J&K ਦਾ ਸੂਬੇ ਦਾ ਦਰਜਾ ਬਹਾਲ ਕਰਨ ਲਈ ਕੇਂਦਰ ''ਤੇ ਪਾਵਾਂਗੇ ਦਬਾਅ: ਰਾਹੁਲ ਗਾਂਧੀ
Monday, Sep 23, 2024 - 03:32 PM (IST)
ਸੁਨਰਕੋਟ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ ਕੇਂਦਰ ਸਰਕਾਰ, ਵਿਧਾਨ ਸਭਾ ਚੋਣਾਂ ਮਗਰੋਂ ਵੀ ਜੰਮੂ-ਕਸ਼ਮੀਰ ਨੂੰ ਸੂਬੇ ਦਾ ਦਰਜਾ ਬਹਾਲ ਨਹੀਂ ਕਰਦਾ ਹੈ ਤਾਂ ਕਾਂਗਰਸ ਉਸ 'ਤੇ ਦਬਾਅ ਬਣਾਏਗੀ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਮਗਰੋਂ 'ਇੰਡੀਆ' ਗਠਜੋੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਤਮਵਿਸ਼ਵਾਸ ਨੂੰ ਹਿਲਾ ਦਿੱਤਾ ਹੈ।
ਰਾਹੁਲ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ, ਜਦੋਂ ਕਿਸੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਬਦਲਿਆ ਗਿਆ। ਤੁਹਾਡਾ ਲੋਕਤੰਤਰੀ ਅਧਿਕਾਰ ਖੋਹ ਲਿਆ ਗਿਆ। ਅਸੀਂ ਸੂਬੇ ਦਾ ਦਰਜਾ ਬਹਾਲ ਕਰਨ ਦੀ ਮੰਗ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਨੇ ਪੁੰਛ ਜ਼ਿਲ੍ਹੇ ਦੇ ਸੁਰਨਕੋਟ ਖੇਤਰ ਵਿਚ ਕਾਂਗਰਸ-ਨੈਸ਼ਨਲ ਕਾਨਫਰੰਸ ਗਠਜੋੜ ਦੇ ਉਮੀਦਵਾਰਾਂ ਦੇ ਸਮਰਥਨ ਵਿਚ ਆਯੋਜਿਤ ਇਕ ਚੋਣ ਰੈਲੀ 'ਚ ਕਿਹਾ ਕਿ ਜੰਮੂ-ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਹੋਵੇ।
ਰਾਹੁਲ ਨੇ ਦੋਸ਼ ਲਾਇਆ ਕਿ ਜੰਮੂ-ਕਸ਼ਮੀਰ 'ਤੇ ਦਿੱਲੀ ਤੋਂ ਸ਼ਾਸਨ ਕੀਤਾ ਜਾ ਰਿਹਾ ਹੈ ਅਤੇ ਫ਼ੈਸਲੇ ਗੈਰ-ਸਥਾਨਕ ਲੋਕ ਲੈ ਰਹੇ ਹਨ। ਰਾਹੁਲ ਗਾਂਧੀ ਨੇ RSS ਅਤੇ ਭਾਜਪਾ 'ਤੇ ਧਰਮ, ਜਾਤੀ, ਪੰਥ ਅਤੇ ਖੇਤਰ ਦੇ ਨਾਂ 'ਤੇ ਲੋਕਾਂ ਨੂੰ ਵੰਡਣ ਲਈ ਨਫ਼ਰਤ ਫੈਲਾਉਣ ਦਾ ਦੋਸ਼ ਲਾਇਆ ਅਤੇ ਦਾਅਵਾ ਕੀਤਾ ਕਿ ਕਾਂਗਰਸ ਨੇ ਉਨ੍ਹਾਂ ਦਾ ਮੁਕਾਬਲਾ ਕਰਨ ਲਈ ਨਫ਼ਰਤ ਦੇ ਬਜ਼ਾਰਾਂ ਵਿਚ ਪਿਆਰ ਦੀਆਂ ਦੁਕਾਨਾਂ ਖੋਲ੍ਹੀਆਂ ਹਨ।