ਹਰਿਆਣਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਦੀ ਜਾਂਚ ’ਤੇ ਭੜਕੇ ਸਿੱਖ, ਪ੍ਰਗਟਾਇਆ ਇਤਰਾਜ਼

05/06/2024 6:57:43 PM

ਨਵੀਂ ਦਿੱਲੀ (ਸੁਨੀਲ ਪਾਂਡੇ) : ਹਰਿਆਣਾ ਦੇ ਨਰਾਇਣਗੜ੍ਹ ਦੇ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਮੁੱਖ ਮੰਤਰੀ ਨਾਇਬ ਸੈਣੀ ਦੇ ਆਉਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਦੀ ਜਾਂਚ ਨੂੰ ਲੈ ਕੇ ਸਿੱਖਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਦੇਸ਼ ਅਤੇ ਦੁਨੀਆ ਦੇ ਸਿੱਖਾਂ ’ਚ ਨਾਰਾਜ਼ਗੀ ਦੇਖੀ ਜਾ ਰਹੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇਸ ਮਾਮਲੇ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਨਾਲ ਹੀ ਕਿਹਾ ਕਿ ਅਜਿਹਾ ਕਦੀ ਨਹੀਂ ਹੁੰਦਾ, ਜੋ ਇਸ ਵਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਮੇਤ ਹੋਰ ਅਹਿਮ ਅਹੁਦਿਆਂ ’ਤੇ ਬੈਠੇ ਲੋਕ ਵੀ ਗੁਰਦੁਆਰਿਆਂ ’ਚ ਨਤਮਸਤਕ ਹੋਣ ਲਈ ਆਉਂਦੇ ਰਹੇ ਹਨ ਪਰ ਸੁਰੱਖਿਆ ਦੇ ਨਾਂ ’ਤੇ ਅੱਜ ਤੱਕ ਅਜਿਹੀ ਘਿਨਾਉਣੀ ਹਰਕਤ ਕਦੇ ਨਹੀਂ ਹੋਈ। ਸਰਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਸ ਮਾਮਲੇ ਦੀ ਸ਼ਿਕਾਇਤ ਕੀਤੀ ਹੈ। ਨਾਲ ਹੀ ਕਿਹਾ ਕਿ ਇਸ ਦਾ ਨੋਟਿਸ ਲੈਂਦਿਆਂ ਪ੍ਰੋਗਰਾਮ ਦੇ ਪ੍ਰਬੰਧਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤਲਬ ਕਰ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਸਰਨਾ ਨੇ ਕਿਹਾ ਕਿ ਜਿਨ੍ਹਾਂ ਨੇ ਮੌਕੇ ’ਤੇ ਅਜਿਹਾ ਹੋਣ ਦਿੱਤਾ, ਉਨ੍ਹਾਂ ਨੂੰ ਵੀ ਤਲਬ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਸਰਵਉੱਚ ਹੈ ਨਾ ਕਿ ਕੋਈ ਮੰਤਰੀ ਜਾਂ ਨੇਤਾ।

ਇਹ ਖ਼ਬਰ ਵੀ ਪੜ੍ਹੋ : ਅਮੇਠੀ ’ਚ ਗਾਂਧੀ ਪਰਿਵਾਰ ਦੀ ਸਿਆਸੀ ਵਿਰਾਸਤ ਸੰਭਾਲਣ ਵਾਲੇ ਕਿਸ਼ੋਰੀ ਲਾਲ ਸ਼ਰਮਾ ਦਾ ਹੈ ਲੁਧਿਆਣਾ ਕੁਨੈਕਸ਼ਨ

ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਨਾ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਇਸ ਘਟਨਾ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ, ਜੇ ਉਹ ਮੁਆਫ਼ੀ ਨਹੀਂ ਮੰਗਦੇ ਹਨ ਤਾਂ ਸਿੱਖ ਕੌਮ ਨੂੰ ਉਨ੍ਹਾਂ ਦਾ ਸਮਾਜਿਕ ਬਾਈਕਾਟ ਕਰਨਾ ਚਾਹੀਦਾ ਹੈ। ਸਰਨਾ ਨੇ ਸਵਾਲ ਕੀਤਾ ਕਿ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਅਤੇ ਬਲਜੀਤ ਸਿੰਘ ਦਾਦੂਵਾਲ ਕਿੱਥੇ ਹਨ? ਕੁਝ ਦਿਨ ਪਹਿਲਾਂ ਦਾਦੂਵਾਲ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਬੈਠ ਕੇ ਭਾਜਪਾ ਦਾ ਸਮਰਥਨ ਕਰ ਰਹੇ ਸੀ, ਅੱਜ ਇਸ ਬੇਅਦਬੀ ਦੀ ਘਟਨਾ ਦੇ ਬਾਵਜੂਦ ਉਹ ਚੁੱਪ ਕਿਉਂ ਬੈਠੇ ਹਨ। ਸਰਨਾ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਨੂੰ ਵੀ ਲੰਮੇਂ ਹੱਥੀਂ ਲਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਵੀ ਇਸ ਮੁੱਦੇ ’ਤੇ ਇਤਰਾਜ਼ ਦਰਜ ਕਰਵਾਉਣਾ ਚਾਹੀਦਾ ਹੈ।

ਇਹ ਖ਼ਬਰ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ ਭਾਜਪਾ ਨੇ ਪੁਰਾਣੇ ਕੱਦਾਵਰਾਂ ਨੂੰ ਵੱਡੀ ਜ਼ਿੰਮੇਵਾਰੀ ਦੇ ਕੇ ਮੈਦਾਨ ’ਚ ਉਤਾਰਿਆ

ਪ੍ਰਧਾਨ ਮੰਤਰੀ ਹੋਵੇ ਜਾਂ ਕੋਈ ਬਾਦਸ਼ਾਹ, ਗੁਰੂ ਅੱਗੇ ਸਾਰੇ ਨਤਮਸਤਕ : ਮਨਜੀਤ ਸਿੰਘ
ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਇਸ ਘਟਨਾ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦੇ ਹੋਏ ਕਿਹਾ ਕਿ ਵੀ. ਆਈ. ਪੀ. ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਨਹੀਂ ਬੁਲਾਉਣਾ ਚਾਹੀਦਾ। ਉੱਥੋਂ ਦੇ ਅਹੁਦੇਦਾਰ ਚਾਪਲੂਸੀ ’ਚ ਡੁੱਬੇ ਹੋਏ ਹਨ, ਜਿਸ ਕਾਰਨ ਵੱਡੀ ਗਲਤੀ ਹੋਈ ਸੀ। ਉਨ੍ਹਾਂ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਆਉਣ ਜਾਂ ਕੋਈ ਬਾਦਸ਼ਾਹ, ਗੁਰੂ ਅੱਗੇ ਸਾਰੇ ਨਤਮਸਤਕ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਕੋਈ ਵੀ. ਆਈ. ਪੀ. ਨਹੀਂ ਹੁੰਦਾ, ਸਭ ਸੰਗਤ ਦਾ ਰੂਪ ਹੁੰਦੇ ਹਨ, ਇਸ ਲਈ ਸੰਗਤ ਨੂੰ ਮਰਿਆਦਾ ’ਚ ਰਹਿਣਾ ਜ਼ਰੂਰੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਸ ਮਾਮਲੇ ’ਚ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਪ੍ਰਬੰਧਕਾਂ ’ਤੇ ਕਾਰਵਾਈ ਕਰਨੀ ਚਾਹੀਦੀ ਹੈ।

ਇਹ ਖ਼ਬਰ ਵੀ ਪੜ੍ਹੋ : ਲੋਕਾਂ ਨੂੰ ਭੁਗਤਣਾ ਪੈ ਰਿਹੈ ਕੁਦਰਤ ਨਾਲ ਛੇੜਛਾੜ ਕਰਨ ਦਾ ਖਾਮਿਆਜ਼ਾ, ਹੁਣ ਸਾਊਦੀ ਅਰਬ ’ਚ ਬਣੇ ਹੜ੍ਹ ਵਰਗੇ ਹਾਲਾਤ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


Anuradha

Content Editor

Related News