ਸ਼ਹੀਦੀ ਨਗਰ ਕੀਰਤਨ ਮੰਡਲਾਂ ਮੱਧ ਪ੍ਰਦੇਸ਼ ਤੋਂ ਬਿਲਾਸਪੁਰ ਛੱਤੀਸਗੜ੍ਹ ਲਈ ਰਵਾਨਾ

Thursday, Sep 18, 2025 - 12:21 AM (IST)

ਸ਼ਹੀਦੀ ਨਗਰ ਕੀਰਤਨ ਮੰਡਲਾਂ ਮੱਧ ਪ੍ਰਦੇਸ਼ ਤੋਂ ਬਿਲਾਸਪੁਰ ਛੱਤੀਸਗੜ੍ਹ ਲਈ ਰਵਾਨਾ

ਅੰਮ੍ਰਿਤਸਰ, (ਦੀਪਕ, ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ’ਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੰਡਲਾਂ ਤੋਂ ਬਿਲਾਸਪੁਰ ਛੱਤੀਸਗੜ੍ਹ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਵਲੋਂ ਉਚਰੀ ਗੁਰਬਾਣੀ ਬਾਰੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ।

PunjabKesari

ਇਸ ਮੌਕੇ ਮੈਂਬਰ ਪਾਰਲੀਮੈਂਟ ਫੱਗਨ ਸਿੰਘ ਕੁਲੱਸਤੇ ਤੇ ਪ੍ਰਫੁੱਲ ਮਿਸ਼ਰਾ ਕੁਲੈਕਟਰ ਵਲੋਂ ਵੀ ਨਗਰ ਕੀਰਤਨ ਵਿਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਬੰਧਕਾਂ ਵਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

PunjabKesari

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਇੰਚਾਰਜ ਪਲਵਿੰਦਰ ਸਿੰਘ, ਸਰਬਜੀਤ ਸਿੰਘ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ, ਅਮਰਜੀਤ ਸਿੰਘ ਜਿੰਦਵੜੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਮਨਜੀਤ ਸਿੰਘ, ਸਕੱਤਰ ਸੁਰਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।


author

Rakesh

Content Editor

Related News