7 ਮੰਜ਼ਿਲਾ ਇਮਾਰਤ ਹੋਈ ਢਹਿ-ਢੇਰੀ, 5 ਲੋਕਾਂ ਦੀ ਮੌਤ
Wednesday, Oct 23, 2024 - 11:16 AM (IST)
ਬੈਂਗਲੁਰੂ (ਭਾਸ਼ਾ)- ਕਰਨਾਟਕ 'ਚ ਬੈਂਗਲੁਰੂ ਦੇ ਬਾਬੂਸਾਪਾਲਿਆ ਵਿਚ ਇਕ ਨਿਰਮਾਣ ਅਧੀਨ ਇਮਾਰਤ ਦੇ ਡਿੱਗਣ ਤੋਂ ਬਾਅਦ ਖੋਜ ਅਤੇ ਬਚਾਅ ਕਾਰਜਾਂ ਦੌਰਾਨ ਚਾਰ ਹੋਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਲਾਸ਼ਾਂ ਦੇ ਬਰਾਮਦ ਹੋਣ ਤੋਂ ਬਾਅਦ ਇਸ ਹਾਦਸੇ 'ਚ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਨੂੰ ਵਾਪਰੀ, ਜਿਸ ਤੋਂ ਬਾਅਦ ਫਾਇਰ ਅਤੇ ਐਮਰਜੈਂਸੀ ਵਿਭਾਗ, ਰਾਸ਼ਟਰੀ ਆਫ਼ਤ ਰਿਸਪਾਂਸ ਫੋਰਸ (ਐੱਨਡੀਆਰਐੱਫ) ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੀਆਂ ਟੀਮਾਂ ਮੌਕੇ 'ਤੇ ਰਾਹਤ ਕਾਰਜ ਚਲਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੈਂਗਲੁਰੂ 'ਚ ਭਾਰੀ ਮੀਂਹ ਪੈ ਰਿਹਾ ਸੀ। ਪੂਰਬੀ ਬੈਂਗਲੁਰੂ ਦੇ ਪੁਲਸ ਡਿਪਟੀ ਕਮਿਸ਼ਨਰ ਡੀ. ਦੇਵਰਾਜ ਨੇ ਕਿਹਾ,“ਹੁਣ ਤੱਕ ਪੰਜ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਪੰਜ ਹੋਰ ਜ਼ਖਮੀ ਹਨ। ਤਿੰਨ ਹੋਰ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ ਅਤੇ ਉਨ੍ਹਾਂ ਨੂੰ ਲੱਭਣ ਲਈ ਬਚਾਅ ਕਾਰਜ ਜਾਰੀ ਹਨ।'' ਉਨ੍ਹਾਂ ਦੱਸਿਆ ਕਿ ਹੁਣ ਤੱਕ 13 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇਹ ਸੱਤ ਮੰਜ਼ਿਲਾ ਇਮਾਰਤ ਸੀ। ਅੱਗ ਬੁਝਾਊ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਪੂਰੀ ਇਮਾਰਤ ਢਹਿ ਗਈ, ਜਿਸ ਨਾਲ ਲੋਕ ਮਲਬੇ ਹੇਠਾਂ ਦੱਬ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8