ਕਿਸਾਨਾਂ ਨੂੰ ਰੋਕਣਾ ਗੈਰ-ਜਮਹੂਰੀ : ਹੁੱਡਾ
Thursday, Dec 05, 2024 - 05:22 PM (IST)
ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਵੀਰਵਾਰ ਨੂੰ ਕਿਹਾ ਕਿ ਕਿਸਾਨ ਸਰਕਾਰ ਦੇ ਹੁਕਮਾਂ ਅਨੁਸਾਰ ਬਿਨਾਂ ਟਰੈਕਟਰ-ਟਰਾਲੀ ਦੇ ਦਿੱਲੀ ਜਾਣ ਲਈ ਰਾਜ਼ੀ ਹੋ ਗਏ ਹਨ, ਇਸ ਲਈ ਉਨ੍ਹਾਂ ਨੂੰ ਰੋਕਣਾ ਪੂਰੀ ਤਰ੍ਹਾਂ ਗੈਰ-ਜਮਹੂਰੀ ਹੈ। ਆਪਣੀ ਰਿਹਾਇਸ਼ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੁੱਡਾ ਨੇ ਕਿਹਾ ਕਿ ਹਰ ਕਿਸੇ ਨੂੰ ਲੋਕਤੰਤਰ ਵਿਚ ਸ਼ਾਂਤੀ ਨਾਲ ਕਿਤੇ ਵੀ ਜਾਣ ਜਾਂ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ।
ਉਨ੍ਹਾਂ ਕਿਹਾ ਕਿ ਪਿਛਲੀ ਵਾਰ ਅੰਦੋਲਨ ਖਤਮ ਕਰਕੇ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ (MSP) ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ ਸੀ ਪਰ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਕਿਸਾਨਾਂ ਦੇ ਹੱਥ ਖਾਲੀ ਹਨ ਅਤੇ ਉਹ ਸਰਕਾਰ ਨੂੰ ਆਪਣਾ ਵਾਅਦਾ ਯਾਦ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਦਿੱਲੀ ਜਾਣਾ ਚਾਹੁੰਦੇ ਹਨ। ਹੁੱਡਾ ਨੇ ਦੋਸ਼ ਲਾਇਆ ਕਿ ਭਾਜਪਾ ਕਿਸਾਨਾਂ ਨੂੰ ਬਿਜਾਈ ਸਮੇਂ ਡੀ. ਏ. ਪੀ, ਸਿੰਚਾਈ ਸਮੇਂ ਯੂਰੀਆ ਅਤੇ ਵਾਢੀ ਵੇਲੇ MSP ਦੇਣ ਵਿਚ ਹਮੇਸ਼ਾ ਨਾਕਾਮ ਰਹੀ ਹੈ। ਇਹੀ ਕਾਰਨ ਹੈ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਲਈ ਵਾਰ-ਵਾਰ ਅੰਦੋਲਨ ਕਰਨਾ ਪੈਂਦਾ ਹੈ।
ਹੁੱਡਾ ਨੇ ਅੱਗੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਇਸ਼ਤਿਹਾਰਾਂ ਵਿਚ 24 ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਗੱਲ ਕਰਦੀ ਹੈ, ਜਦਕਿ ਸੱਚਾਈ ਇਹ ਹੈ ਕਿ ਹਰਿਆਣਾ ਵਿਚ ਕੁੱਲ 24 ਫ਼ਸਲਾਂ ਹੁੰਦੀਆਂ ਹੀ ਨਹੀਂ ਹਨ ਅਤੇ ਉਨ੍ਹਾਂ ਫ਼ਸਲਾਂ 'ਤੇ ਵੀ ਕਿਸਾਨਾਂ ਨੂੰ ਕਦੇ ਵੀ ਘੱਟੋ-ਘੱਟ ਸਮਰਥਨ ਮੁੱਲ ਨਹੀਂ ਮਿਲਦਾ। ਝੋਨੇ ਦੀ ਮਿਸਾਲ ਸਭ ਦੇ ਸਾਹਮਣੇ ਹੈ। ਚੋਣਾਂ ਸਮੇਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਝੋਨੇ ਦਾ ਭਾਅ 3100 ਰੁਪਏ ਦੇਣ ਦਾ ਐਲਾਨ ਕੀਤਾ ਸੀ ਪਰ ਚੋਣਾਂ ਤੋਂ ਬਾਅਦ ਸਰਕਾਰ ਆਪਣਾ ਵਾਅਦਾ ਭੁੱਲ ਗਈ ਅਤੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਵੀ ਨਹੀਂ ਮਿਲ ਸਕਿਆ।