ਸ਼ਾਹੀਨ ਬਾਗ : ਸੁਪਰੀਮ ਕੋਰਟ ਨੇ ਕਿਹਾ ਫਿਲਹਾਲ ਦਖਲਅੰਦਾਜ਼ੀ ਨਹੀਂ ਕਰਾਂਗੇ
Wednesday, Feb 26, 2020 - 11:59 AM (IST)
ਨਵੀਂ ਦਿੱਲੀ— ਸ਼ਾਹੀਨ ਬਾਗ ’ਚ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨੂੰ ਲੈ ਕੇ ਪਿਛਲੇ 2 ਮਹੀਨਿਆਂ ਤੋਂ ਵਧ ਦਿਨਾਂ ਤੋਂ ਚੱਲ ਰਹੇ ਧਰਨਾ ਪ੍ਰਦਰਸ਼ਨ ਨੂੰ ਲੈ ਕੇ ਬੁੱਧਵਾਰ ਨੂੰ ਇਕ ਵਾਰ ਫਿਰ ਸੁਣਵਾਈ ਹੋਈ ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਫਿਲਹਾਲ ਇਸ ਮਾਮਲੇ ’ਚ ਦਖਲਅੰਦਾਜ਼ੀ ਨਹੀਂ ਕਰਾਂਗੇ। ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 23 ਮਾਰਚ ਦੀ ਤਰੀਕ ਤੈਅ ਕੀਤੀ ਹੈ। ਸੁਣਵਾਈ ਦੌਰਾਨ ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਹਾਈ ਕੋਰਟ ਨੇ ਹਿੰਸਾ ਨਾਲ ਜੁੜੀਆਂ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਹੈ। ਇਸ ’ਤੇ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਹਿੰਸਾ ਨਾਲ ਜੁੜੀਆਂ ਪਟੀਸ਼ਨਾਂ ’ਤੇ ਵਿਚਾਰ ਕਰ ਕੇ ਸ਼ਾਹੀਨ ਬਾਗ ਪ੍ਰਦਰਸ਼ਨਾਂ ਦੇ ਸੰਬੰਧ ’ਚ ਦਾਇਰ ਕੀਤੀ ਗਈਆਂ ਪਟੀਸ਼ਨਾਂ ਦਾ ਦਾਇਰੇ ’ਚ ਵਿਸਥਾਰ ਨਹੀਂ ਕਰੇਗਾ।
ਸੁਪਰੀਮ ਕੋਰਟ ਨੇ ਦਿੱਲੀ ’ਚ ਹਿੰਸਾ ਦੀਆਂ ਘਟਨਾਵਾਂ ਨੂੰ ਮੰਦਭਾਗੀ ਦੱਸਿਆ ਪਰ ਉਸ ਨਾਲ ਸੰਬੰਧਤ ਪਟੀਸ਼ਨਾਂ ’ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਵਾਰਤਾਕਾਰਾਂ ਨੇ ਪੂਰੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਸਫ਼ਲਤਾ ਨਹੀਂ ਮਿਲੀ। ਸੁਪਰੀਮ ਕੋਰਟ ਨੇ ਕਿਹਾ ਕਿ ਸਾਡੇ ਕੋਲ ਸਿਰਫ਼ ਇਕ ਮਾਮਲਾ ਹੈ, ਸ਼ਾਹੀਨ ਬਾਗ ’ਚ ਰਸਤਾ ਖੁੱਲ੍ਹਵਾਉਣ ਨੂੰ ਲੈ ਕੇ, ਅਸੀਂ ਵਾਰਤਾਕਾਰ ਭੇਜੇ ਸਨ, ਜਿਨ੍ਹਾਂ ਨੇ ਸਾਨੂੰ ਰਿਪੋਰਟ ਸੌਂਪੀ ਹੈ। ਸੁਪਰੀਮ ਕੋਰਟ ਨੇ ਦਿੱਲੀ ਹਿੰਸਾ ਨਾਲ ਸੰਬੰਧਤ ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਕਿਹਾ ਕਿ ਹਾਈ ਕੋਰਟ ਇਸ ਮਾਮਲੇ ’ਤੇ ਵਿਚਾਰ ਕਰੇਗਾ। ਕੋਰਟ ਨੇ ਕਿਹਾ ਕਿ ਮਾਹੌਲ ਸ਼ਾਂਤੀਪੂਰਨ ਰਹੇ, ਇਹ ਯਕੀਨੀ ਕਰਨਾ ਕਾਨੂੰਨ ਲਾਗੂ ਕਰਨ ਵਾਲੇ ਪ੍ਰਸ਼ਾਸਨ ਦਾ ਕੰਮ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਸੁਣਵਾਈ ਹੋਈ ਸੀ। ਉਸ ਦਿਨ ਕੋਰਟ ਵਲੋਂ ਨਿਯੁਕਤ ਦੋਵੇਂ ਵਾਰਤਾਕਾਰਾਂ ਸੰਜੇ ਹੇਗੜੇ ਅਤੇ ਸਾਧਨਾ ਰਾਮਚੰਦਰਨ ਨੇ ਆਪਣੀੇ ਰਿਪੋਰਟ ਸੀਲਬੰਦ ਲਿਫਾਫੇ ’ਚ ਦਾਖਲ ਕੀਤੀ ਸੀ।