ਕਰਤਾਰਪੁਰ ਸਾਹਿਬ ਤੋਂ ਲਾਪਤਾ ਹੋਈ ਲੜਕੀ ਦੇ ਮਾਮਲੇ ਬਾਰੇ ਸਿਰਸਾ ਦਾ ਵੱਡਾ ਖੁਲਾਸਾ

12/03/2019 1:33:08 AM

ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਟਵਿੱਟਰ ਅਕਾਉਂਟ ਤੋਂ ਇਕ ਟਵੀਟ ਕੀਤਾ, ਜਿਸ ਵਿਚ ਉਨ੍ਹਾਂ ਲਿਖਿਆ ਕਿ ਹਰਿਆਣਾ ਨਾਲ ਸਬੰਧਿਤ ਸਿੱਖ ਕੁੜੀ ਮਨਜੀਤ ਕੌਰ, ਜੋ ਕਿ ਸਿੱਖ ਜੱਥੇ ਨਾਲ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਗਈ ਸੀ। ਉਹ 3 ਦਿਨ ਪਹਿਲਾਂ ਪਾਕਿਸਤਾਨ ਵਿਚ ਲਾਪਤਾ ਹੋ ਗਈ ਸੀ। ਇਸ ਦੇ ਨਾਲ ਹੀ ਮਨਜਿੰਦਰ ਸਿਰਸਾ ਨੇ ਟਵੀਟ ਵਿਚ ਇਹ ਵੀ ਲਿਖਿਆ ਕਿ ਲੜਕੀ ਬਾਰੇ ਪਾਕਿ ਰੇਂਜਰਾਂ ਨੂੰ ਪਤਾ ਲੱਗਣ 'ਤੇ ਭਾਰਤ ਵਾਪਸ ਭੇਜ ਦਿੱਤਾ ਗਿਆ।

ਇਸ ਦੇ ਨਾਲ ਹੀ ਮਨਜਿੰਦਰ ਸਿੰਘ ਸਿਰਸਾ ਵਲੋਂ ਇਕ ਹੋਰ ਟਵੀਟ ਕੀਤਾ ਗਿਆ, ਜਿਸ ਵਿਚ ਉਨ੍ਹਾਂ ਲਿਖਿਆ ਕਿ ਪਾਕਿਸਤਾਨ 'ਚ ਹਿੰਦੂ ਅਤੇ ਸਿੱਖ ਕੁੜੀਆਂ ਨੂੰ ਗੁੰਮਰਾਹ ਕਰਨ ਅਤੇ ਫਿਰ 'ਲਵ ਜੇਹਾਦ' ਦੇ ਨਾਮ 'ਤੇ ਇਸਲਾਮ ਧਰਮ ਕਬੂਲ ਕਰਨ ਲਈ ਮਜਬੂਰ ਕਰਨ ਦਾ ਰੁਝਾਨ ਹੈ। ਮੈਂ ਪਾਕਿ 'ਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਯਾਤਰੀਆਂ ਨੂੰ ਸਾਵਧਾਨ ਕਰਨਾ ਚਾਹੁੰਦਾ ਹਾਂ ਕਿ ਕਿਰਪਾ ਕਰਕੇ ਪਾਕਿਸਤਾਨ ਵਿਚ ਚੱਲ ਰਹੇ ਇਸ ਜਾਲ ਤੋਂ ਸੁਚੇਤ ਰਹਿਣ।

ਇਕ ਨਿਊਜ਼ ਵੈਬਸਾਈਟ ਦੀ ਖਬਰ ਮੁਤਾਬਕ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਗਈ ਲੜਕੀ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਦੱਸੀ ਜਾ ਰਹੀ ਹੈ। ਪਾਕਿਸਤਾਨ ਪੁਲਸ ਨੇ ਇਸ ਬਾਬਤ ਲਾਹੌਰ ਅਤੇ ਫੈਸਲਾਬਾਦ ਤੋਂ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਭਾਰਤ ਦੇ ਡੇਰਾ ਬਾਬਾ ਨਾਨਕ ਨੂੰ ਪਾਕਿਸਤਾਨ ਵਿਚ ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨਾਲ ਜੋੜਨ ਵਾਸਤ 4.7 ਕਿੱਲੋਮੀਟਰ ਦਾ ਇਹ ਲਾਂਘਾ ਦੋਵਾਂ ਦੇਸ਼ਾਂ ਦੀ ਸਹਿਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਸ਼ੁਰੂ ਕੀਤਾ ਗਿਆ ਸੀ।

Sunny Mehra

This news is Content Editor Sunny Mehra