ਸਹਿਜਤਾ ਨਾਲ ਲਾਗੂ ਹੋਇਆ ਜੀ. ਐੱਸ. ਟੀ. : ਜੇਟਲੀ

Thursday, Jul 20, 2017 - 02:52 AM (IST)

ਨਵੀਂ ਦਿੱਲੀ — ਭਾਰਤੀ ਜਨਤਾ ਪਾਰਟੀ ਦੀ ਬੈਠਕ 'ਚ ਸੋਮਵਾਰ ਨੂੰ ਵਸਤੂ ਅਤੇ ਸੇਵਾ ਟੈਕਸ (ਜੀ. ਐੱਸ. ਟੀ.) ਨੂੰ ਲਾਗੂ ਕੀਤੇ ਜਾਣ ਨਾਲ ਆਮ ਲੋਕਾਂ ਨੂੰ ਹੋਣ ਵਾਲੇ ਲਾਭ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਗਿਆ ਕਿ ਇਸ ਨਾਲ ਦੇਸ਼ 'ਚ ਵਿਕਾਸ ਨੂੰ ਰਫਤਾਰ ਮਿਲਣ ਦੇ ਨਾਲ ਹੀ ਵਪਾਰ ਵੀ ਵਧੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਜ਼ਰੀ 'ਚ ਇਥੇ ਸੰਸਦ ਭਵਨ ਕੰਪਲੈਕਸ 'ਚ ਹੋਈ ਬੈਠਕ 'ਚ ਵਿੱਤ ਮੰਤਰੀ ਅਰੁਣ ਜੇਟਲੀ ਨੇ ਜੀ. ਐੱਸ. ਟੀ. ਦੇ ਲਾਗੂ ਹੋਣ ਨਾਲ ਆਮ ਲੋਕਾਂ ਨੂੰ ਹੋਣ ਵਾਲੇ ਲਾਭ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਨਾਲ ਦੇਸ਼ 'ਚ ਇਕ ਟੈਕਸ ਪ੍ਰਣਾਲੀ ਲਾਗੂ ਹੋ ਗਈ ਹੈ, ਜਿਸ ਨਾਲ ਕਾਰੋਬਾਰ 'ਚ ਆਸਾਨੀ ਹੋਵੇਗੀ ਅਤੇ ਵਿਕਾਸ ਦੀ ਰਫਤਾਰ ਨੂੰ ਤੇਜ਼ ਕੀਤਾ ਜਾ ਸਕੇਗਾ।
ਸੰਸਦੀ ਮਾਮਲਿਆਂ ਬਾਰੇ ਮੰਤਰੀ ਅਨੰਤ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੈਠਕ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਟਲੀ ਨੇ ਸੰਸਦੀ ਦਲ ਨੂੰ ਜੀ. ਐੱਸ. ਟੀ. ਨੂੰ ਲਾਗੂ ਕੀਤੇ ਜਾਣ ਬਾਰੇ ਦੱਸਿਆ ਅਤੇ ਕਿਹਾ ਕਿ ਇਸ ਨੂੰ ਪੂਰੇ ਦੇਸ਼ 'ਚ ਸਹਿਜਤਾ ਨਾਲ ਲਾਗੂ ਕੀਤਾ ਗਿਆ ਹੈ। ਸੂਬਿਆਂ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਹੋਣ ਦੇ ਬਾਵਜੂਦ ਇਸ ਮਾਮਲੇ 'ਚ ਪੂਰਾ ਦੇਸ਼ ਇਕਜੁੱਟ ਰਿਹਾ ਅਤੇ ਕਿਤੋਂ ਵੀ ਵਿਰੋਧ ਦੀਆਂ ਸੁਰਾਂ ਨਹੀਂ ਸੁਣਨ ਨੂੰ ਮਿਲੀਆਂ। ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਚੱਲੇਗੀ ਅਤੇ ਸਰਕਾਰ ਵਿਰੋਧੀ ਧਿਰ ਵਲੋਂ ਉਠਾਏ ਜਾਣ ਵਾਲੇ ਕਿਸੇ ਵੀ ਮੁੱਦੇ 'ਤੇ ਚਰਚਾ ਲਈ ਤਿਆਰ ਹੈ।
ਬੈਠਕ 'ਚ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਦੇ ਨਾਲ ਹੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਕੇਂਦਰੀ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਮੰਤਰੀ ਕਲਰਾਜ ਮਿਸ਼ਰ, ਖੇਤੀ ਮੰਤਰੀ ਰਾਧਾ ਮੋਹਨ ਸਿੰਘ, ਸਮਾਜਿਕ ਨਿਆਂ ਅਤੇ ਅਧਿਕਾਰਿਤ ਮੰਤਰੀ ਥਾਵਰ ਚੰਦ ਗਹਿਲੋਤ, ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ. ਪੀ. ਨੱਡਾ, ਕਿਰਤ ਮੰਤਰੀ ਬੰਡਾਰੂ ਦੱਤਤ੍ਰੇਯ, ਸੰਚਾਰ ਮੰਤਰੀ ਮਨੋਹਰ ਸਿਨਹਾ, ਵਣਜ ਅਤੇ ਉਦਯੋਗ ਮੰਤਰੀ ਨਿਰਮਲਾ ਸੀਤਾਰਮਨ ਅਤੇ ਹੋਰ ਪ੍ਰਮੁੱਖ ਆਗੂ ਮੌਜੂਦ ਸਨ।


Related News