ਸ੍ਰੀ ਅਕਾਲ ਤਖਤ ਸਾਹਿਬ ਜਾ ਕੇ ਮੰਗਾਂਗਾ ਮੁਆਫ਼ੀ : ਅਵਤਾਰ ਸਿੰਘ

01/24/2019 4:38:45 PM

ਪਟਨਾ— ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਨਿਤੀਸ਼ ਕੁਮਾਰ ਨੂੰ ਸਿੱਖਾਂ ਲਈ ਬਹੁਤ ਕੁਝ ਕੀਤਾ ਹੈ, ਜਿਸ ਕਾਰਨ ਮੈਂ ਭਾਵੁਕ ਹੋ ਕੇ ਉਹ ਸ਼ਬਦ ਬੋਲ ਦਿੱਤੇ ਸਨ। ਮੈਂ 28 ਤਾਰੀਕ ਨੂੰ ਸ੍ਰੀ ਅਕਾਲ ਤਖਤ ਜਾ ਕੇ ਹੱਥ ਜੋੜ ਕੇ ਮੁਆਫ਼ੀ ਮੰਗਾਂਗੇ। ਉਹ ਜਿਹੜੀ ਸਜ਼ਾ ਦੇਣਗੇ, ਮੈਨੂੰ ਮਨਜ਼ੂਰ ਹੋਵੇਗੀ। 

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਨੇ ਮੰਗਲਵਾਰ ਨੂੰ ਗੁਰਦੁਆਰਾ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੂੰ ਸਿੱਖ ਧਰਮ ਦੀ ਅਰਦਾਸ ਦੇ ਵਾਕ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਸ਼ਲਾਘਾ ਲਈ ਵਰਤੇ ਜਾਣ ਦੇ ਮਾਮਲੇ 'ਚ ਸਪੱਸ਼ਟੀਕਰਨ ਦੇਣ ਲਈ 28 ਜਨਵਰੀ ਨੂੰ ਬੁਲਾਇਆ ਹੈ। ਇਸ ਦੀ ਪੁਸ਼ਟੀ ਕਰਦਿਆਂ ਅਕਾਲ ਤਖਤ ਦੇ ਸਕੱਤਰੇਤ ਤੋਂ ਵਧੀਕ ਮੈਨੇਜਰ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਅਵਤਾਰ ਸਿੰਘ ਨੂੰ ਪੱਤਰ ਭੇਜ ਦਿੱਤਾ ਹੈ। ਹਿੱਤ ਦਿੱਲੀ ਕਮੇਟੀ ਦੇ ਵੀ ਪ੍ਰਧਾਨ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਨ। ਪੱਤਰ ਵਿਚ ਉਨ੍ਹਾਂ ਨੂੰ 28 ਜਨਵਰੀ ਨੂੰ ਅਕਾਲ ਤਖਤ 'ਤੇ ਪੇਸ਼ ਹੋ ਕੇ ਦੋਸ਼ਾਂ ਬਾਰੇ ਸੱਪਸ਼ਟੀਕਰਨ ਦੇਣ ਵਾਸਤੇ ਆਖਿਆ ਗਿਆ ਹੈ।

ਜਾਣਕਾਰੀ ਅਨੁਸਾਰ ਤਖਤ ਸ੍ਰੀ ਪਟਨਾ ਸਾਹਿਬ ਵਿਖੇ 13 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਸੀ। ਤਿੰਨ ਰੋਜ਼ਾ ਗੁਰਮਤਿ ਸਮਾਗਮਾਂ ਦੌਰਾਨ ਗੁਰਦੁਆਰਾ ਸ਼ੀਤਲਕੁੰਡ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਇਹ ਨੀਂਹ ਪੱਥਰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵਲੋਂ ਰੱਖਿਆ ਗਿਆ ਸੀ। ਸਮਾਗਮ ਵਿਚ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਹਾਜ਼ਰ ਸਨ। ਇਸ ਮੌਕੇ ਨਿਤੀਸ਼ ਕੁਮਾਰ ਦੀ ਸ਼ਲਾਘਾ ਕਰਦਿਆਂ ਅਵਤਾਰ ਸਿੰਘ ਹਿੱਤ ਵਲੋਂ ਸਿੱਖ ਅਰਦਾਸ ਦੇ ਵਾਕ ਵਰਤੇ ਗਏ।


DIsha

Content Editor

Related News