ਪਰਾਲੀ ਸਾੜਨ ਨੂੰ ਲੈ ਕੇ ਉੱਤਰ ਪ੍ਰਦੇਸ਼ ''ਚ 166 ਕਿਸਾਨਾਂ ''ਤੇ FIR, ਲੱਗੇ ਭਾਰੀ ਜੁਰਮਾਨੇ

11/06/2019 12:24:24 PM

ਲਖਨਊ (ਭਾਸ਼ਾ)— ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਸੂਰਈਆ ਪ੍ਰਤਾਪ ਸ਼ਾਹੀ ਨੇ ਕਿਹਾ ਕਿ ਪਰਾਲੀ ਸਾੜਨ 'ਤੇ 166 ਕਿਸਾਨਾਂ ਵਿਰੁੱਧ ਐੱਫ. ਆਈ. ਆਰ. ਦਰਜ ਕੀਤੀ ਗਈ ਅਤੇ 185 ਕਿਸਾਨਾਂ ਨੂੰ ਜੁਰਮਾਨਾ ਲਾਇਆ ਗਿਆ ਹੈ। ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਪਰਾਲੀ ਸਾੜੇ ਜਾਣ 'ਤੇ 2500 ਰੁਪਏ ਤੋਂ ਲੈ ਕੇ 15,000 ਰੁਪਏ ਤਕ ਦਾ ਜੁਰਮਾਨਾ ਲਾਏ ਜਾਣ ਅਤੇ ਦੁਹਰਾਉਣ 'ਤੇ ਐੱਫ. ਆਈ. ਆਰ. ਦਰਜ ਕੀਤੇ ਜਾਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਦੇਸ਼ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਦਾ ਪਾਲਣ ਨਾ ਕਰਨ 'ਤੇ ਹੁਣ ਤਕ ਸੂਬੇ ਵਿਚ ਕੁਝ 586 ਕਿਸਾਨਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। 166 ਕਿਸਾਨਾਂ ਵਿਰੁੱਧ ਐੱਫ. ਆਈ. ਆਰ. ਦਰਜ ਕੀਤੀ ਗਈ ਅਤੇ 185 ਕਿਸਾਨਾਂ 'ਤੇ 4,75,000 ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ। ਹੁਣ ਤਕ 50 ਕਿਸਾਨਾਂ ਤੋਂ 1,30,500 ਰੁਪਏ ਵਸੂਲੇ ਜਾ ਚੁੱਕੇ ਹਨ। 

ਸ਼ਾਹੀ ਮੁਤਾਬਕ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਪ੍ਰਤੀ ਲਾਪ੍ਰਵਾਹੀ ਵਰਤਣ ਦੇ ਦੋਸ਼ ਵਿਚ ਇਕ ਲੇਖਾਕਾਰ ਨੂੰ ਮੁਅੱਤਲ ਕੀਤਾ ਗਿਆ, ਇਕ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਗਈ ਜਦਕਿ 7 ਲੇਖਾਕਾਰਾਂ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਕ ਰਿਪੋਰਟ ਮੁਤਾਬਕ ਉੱਤਰ ਪ੍ਰਦੇਸ਼ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਪਿਛਲੇ ਸਾਲ ਦੇ ਮੁਕਾਬਲੇ 'ਚ 46.9 ਫੀਸਦੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਪ੍ਰਦੂਸ਼ਣ ਦਾ ਕਾਰਨ ਉੱਤਰ ਪ੍ਰਦੇਸ਼ 'ਚ ਪਰਾਲੀ ਸਾੜਨਾ ਨਹੀਂ ਹੈ, ਕਿਉਂਕਿ ਰਾਸ਼ਟਰੀ ਰਾਜਧਾਨੀ ਖੇਤਰ ਦੇ ਜ਼ਿਲਿਆਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਘੱਟ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਰਾਲੀ ਦੇ ਪ੍ਰਬੰਧਨ ਲਈ ਮੁੱਖ ਸਕੱਤਰ ਪੱਧਰ 'ਤੇ ਇਕ ਨਿਗਰਾਨੀ ਸੈੱਲ ਦਾ ਵੀ ਗਠਨ ਕੀਤਾ ਗਿਆ ਹੈ, ਜਿੱਥੇ ਸਾਰੇ ਜ਼ਿਲਿਆਂ ਤੋਂ ਇਸ ਸੰਬੰਧ 'ਚ ਰੋਜ਼ਾਨਾ ਦੀ ਕਾਰਵਾਈ ਦੀ ਰਿਪੋਰਟ ਪ੍ਰਾਪਤ ਕੀਤੀ ਜਾਂਦੀ ਹੈ।

Tanu

This news is Content Editor Tanu