ਸ਼ਹਾਜਹਾਂਪੁਰ ’ਚ ਤੂਫ਼ਾਨ ਨੇ ਮਚਾਈ ਤਬਾਹੀ, ਕਿਸਾਨਾਂ ਦੇ ਉੱਡੇ ਟੈਂਟ

Monday, May 31, 2021 - 10:41 AM (IST)

ਸ਼ਹਾਜਹਾਂਪੁਰ ’ਚ ਤੂਫ਼ਾਨ ਨੇ ਮਚਾਈ ਤਬਾਹੀ, ਕਿਸਾਨਾਂ ਦੇ ਉੱਡੇ ਟੈਂਟ

ਸੋਨੀਪਤ (ਦੀਕਸ਼ਿਤ)— ਸ਼ਹਾਜਹਾਂਪੁਰ ਬਾਰਡਰ ’ਤੇ ਆਏ ਭਿਆਨਕ ਤੂਫ਼ਾਨ ਕਾਰਨ ਵੱਡੇ ਪੈਮਾਨੇ ’ਤੇ ਕਿਸਾਨਾਂ ਦੇ ਟੈਂਟ ਉੱਡ ਗਏ। ਇਸ ਤੂਫਾਨ ਕਾਰਨ ਭਾਰੀ ਨੁਕਸਾਨ ਹੋਇਆ, ਮੰਚ, ਲੰਗਰ ਅਤੇ ਹੋਰ ਸਾਮਾਨ ਦਾ ਭਾਰੀ ਨੁਕਸਾਨ ਪੁੱਜਾ। ਜਦੋਂ ਕਿਸਾਨਾਂ ਨੇ ਸਥਿਤੀ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ। ਸੰਯੁਕਤ ਕਿਸਾਨ ਮੋਰਚਾ ਨੇ ਸਮਾਜ ਕਲਿਆਣ ਦੇ ਸੰਗਠਨਾਂ ਅਤੇ ਆਮ ਲੋਕਾਂ ਤੋਂ ਮਦਦ ਦੀ ਗੁਹਾਰ ਲਾਈ ਹੈ। ਉਨ੍ਹਾਂ ਕਿਹਾ ਕਿ ਸ਼ਾਹਜਹਾਂਪੁਰ ਬਾਰਡਰ ’ਤੇ ਹਰ ਸੰਭਵ ਮਦਦ ਪਹੁੰਚਾਈ ਜਾਵੇ, ਤਾਂ ਜੋ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

PunjabKesari

ਓਧਰ ਹਾਲ ਹੀ ਵਿਚ ਏਸ਼ੀਆਈ ਚੈਂਪੀਅਨਸ਼ਿਪ ਵਿਚ ਕਾਂਸੇ ਦਾ ਤਮਗਾ ਜਿੱਤਣ ਵਾਲੀ ਭਾਰਤੀ ਮੁੱਕੇਬਾਜ਼ ਸਵੀਟੀ ਬੂਰਾ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦਾ ਇਹ ਤਮਗਾ ਕਿਸਾਨਾਂ ਨੂੰ ਸਮਰਪਿਤ ਹੈ ਅਤੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਹੈ। ਨਾਲ ਹੀ ਬੂਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਛੇਤੀ ਤੋਂ ਛੇਤੀ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੰਗਾਂ ਮੰਨਣ। ਬੂਰਾ ਦੇ ਇਸ ਐਲਾਨ ਤੋਂ ਬਾਅਦ ਕਿਸਾਨਾਂ ਨੇ ਖੁਸ਼ੀ ਪ੍ਰਗਟਾਈ ਅਤੇ ਕਿਹਾ ਕਿ ਇਸ ਦੇਸ਼ ਦੇ ਖਿਡਾਰੀ, ਕਲਾਕਾਰ, ਕਲਮਕਾਰ ਅਤੇ ਹੋਰ ਵਰਗ ਕਿਸਾਨਾਂ ਦਾ ਸਾਥ ਦੇ ਰਹੇ ਹਨ। ਇਸ ਗੱਲ ਤੋਂ ਸਾਫ਼ ਸਪੱਸ਼ਟ ਹੈ ਕਿ ਕਿਸਾਨਾਂ ਦੀ ਮੰਗ ਬੇਹੱਦ ਜਾਇਜ਼ ਹੈ।

PunjabKesari

ਦੱਸਣਯੋਗ ਹੈ ਕਿ ਕਿਸਾਨ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ’ਤੇ ਪਿਛਲੇ 6 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਹੋਏ ਹਨ। ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ 11 ਦੌਰ ਦੀ ਬੈਠਕ ਹੋ ਚੁੱਕੀ ਹੈ ਪਰ ਅਜੇ ਤੱਕ ਕੋਈ ਸਿੱਟਾ ਨਹੀਂ ਨਿਕਲਿਆ।


author

Tanu

Content Editor

Related News