ਪਰਾਲੀ ਸਾੜਨ ਦੇ ਮਾਮਲੇ ਜ਼ੀਰੋ 'ਤੇ ਆਉਣ 'ਤੇ ਹੀ ਸੂਬਿਆਂ ਦੀ ਸਫਲਤਾ ਹੈ : ਕੇਂਦਰੀ ਖੇਤੀਬਾੜੀ ਮੰਤਰੀ

Wednesday, Sep 21, 2022 - 09:13 PM (IST)

ਪਰਾਲੀ ਸਾੜਨ ਦੇ ਮਾਮਲੇ ਜ਼ੀਰੋ 'ਤੇ ਆਉਣ 'ਤੇ ਹੀ ਸੂਬਿਆਂ ਦੀ ਸਫਲਤਾ ਹੈ : ਕੇਂਦਰੀ ਖੇਤੀਬਾੜੀ ਮੰਤਰੀ

ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਇਕ ਉੱਚ-ਪੱਧਰੀ ਮੀਟਿੰਗ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਪ੍ਰਬੰਧਨ ਲਈ ਰਾਜਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਮੀਟਿੰਗ 'ਚ ਤੋਮਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਸੂਬਿਆਂ ਦੀ ਸਫਲਤਾ ਤਾਂ ਹੀ ਹੈ ਜਦੋਂ ਪਰਾਲੀ ਸਾੜਨ ਦੇ ਮਾਮਲੇ ਜ਼ੀਰੋ ਹੋ ਜਾਣਗੇ ਅਤੇ ਇਹ ਆਦਰਸ਼ ਸਥਿਤੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਟੀਚਾ ਪ੍ਰਾਪਤ ਕਰਨ ਲਈ ਸਾਰਿਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ ਅਤੇ ਇਕ ਬਹੁ-ਆਯਾਮੀ ਅਤੇ ਦੂਰਗਾਮੀ ਯੋਜਨਾ ਬਣਾਈ ਜਾਣੀ ਚਾਹੀਦੀ ਹੈ ਤੇ ਇਸ ਨੂੰ ਗੰਭੀਰਤਾ ਨਾਲ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮਾਮਲੇ ਵਿੱਚ ਚਿੰਤਤ ਹੈ ਅਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਤਹਿਤ ਭਾਰਤ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਸੂਬਿਆਂ ਨੂੰ 600 ਕਰੋੜ ਰੁਪਏ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਭਾਰਤੀ ਖਾਣਿਆਂ ਲਈ ਗਲਤ ਸ਼ਬਦਾਵਲੀ ਬੋਲਣ ਵਾਲੇ ਇਟਾਲੀਅਨ ਕਾਮੇਡੀਅਨ 'ਤੇ ਮਾਮਲਾ ਦਰਜ

ਤੋਮਰ ਨੇ ਕਿਹਾ ਕਿ ਸੂਬਿਆਂ ਨੂੰ ਪਿਛਲੇ 4 ਸਾਲਾਂ ਦੌਰਾਨ ਪਹਿਲਾਂ ਹੀ ਸਪਲਾਈ ਕੀਤੀਆਂ 2.07 ਲੱਖ ਮਸ਼ੀਨਾਂ ਦੀ ਪ੍ਰਭਾਵੀ ਵਰਤੋਂ ਯਕੀਨੀ ਬਣਾਉਣ ਦੀ ਲੋੜ ਹੈ। ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਉੱਚ ਅਧਿਕਾਰੀਆਂ ਅਤੇ ਖੇਤੀਬਾੜੀ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਦੀ ਸਮੀਖਿਆ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ ਸੂਬਿਆਂ ਦੀ ਤਿਆਰੀ ਅਜਿਹੀ ਹੋਣੀ ਚਾਹੀਦੀ ਹੈ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਇਕ ਖਾਸ ਟੀਚੇ ਦੀ ਮਿਆਦ ਦੇ ਅੰਦਰ ਸਾੜਨ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇ। ਸੂਬਿਆਂ ਨੂੰ ਇਸ ਬਾਰੇ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ ਕਿ ਇਸ ਸਮੱਸਿਆ ਨੂੰ ਤੇਜ਼ ਰਫ਼ਤਾਰ ਨਾਲ ਕਿਵੇਂ ਹੱਲ ਕੀਤਾ ਜਾ ਸਕਦਾ ਹੈ। ਤੋਮਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਸਿਰਫ ਵਾਤਾਵਰਣ ਨੂੰ ਨੁਕਸਾਨ ਹੁੰਦਾ ਹੈ, ਸਗੋਂ ਇਸ ਦਾ ਕਿਸਾਨਾਂ ਦੇ ਖੇਤਾਂ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ, ਜਿਸ ਨਾਲ ਕਿਸਾਨ, ਸੂਬੇ ਅਤੇ ਦੇਸ਼ ਦਾ ਵੀ ਨੁਕਸਾਨ ਹੁੰਦਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੀਮਾਂ ਲਈ 646 ਕਰੋੜ ਰੁਪਏ ਜਾਰੀ : ਹਰਪਾਲ ਚੀਮਾ

ਤੋਮਰ ਨੇ ਕਿਹਾ ਕਿ ਪਰਾਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਪੂਸਾ ਸੰਸਥਾ ਵੱਲੋਂ ਤਿਆਰ ਕੀਤਾ ਗਿਆ ਬਾਇਓ-ਡੀਕੰਪੋਜ਼ਰ ਮਹੱਤਵਪੂਰਨ ਹੈ, ਜੋ ਕਿ ਸਸਤੀ ਵੀ ਹੈ, ਇਸ ਦੀ ਵੱਧ ਤੋਂ ਵੱਧ ਵਰਤੋਂ 'ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ, ਨਾਲ ਹੀ ਪੂਸਾ ਸੰਸਥਾ ਵੱਲੋਂ ਕਿਸਾਨਾਂ ਨੂੰ ਅਜਿਹੇ ਖੇਤਾਂ ਵਿੱਚ ਲੈ ਕੇ ਜਾਣ ਦੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਇਸ ਵਿਧੀ ਨੂੰ ਦੇਖਿਆ ਜਾਣਾ ਚਾਹੀਦਾ ਹੈ ਤਾਂ ਜੋ ਉਹ ਜਾਣ ਸਕਣ ਕਿ ਇਸ ਦਾ ਲਾਭ ਕਿਵੇਂ ਹੋ ਰਿਹਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਸਾਨੂੰ ਕੂੜੇ ਨੂੰ ਦੌਲਤ ਵਿੱਚ ਬਦਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਮੀਟਿੰਗ 'ਚ ਦੱਸਿਆ ਗਿਆ ਕਿ ਯੂ.ਪੀ.ਐੱਲ. ਗਰੁੱਪ ਵੱਲੋਂ ਪੂਸਾ ਇੰਸਟੀਚਿਊਟ ਅਤੇ ਸੂਬਾ ਸਰਕਾਰਾਂ ਦੇ ਸਹਿਯੋਗ ਨਾਲ ਪਰਾਲੀ ਪ੍ਰਬੰਧਨ ਸਬੰਧੀ ਚੰਗਾ ਕੰਮ ਕੀਤਾ ਜਾ ਰਿਹਾ ਹੈ। ਰਾਜ ਪੱਧਰ 'ਤੇ ਸਾਰੇ ਉਪਲਬਧ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਤੀਬਰ ਜਾਗਰੂਕਤਾ ਮੁਹਿੰਮਾਂ ਰਾਹੀਂ ਬਹੁ-ਪੱਖੀ ਪਹੁੰਚ ਦੀ ਲੋੜ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਤਾਰ ਗੈਂਗਸਟਰ ਰਵੀ ਨਾਲ ਜੁੜੇ!

ਫ਼ਸਲ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਫ਼ਸਲ ਦੀ ਉਮਰ ਮਹੱਤਵਪੂਰਨ ਹੈ। ਭਾਰਤੀ ਖੇਤੀ ਖੋਜ ਪ੍ਰੀਸ਼ਦ (ਆਈ.ਸੀ.ਏ.ਆਰ.) ਨੇ ਅਜਿਹੀ ਬੀਜ ਪ੍ਰਜਾਤੀ ਵਿਕਸਿਤ ਕੀਤੀ ਹੈ, ਜਿਸ ਨਾਲ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਮਦਦ ਮਿਲ ਸਕਦੀ ਹੈ। ਸੂਬਿਆਂ ਨੂੰ ਇਹ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਦੀ ਬੇਨਤੀ ਕੀਤੀ ਗਈ ਸੀ। ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸਕੱਤਰ ਮਨੋਜ ਆਹੂਜਾ, ਆਈ.ਸੀ.ਏ.ਆਰ. ਦੇ ਡਾਇਰੈਕਟਰ ਜਨਰਲ ਡਾ. ਹਿਮਾਂਸ਼ੂ ਪਾਠਕ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News