ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਮਜਨੂੰ ਕਾ ਟਿੱਲਾ (ਦਿੱਲੀ) ਤੋਂ ਅਗਲੇ ਪੜਾਅ ਲਈ ਰਵਾਨਾ

Saturday, Apr 10, 2021 - 04:02 PM (IST)

ਅੰਮ੍ਰਿਤਸਰ/ਦਿੱਲੀ- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਮਜਨੂੰ ਕਾ ਟਿੱਲਾ (ਦਿੱਲੀ) ਤੋਂ ਅਗਲੇ ਪੜਾਅ ਗੁਰਦੁਆਰਾ ਬਾਲਾ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ ਗਏ। 

ਇਹ ਵੀ ਪੜ੍ਹੋ : ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਧਮਧਾਨ ਸਾਹਿਬ ਹਰਿਆਣਾ ਤੋਂ ਅਗਲੇ ਪੜਾਅ ਲਈ ਰਵਾਨਾ

ਦਿੱਲੀ ਦੀਆਂ ਸੰਗਤਾਂ ਅੰਦਰ ਨਗਰ ਕੀਰਤਨ ਪ੍ਰਤੀ ਭਾਰੀ ਉਤਸ਼ਾਹ ਸੀ। ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰਦੇ ਹੋਏ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੇ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰ ਕੇ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਗਾਏ ਗਏ ਸਨ। ਇਸ ਸਮੇਂ ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸ. ਸੁਰਿੰਦਰਪਾਲ ਸਿੰਘ ਸਮਾਣਾ, ਸ. ਜਸਬੀਰ ਸਿੰਘ ਜੱਸੀ ਸਹਾਇਕ ਇੰਚਾਰਜ ਦਿੱਲੀ ਮਿਸ਼ਨ, ਇੰਚਾਰਜ ਸ. ਕਰਤਾਰ ਸਿੰਘ, ਸ. ਪਰਮਜੀਤ ਸਿੰਘ, ਸ. ਬਲਦੇਵ ਸਿੰਘ, ਹੈੱਡ ਗ੍ਰੰਥੀ ਭਾਈ ਹਰਪ੍ਰੀਤ ਸਿੰਘ, ਸ. ਗੁਰਪਾਲ ਸਿੰਘ, ਸ. ਅਵਤਾਰ ਸਿੰਘ, ਸ. ਜਸਵਿੰਦਰ ਸਿੰਘ, ਸ. ਜਸਬੀਰ ਸਿੰਘ, ਪ੍ਰਚਾਰਕ ਭਾਈ ਕੁਲਵੰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।


DIsha

Content Editor

Related News