ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਧਮਧਾਨ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਅੱਗੇ ਰਵਾਨਾ

Friday, Oct 11, 2019 - 04:29 PM (IST)

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਧਮਧਾਨ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਅੱਗੇ ਰਵਾਨਾ

ਅੰਮ੍ਰਿਤਸਰ (ਦੀਪਕ ਸ਼ਰਮਾ)—ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਅੱਜ ਹਰਿਆਣਾ 'ਚ ਸਥਿਤ ਗੁਰਦੁਆਰਾ ਧਮਧਾਨ ਸਾਹਿਬ ਤੋਂ ਕਸਬਾ ਭੂਨਾ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ। ਹਰ ਰੋਜ਼ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਸੰਗਤ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗਤਕਾ ਪਾਰਟੀਆਂ ਅਤੇ ਸਕੂਲੀ ਬੱਚਿਆਂ ਨੇ ਵੀ ਹਾਜ਼ਰੀ ਭਰੀ। ਇਸ ਤੋਂ ਪਹਿਲਾਂ ਬੀਤੀ ਰਾਤ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਧਮਧਾਨ ਸਾਹਿਬ ਵਿਖੇ ਪੁੱਜਾ, ਜਿਥੇ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਵਿਚ ਨਗਰ ਕੀਰਤਨ ਦਾ ਸਵਾਗਤ ਕੀਤਾ। ਨਗਰ ਕੀਰਤਨ ਪ੍ਰਤੀ ਹਰਿਆਣਾ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਥਾਨਕ ਸੰਗਤਾਂ ਤੋਂ ਇਲਾਵਾ ਦੂਰ-ਦੁਰਾਡੇ ਤੋਂ ਵੀ ਗੁਰੂ ਨਾਨਕ ਨਾਮ ਲੇਵਾ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਸ਼ੋਭਾ ਵਧਾ ਰਹੇ ਹਨ।

ਵੱਖ-ਵੱਖ ਕਸਬਿਆਂ 'ਚ ਸਵਾਗਤੀ ਗੇਟ ਤੇ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਸੰਗਤ ਵੱਲੋਂ ਪ੍ਰਬੰਧ ਕੀਤਾ ਹੋਇਆ ਸੀ। ਇਸੇ ਦੌਰਾਨ ਅੱਜ ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸ੍ਰੀ ਧਮਧਾਨ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪ੍ਰਚਾਰਕ ਸਿੰਘਾਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਸ੍ਰੀ ਧਮਧਾਨ ਸਾਹਿਬ ਤੋਂ ਰਵਾਨਗੀ ਸਮੇਂ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਬਲਦੇਵ ਸਿੰਘ ਖ਼ਾਲਸਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਨਿਰਮਲ ਸਿੰਘ ਹਰਿਆਓ, ਸ. ਹਰਦੇਵ ਸਿੰਘ ਰੋਂਗਲਾ ਤੇ ਬੀਬੀ ਅਮਰਜੀਤ ਕੌਰ ਬਾੜਾ, ਸ. ਨਿਰੰਜਣ ਸਿੰਘ ਭੁਟਾਨ, ਸ. ਅਮੀਰ ਸਿੰਘ ਰਸੀਦਾਂ, ਸ. ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ ਕੁਰੂਕਸ਼ੇਤਰ ਆਦਿ ਮੌਜੂਦ ਸਨ।


author

DIsha

Content Editor

Related News