ਸੁਬਰਮਣੀਅਮ ਸਵਾਮੀ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ, ਬੰਨੇ ਤਾਰੀਫ਼ਾਂ ਦੇ ਪੁਲ
Thursday, Nov 25, 2021 - 12:59 PM (IST)
ਨਵੀਂ ਦਿੱਲੀ— ਭਾਜਪਾ ਪਾਰਟੀ ਦੇ ਨੇਤਾ ਸੁਬਰਮਣੀਅਮ ਸਵਾਮੀ ਨੇ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ’ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨਾਲ ਮੁਲਾਕਾਤ ਮਗਰੋਂ ਸਵਾਮੀ ਨੇ ਕਿਹਾ ਕਿ ਉਨ੍ਹਾਂ ਨੇ ਪੱਛਮੀ ਬੰਗਾਲ ਦੇ ਸਿਆਸੀ ਦ੍ਰਿਸ਼ ਬਾਰੇ ਚਰਚਾ ਕੀਤੀ। ਦੋਹਾਂ ਨੇਤਾਵਾਂ ਨੇ ਬੈਠਕ ਤੋਂ ਬਾਅਦ ਤਸਵੀਰਾਂ ਵੀ ਸਾਂਝੀਆਂ ਕੀਤੀਆਂ।
ਸਵਾਮੀ ਨੇ ਟਵੀਟ ਕਰ ਕੇ ਮਮਤਾ ਬੈਨਰਜੀ ਦੇ ਤਾਰੀਫ਼ਾਂ ਦੇ ਪੁਲ ਬੰਨ੍ਹੇ। ਉਨ੍ਹਾਂ ਕਿਹਾ ਕਿ ਮੈਂ ਜਿੰਨੇ ਵੀ ਸਿਆਸੀ ਆਗੂਆਂ ਨੂੰ ਮਿਲਿਆ ਜਾਂ ਉਨ੍ਹਾਂ ਨਾਲ ਕੰਮ ਕੀਤਾ, ਉਨ੍ਹਾਂ ’ਚੋਂ ਮਮਤਾ ਬੈਨਰਜੀ, ਜੈ ਪ੍ਰਕਾਸ਼ ਨਾਰਾਇਣ, ਮੋਰਾਰਜੀ ਦੇਸਾਈ, ਰਾਜੀਵ ਗਾਂਧੀ, ਚੰਦਰਸ਼ੇਖਰ ਅਤੇ ਪੀ. ਵੀ. ਨਰਸਿੰਘ ਰਾਵ ਨਾਲ ਮੇਲ ਖਾਂਦੀ ਹੈ। ਇਨ੍ਹਾਂ ਆਗੂਆਂ ਦੀ ਕਥਨੀ ਅਤੇ ਕਰਨੀ ਬਰਾਬਰ ਸੀ। ਭਾਰਤੀ ਰਾਜਨੀਤੀ ਵਿਚ ਇਹ ਬਹੁਤ ਘੱਟ ਗੁਣ ਹਨ।
ਭਾਜਪਾ ਨੇਤਾ ਸੁਬਰਮਣੀਅਮ ਤੋਂ ਜਦੋਂ ਇਹ ਪੁੱਛਿਆ ਗਿਆ ਕਿ ਕੀ ਉਹ ਤ੍ਰਿਣਮੂਲ ਕਾਂਗਰਸ ’ਚ ਸ਼ਾਮਲ ਹੋਣਗੇ ਤਾਂ ਉਨ੍ਹਾਂ ਨੇ ਕਿਹਾ ਕਿ ਮੈਂ ਪਹਿਲਾਂ ਹੀ ਉਨ੍ਹਾਂ ਨਾਲ ਹਾਂ। ਪਾਰਟੀ ’ਚ ਸ਼ਾਮਲ ਹੋਣ ਦੀ ਮੈਨੂੰ ਜ਼ਰੂਰਤ ਨਹੀਂ ਹੈ। ਇਸ ਤੋਂ ਪਹਿਲਾਂ ਸਵਾਮੀ ਨੇ ਕੋਲਕਾਤਾ ’ਚ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ ਸੀ।
ਦੱਸ ਦੇਈਏ ਕਿ ਮਮਤਾ ਬੈਨਰਜੀ ਦਿੱਲੀ ਦੌਰੇ ’ਤੇ ਹੈ। ਉਨ੍ਹਾਂ ਦਾ ਇਹ ਦੌਰਾ ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਠੀਕ ਪਹਿਲਾਂ ਹੋਇਆ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਸਰਹੱਦ ਸੁਰੱਖਿਆ ਫੋਰਸ ਦੇ ਅਧਿਕਾਰ ਖੇਤਰ ’ਚ ਵਿਸਥਾਰ ਦੇ ਮੁੱਦੇ ਨੂੰ ਚੁੱਕਦੇ ਹੋਏ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਕਿਹਾ ਕਿ ਕਿਸੇ ਵੀ ਸੂਰਤ ਵਿਚ ਦੇਸ਼ ਦੇ ਸੰਘੀ ਢਾਂਚੇ ਨੂੰ ਨੁਕਸਾਨ ਨਹੀਂ ਪਹੁੰਚਾਇਆ ਜਾਣਾ ਚਾਹੀਦਾ।