ। ਕੁਝ ਲੋਕ ਆਪਣੇ ਮਕਸਦ ਲਈ ਲੋਕਾਂ ਨੂੰ ਭੜਕਾਉਂਦੇ ਹਨ, ਜਿਸ ਨਾਲ ਹਿੰਸਕ ਪ੍ਰਸਥਿਤੀਆਂ ਪੈਦਾ ਹੋ ਜਾਂਦੀਆਂ ਹਨ। ਅਜਿਹੇ 'ਚ ਇਕ ਨਿਰਦੋਸ਼ ਵਿਅਕਤੀ ਨੂੰ ਨੁਕਸਾਨ ਪਹੁੰਚਾਇਆ ਜਾਂਦਾ ਹੈ ਅਤੇ ਜਨਤਕ ਜਾਇਦਾਦ ਨੂੰ ਵੀ ਤਬਾਹ ਕੀਤਾ ਜਾਂਦਾ ਹੈ। ਫਰੀਦਾਬਾਦ ਪੁਲਸ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਦੇ ਸਮਰੱਥ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਲਈ ਸਾਰਿਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸ਼ਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਫਰੀਦਾਬਾਦ ਪੁਲਸ ਦਾ ਸਹਿਯੋਗ ਕਰਨ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ