ਸਿੱਖ ਭਾਈਚਾਰੇ ਲਈ ਮਨਜਿੰਦਰ ਸਿੰਘ ਸਿਰਸਾ ਨੇ ਅਮਿਤ ਸ਼ਾਹ ਅੱਗੇ ਚੁੱਕੀ ਇਹ ਮੰਗ

07/06/2020 2:24:05 PM

ਨਵੀਂ ਦਿੱਲੀ/ਜੰਮੂ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਇਕ ਮੰਗ ਰੱਖੀ ਹੈ। ਸਿਰਸਾ ਨੇ ਗ੍ਰਹਿ ਮੰਤਰੀ ਤੋਂ ਕੇਂਦਰ ਸ਼ਾਸਿਤ ਜੰਮੂ-ਕਸ਼ਮੀਰ ਲੋਕ ਸੇਵਾ ਕਮਿਸ਼ਨ 'ਚ ਸਿੱਖ ਭਾਈਚਾਰੇ ਨੂੰ ਉੱਚਿਤ ਨੁਮਾਇੰਦਗੀ ਪ੍ਰਦਾਨ ਕਰਨ ਦੀ ਮੰਗ ਕੀਤੀ ਹੈ। ਸਿਰਸਾ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਪਰੰਪਰਾ ਮੁਤਾਬਕ ਜੰਮੂ-ਕਸ਼ਮੀਰ ਲੋਕ ਸੇਵਾ 'ਚ ਸਿੱਖ ਭਾਈਚਾਰੇ ਦੇ ਇਕ ਮੈਂਬਰ ਨੂੰ ਨਾਮਜ਼ਦ ਕੀਤਾ ਜਾਂਦਾ ਰਿਹਾ ਹੈ ਪਰ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ 24 ਜੂਨ 2020 ਨੂੰ ਜਾਰੀ ਨੋਟੀਫ਼ਿਕੇਸ਼ਨ ਵਿਚ ਸਿੱਖ ਭਾਈਚਾਰੇ ਦੇ ਕਿਸੇ ਮੈਂਬਰ ਨੂੰ ਸ਼ਾਮਲ ਨਹੀਂ ਕੀਤਾ ਗਿਆ। ਜਿਸ ਕਾਰਨ ਇਸ ਭਾਈਚਾਰੇ ਵਿਚਗੁੱਸਾ ਹੈ। 

ਸਿਰਸਾ ਨੇ ਅੱਗੇ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਜੰਮੂ-ਕਸ਼ਮੀਰ ਵਿਚ ਸਾਲਾਂ ਤੋਂ ਰੋਜ਼ਗਾਰ, ਸਾਧਨ, ਰਿਜ਼ਰਵੇਸ਼ਨ ਅਤੇ ਘੱਟ ਗਿਣਤੀ ਦਾ ਦਰਜਾ ਪ੍ਰਦਾਨ ਕਰਨ ਵਿਚ ਸਿੱਖ ਭਾਈਚਾਰੇ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨੀ ਅੱਤਵਾਦੀਆਂ ਨੇ ਕਸ਼ਮੀਰ ਘਾਟੀ ਵਿਚ ਸਦੀਆਂ ਤੋਂ ਰਹਿ ਰਹੇ ਹਿੰਦੂ ਪਰਿਵਾਰਾਂ ਸਮੇਤ ਹੋਰ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਬੰਦੂਕ ਦੀ ਨੋਕ 'ਤੇ ਜ਼ਬਰਨ ਆਪਣੇ ਜੱਦੀ ਘਰਾਂ ਨੂੰ ਛੱਡਣ ਲਈ ਮਜਬੂਰ ਕਰ ਦਿੱਤਾ। ਇਸ ਵਜ੍ਹਾ ਕਰ ਕੇ ਲੱਖਾਂ ਲੋਕ ਬੇਘਰ ਹੋ ਕੇ ਸ਼ਰਣਾਰਥੀ ਬਣ ਗਏ ਸਨ। ਉੱਥੇ ਹੀ ਦੂਜੇ ਪਾਸੇ ਸਮੁੱਚੇ ਸਿੱਖ ਭਾਈਚਾਰੇ ਨੇ ਕਦੇ ਵੀ ਕਸ਼ਮੀਰ ਘਾਟੀ ਤੋਂ ਪਲਾਇਨ ਨਹੀਂ ਕੀਤਾ ਅਤੇ ਅੱਤਵਾਦੀਆਂ ਨਾਲ ਜਮ ਕੇ ਲੋਹਾ ਲਿਆ। ਉਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਨੂੰ ਚੁਣੌਤੀ ਦੇਣ ਵਾਲੇ ਵਿਘਨਕਾਰੀ ਤੱਤਾਂ ਨੂੰ ਕਰਾਰਾ ਜਵਾਬ ਦਿੱਤਾ। ਸਿਰਸਾ ਨੇ ਜੰਮੂ-ਕਸ਼ਮੀਰ ਲੋਕ ਸੇਵਾ ਕਮਿਸ਼ਨ ਸਮੇਤ ਸਾਰੀਆਂ ਸੰਵਿਧਾਨਕ ਸੰਸਥਾਵਾਂ ਵਿਚ ਸਿੱਖ ਭਾਈਚਾਰੇ ਨੂੰ ਉੱਚਿਤ ਨੁਮਾਇੰਦਗੀ ਦੇਣ ਦੀ ਮੰਗ ਵੀ ਕੀਤੀ ਹੈ।


Tanu

Content Editor

Related News