CM ਸ਼ਿਵਕੁਮਾਰ ਨੇ ਅਹੁਦਾ ਸੰਭਾਲਦਿਆਂ ਹੀ ਵਿਦਿਆਰਥੀਆਂ ਤੇ ਨੌਜਵਾਨਾਂ ਲਈ ਕੀਤੇ ਵੱਡੇ ਐਲਾਨ

Thursday, Jun 04, 2026 - 02:28 AM (IST)

CM ਸ਼ਿਵਕੁਮਾਰ ਨੇ ਅਹੁਦਾ ਸੰਭਾਲਦਿਆਂ ਹੀ ਵਿਦਿਆਰਥੀਆਂ ਤੇ ਨੌਜਵਾਨਾਂ ਲਈ ਕੀਤੇ ਵੱਡੇ ਐਲਾਨ

ਬੰਗਲੁਰੂ : ਕਰਨਾਟਕ ਦੇ ਨਵੇਂ ਬਣੇ ਮੁੱਖ ਮੰਤਰੀ ਡੀ. ਕੇ. ਸ਼ਿਵਕੁਮਾਰ ਨੇ ਅਹੁਦਾ ਸੰਭਾਲਦਿਆਂ ਹੀ ਵਿਦਿਆਰਥੀਆਂ ਅਤੇ ਨੌਜਵਾਨਾਂ ਲਈ ਭਲਾਈ ਸਕੀਮਾਂ ਦਾ ਪਿਟਾਰਾ ਖੋਲ੍ਹ ਦਿੱਤਾ ਹੈ। ਆਪਣੀ ਪਹਿਲੀ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਉਨ੍ਹਾਂ ਨੇ ਵਿਦਿਆਰਥੀਆਂ ਲਈ ਮੁਫ਼ਤ ਬੱਸ ਪਾਸ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਕਈ ਅਹਿਮ ਫੈਸਲੇ ਲਏ ਹਨ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬੇ ਦੇ ਸਾਰੇ ਵਿਦਿਆਰਥੀਆਂ ਨੂੰ, ਚਾਹੇ ਉਹ 10ਵੀਂ, 11ਵੀਂ-12ਵੀਂ ਵਿੱਚ ਹੋਣ ਜਾਂ ਡਿਗਰੀ ਅਤੇ ਪੋਸਟ-ਗ੍ਰੈਜੂਏਸ਼ਨ (PG) ਦੇ ਕੋਰਸ ਕਰ ਰਹੇ ਹੋਣ, ਉਨ੍ਹਾਂ ਨੂੰ ਗੈਰ-ਲਗਜ਼ਰੀ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਲਈ ਪਾਸ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਹੂਲਤ ਲਈ ਵਿਦਿਆਰਥੀਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ।

ਰੁਜ਼ਗਾਰ ਦੇ ਮੁੱਦੇ 'ਤੇ ਬੋਲਦਿਆਂ ਸ਼ਿਵਕੁਮਾਰ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ 56,000 ਨੌਕਰੀਆਂ ਦਾ ਐਲਾਨ ਕਰ ਚੁੱਕੀ ਹੈ। ਅਗਲੀ ਕੈਬਨਿਟ ਮੀਟਿੰਗ ਤੱਕ ਸਾਰੇ ਵਿਭਾਗਾਂ ਨਾਲ ਤਾਲਮੇਲ ਕਰਕੇ ਇੱਕ ਵਿਸ਼ੇਸ਼ ਕੈਲੰਡਰ ਜਾਰੀ ਕੀਤਾ ਜਾਵੇਗਾ, ਜਿਸ ਵਿੱਚ ਨੌਕਰੀਆਂ ਦੀ ਨੋਟੀਫਿਕੇਸ਼ਨ ਅਤੇ ਭਰਤੀ ਪ੍ਰਕਿਰਿਆ ਸ਼ੁਰੂ ਹੋਣ ਦੀਆਂ ਤਰੀਕਾਂ ਦਾ ਵੇਰਵਾ ਦਿੱਤਾ ਜਾਵੇਗਾ।

ਨੌਜਵਾਨਾਂ ਦੀ ਮਦਦ ਲਈ ਸਰਕਾਰ ਸੂਬੇ ਵਿੱਚ ਨਿੱਜੀ ਰੁਜ਼ਗਾਰ ਐਕਸਚੇਂਜ ਸਥਾਪਤ ਕਰੇਗੀ, ਜਿੱਥੇ ਨੌਕਰੀ ਦੀ ਭਾਲ ਕਰਨ ਵਾਲੇ ਉਮੀਦਵਾਰ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣਗੇ। ਇਸ ਦੀ ਕਾਰਜਪ੍ਰਣਾਲੀ ਇੱਕ ਮਹੀਨੇ ਦੇ ਅੰਦਰ ਤੈਅ ਕਰ ਲਈ ਜਾਵੇਗੀ। ਇਸ ਦੇ ਨਾਲ ਹੀ ਸੂਬੇ ਵਿੱਚ 10,000 'ਭਾਰਤ ਜੋੜੋ ਯੂਥ ਐਸੋਸੀਏਸ਼ਨਾਂ' ਦਾ ਗਠਨ ਕਰਨ ਦਾ ਵੀ ਫੈਸਲਾ ਲਿਆ ਗਿਆ ਹੈ।
 


author

Inder Prajapati

Content Editor

Related News