ਸਾਬਕਾ ਕ੍ਰਿਕਟ ਕਪਤਾਨ ਸੌਰਵ ਗਾਂਗੁਲੀ ਤੇ ਉਨ੍ਹਾਂ ਦੀ ਪਤਨੀ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

Tuesday, Aug 11, 2026 - 12:35 AM (IST)

ਸਾਬਕਾ ਕ੍ਰਿਕਟ ਕਪਤਾਨ ਸੌਰਵ ਗਾਂਗੁਲੀ ਤੇ ਉਨ੍ਹਾਂ ਦੀ ਪਤਨੀ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਕੋਲਕਾਤਾ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਡੋਨਾ ਗਾਂਗੁਲੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸੌਰਵ ਗਾਂਗੁਲੀ ਨੇ ਇਸ ਸਬੰਧੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਨ੍ਹਾਂ ਨੂੰ ਪਿਛਲੇ ਕੁਝ ਮਹੀਨਿਆਂ ਦੌਰਾਨ ਕਈ ਧਮਕੀ ਭਰੇ ਪੱਤਰ ਮਿਲੇ ਹਨ, ਜਿਨ੍ਹਾਂ ਵਿੱਚੋਂ ਇੱਕ ਪੱਤਰ ਵਿੱਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਤਨੀ ਡੋਨਾ ਗਾਂਗੁਲੀ ਨੂੰ ਜਾਨੋਂ ਮਾਰਨ ਦੀ ਚੇਤਾਵਨੀ ਦਿੱਤੀ ਗਈ ਹੈ। ਪੁਲਸ ਨੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਇਹ ਪੱਤਰ ਕਿਸ ਨੇ ਭੇਜੇ ਸਨ।

ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਵਰਤਮਾਨ ਵਿੱਚ ਕ੍ਰਿਕਟ ਐਸੋਸੀਏਸ਼ਨ ਆਫ਼ ਬੰਗਾਲ (CAB) ਦੇ ਪ੍ਰਧਾਨ ਸੌਰਵ ਗਾਂਗੁਲੀ ਵੱਲੋਂ ਦੱਖਣੀ ਕੋਲਕਾਤਾ ਦੇ ਠਾਕੁਰਪੁਕੁਰ ਪੁਲਸ ਸਟੇਸ਼ਨ ਵਿੱਚ ਇੱਕ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਕਦਮ ਸੋਮਵਾਰ ਨੂੰ ਗਾਂਗੁਲੀ ਦੇ ਦਫ਼ਤਰ ਵਿੱਚ ਇੱਕ ਹੋਰ ਨਵਾਂ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਚੁੱਕਿਆ ਗਿਆ। ਕਥਿਤ ਤੌਰ 'ਤੇ ਇਹ ਪੱਤਰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਾਬਕਾ ਪ੍ਰਧਾਨ ਦੇ ਨਾਮ 'ਤੇ ਪਿਛਲੇ ਛੇ ਮਹੀਨਿਆਂ ਤੋਂ ਆ ਰਹੇ ਸਨ, ਪਰ ਸ਼ੁਰੂ ਵਿੱਚ ਇਨ੍ਹਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਸੀ।

ਸਾਬਕਾ ਕ੍ਰਿਕਟ ਖਿਡਾਰੀ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਪੁਲਸ ਸ਼ਿਕਾਇਤ ਦੇ ਅਨੁਸਾਰ, ਸੋਮਵਾਰ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਦੋ ਪੱਤਰ ਮਿਲੇ ਸਨ। ਇਨ੍ਹਾਂ ਪੱਤਰਾਂ ਵਿੱਚ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਜਾਨੋਂ ਮਾਰਨ ਦੇ ਨਾਲ-ਨਾਲ ਉਨ੍ਹਾਂ ਦੇ ਨਜ਼ਦੀਕੀ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਦੀ ਸਿੱਧੀ ਧਮਕੀ ਦਿੱਤੀ ਗਈ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜਾਂਚਕਰਤਾ ਪੱਤਰਾਂ ਦੀ ਸਮੱਗਰੀ ਦੀ ਸਮੀਖਿਆ ਕਰ ਰਹੇ ਹਨ ਅਤੇ ਭੇਜਣ ਵਾਲੇ ਦੀ ਪਛਾਣ ਤੇ ਉਸਦੇ ਮਕਸਦ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਤੋਂ ਸੰਕੇਤ ਮਿਲੇ ਹਨ ਕਿ ਇਹ ਪੱਤਰ ਕਥਿਤ ਤੌਰ 'ਤੇ ਉੱਤਰ 24 ਪਰਗਨਾ ਜ਼ਿਲ੍ਹੇ ਦੇ ਬੇਲਘਰੀਆ ਦੇ ਇੱਕ ਵਿਅਕਤੀ ਵੱਲੋਂ ਕੋਰੀਅਰ ਸੇਵਾ ਦੇ ਜ਼ਰੀਏ ਭੇਜੇ ਗਏ ਹਨ। ਪੁਲਸ ਇਸ ਮਾਮਲੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।


author

Inder Prajapati

Content Editor

Related News