ਆਵਾਰਾ ਕੁੱਤਿਆਂ ਦੀ ਸਮੱਸਿਆ ਅਧਿਕਾਰੀਆਂ ਦੀ ਅਣਗਹਿਲੀ ਕਾਰਨ : ਸੁਪਰੀਮ ਕੋਰਟ
Thursday, Aug 14, 2025 - 10:35 PM (IST)

ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ-ਐੱਨ. ਸੀ. ਆਰ. ’ਚ ਆਵਾਰਾ ਕੁੱਤਿਆਂ ਦੀ ਪੂਰੀ ਸਮੱਸਿਆ ਸਥਾਨਕ ਅਧਿਕਾਰੀਆਂ ਦੀ ‘ਅਣਗਹਿਲੀ’ ਦੇ ਕਾਰਨ ਹੈ। ਚੋਟੀ ਦੀ ਅਦਾਲਤ ਨੇ 11 ਅਗਸਤ ਨੂੰ ਪਾਸ ਹੁਕਮ ’ਤੇ ਰੋਕ ਲਾਉਣ ਦੀ ਅਪੀਲ ਵਾਲੀ ਅੰਤ੍ਰਿਮ ਅਰਜ਼ੀ ’ਤੇ ਆਪਣਾ ਹੁਕਮ ਸੁਰੱਖਿਅਤ ਰੱਖ ਲਿਆ।
ਸੁਪਰੀਮ ਕੋਰਟ ਦੀ 2 ਮੈਂਬਰੀ ਬੈਂਚ ਨੇ 11 ਅਗਸਤ ਨੂੰ ਅਧਿਕਾਰੀਆਂ ਨੂੰ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ ’ਚ ਸਾਰੇ ਇਲਾਕਿਆਂ ’ਚੋਂ ਛੇਤੀ ਤੋਂ ਛੇਤੀ ਆਵਾਰਾ ਕੁੱਤਿਆਂ ਨੂੰ ਚੁੱਕਣਾ ਸ਼ੁਰੂ ਕਰਨ ਅਤੇ ਕੁੱਤਿਆਂ ਲਈ ਬਣੇ ‘ਆਸਰਾ ਵਾੜਿਆਂ’ ’ਚ ਭੇਜਣ ਦਾ ਹੁਕਮ ਦਿੱਤਾ ਸੀ।
ਜਸਟਿਸ ਵਿਕਰਮ ਨਾਥ ਦੀ ਪ੍ਰਧਾਨਗੀ ’ਚ ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐੱਨ. ਵੀ. ਅੰਜਾਰੀਆ ਦੀ 3 ਮੈਂਬਰੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਸੁਣਵਾਈ ਦੌਰਾਨ ਦਿੱਲੀ ਸਰਕਾਰ ਨੇ ਕਿਹਾ ਕਿ ਕੁੱਤਿਆਂ ਦੇ ਵੱਢਣ ਨਾਲ ‘ਰੈਬੀਜ਼’ ਕਾਰਨ ਬੱਚਿਆਂ ਦੀ ਮੌਤ ਹੋ ਰਹੀ ਹੈ ਅਤੇ ਆਵਾਰਾ ਕੁੱਤਿਆਂ ਦੇ ਮੁੱਦੇ ਨੂੰ ਸੁਲਝਾਉਣ ਦੀ ਲੋੜ ਹੈ, ਨਾ ਕਿ ਇਸ ’ਤੇ ਵਿਵਾਦ ਕਰਨ ਦੀ। ਦਿੱਲੀ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ 3 ਮੈਂਬਰੀ ਬੈਂਚ ਨੂੰ ਦੱਸਿਆ ਕਿ ਦੇਸ਼ ’ਚ ਇਕ ਸਾਲ ’ਚ ਕੁੱਤਿਆਂ ਦੇ ਵੱਢਣ ਦੇ 37 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।