ਸਿੱਖ ਕੁੜੀ ਦੇ ਧਰਮ ਪਰਿਵਰਤਨ ਨੂੰ ਲੈ ਕੇ ਸਿੱਖ ਭਾਈਚਾਰਾ ਨਾਰਾਜ਼, PM ਮੋਦੀ ਤੋਂ ਕੀਤੀ ਇਹ ਮੰਗ

09/01/2019 3:19:10 PM

ਬਹਿਰਾਈਚ (ਭਾਸ਼ਾ)— ਪਾਕਿਸਤਾਨ ਵਿਚ ਇਕ ਗੁਰਦੁਆਰੇ ਦੇ ਗ੍ਰੰਥੀ ਦੀ ਧੀ ਦਾ ਜ਼ਬਰਨ ਧਰਮ ਪਰਿਵਰਤਨ ਕਰ ਕੇ ਮੁਸਲਿਮ ਮੁੰਡੇ ਨਾਲ ਨਿਕਾਹ ਕਰਵਾਏ ਜਾਣ ਵਿਰੁੱਧ ਬਹਿਰਾਈਚ ਦੇ ਸਿੱਖ ਭਾਈਚਾਰੇ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਿਲਸਿਲੇ ’ਚ ਮੰਗ ਪੱਤਰ ਭੇਜ ਕੇ ਇਹ ਮਾਮਲਾ ਸੰਯੁਕਤ ਰਾਸ਼ਟਰ ਵਿਚ ਲੈ ਕੇ ਜਾਣ ਦੀ ਮੰਗ ਕੀਤੀ ਹੈ।

ਇਸ ਮੰਗ ਪੱਤਰ ’ਚ ਕਿਹਾ ਗਿਆ ਹੈ ਕਿ ਪਾਕਿਸਤਾਨ ’ਚ ਸਿੱਖਾਂ ਨੂੰ ਜ਼ਬਰਨ ਇਸਲਾਮ ਧਰਮ ਕਬੂਲ ਕਰਵਾਇਆ ਜਾ ਰਿਹਾ ਹੈ। ਇਸ ਦੀਆਂ ਜ਼ਿਆਦਾਤਰ ਸ਼ਿਕਾਰ ਔਰਤਾਂ ਹੋ ਰਹੀਆਂ ਹਨ। ਸਿੱਖ ਭਾਈਚਾਰੇ ਦਾ ਕਹਿਣਾ ਹੈ ਕਿ ਇਕ ਪਾਸੇ ਜਿੱਥੇ ਪੂਰੀ ਦੁਨੀਆ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ, ਉੱਥੇ ਹੀ ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੀ ਧੀ ਨੂੰ ਅਗਵਾ ਕਰ ਕੇ ਧਰਮ ਪਰਿਵਰਤਨ ਕਰਵਾ ਕੇ ਉਸ ਦਾ ਜ਼ਬਰਨ ਨਿਕਾਹ ਕਰਵਾ ਦਿੱਤਾ ਗਿਆ ਹੈ। ਇਸ ਘਟਨਾ ਤੋਂ ਪਾਕਿਸਤਾਨ, ਭਾਰਤ ਅਤੇ ਹੋਰ ਦੇਸ਼ਾਂ ਵਿਚ ਰਹਿ ਰਹੇ ਸਿੱਖਾਂ ’ਚ ਰੋਸ ਹੈ। 

ਸਿੱਖਾਂ ਦੀ ਮੰਗ ਹੈ ਕਿ ਪੀੜਤ ਕੁੜੀ ਨੂੰ ਸਿੱਖ ਧਰਮ ’ਚ ਵਾਪਸ ਲਿਆ ਕੇ ਉਸ ਨਾਲ ਜ਼ਬਰਨ ਨਿਕਾਹ ਕਰਨ ਵਾਲੇ ਮੁਹੰਮਦ ਹਸਨ ’ਤੇ ਕਾਰਵਾਈ ਕੀਤੀ ਜਾਵੇ। ਪਾਕਿਸਤਾਨ ਵਿਚ ਰਹਿ ਰਹੇ ਘੱਟ ਗਿਣਤੀ ਸਿੱਖਾਂ ਨੂੰ ਸੁਰੱਖਿਆ ਪ੍ਰਦਾਨ ਕਰ ਕੇ ਦਹਿਸ਼ਤ ਖਤਮ ਕਰਵਾਈ ਜਾਵੇ ਅਤੇ ਇਸ ਮਾਮਲੇ ਨੂੰ ਸੰਯੁਕਤ ਰਾਸ਼ਟਰ ਦੇ ਸਾਹਮਣੇ ਚੁੱਕਿਆ ਜਾਵੇ। ਸਿੱਖਾਂ ਦੇ ਵਫ਼ਦ ਨੇ ਸ਼ਨੀਵਾਰ ਨੂੰ ਮੋਦੀ ਨੂੰ ਸੰਬੋਧਿਤ ਮੰਗ ਪੱਤਰ ਜ਼ਿਲਾ ਅਧਿਕਾਰੀ ਦੇ ਜ਼ਰੀਏ ਭੇਜਿਆ ਹੈ। 

Tanu

This news is Content Editor Tanu