ਢੀਂਡਸਾ ਨੇ ‘ਆਜ ਤੱਕ’ ਚੈਨਲ ਵਿਰੁੱਧ ਦਿੱਲੀ ਹਾਈ ਕੋਰਟ ’ਚ ਦਾਇਰ ਕੀਤੀ ਪਟੀਸ਼ਨ

01/30/2021 10:33:06 AM

ਨਵੀਂ ਦਿੱਲੀ/ਚੰਡੀਗੜ੍ਹ (ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ‘ਆਜ ਤੱਕ’ ਚੈਨਲ ਵਲੋਂ ਸਿੱਖਾਂ ਦੇ ਵਿਰੁੱਧ ਚਲਾਏ ਜਾ ਰਹੇ ਵੰਡ-ਪਾਊ ਏਜੰਡੇ ਖਿਲਾਫ਼ ਦਿੱਲੀ ਹਾਈ ਕੋਰਟ ਵਿਚ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ, ਜਿਸ ਨੂੰ ਅਦਾਲਤ ਵਲੋਂ ਸਵੀਕਾਰ ਕਰ ਲਿਆ ਗਿਆ ਹੈ । ਇਸ ਸਬੰਧ ਵਿਚ ਅਗਲੀ ਸੁਣਵਾਈ 1 ਫਰਵਰੀ ਨਿਰਧਾਰਤ ਕੀਤੀ ਗਈ ਹੈ।

ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਮੌਕੇ ਰਾਮ ਮੰਦਰ ਦੀ ਇਕ ਝਾਕੀ ਕੱਢੀ ਗਈ ਸੀ, ਜਿਸ ਦਾ ਇੱਕ ਗੁੰਬਦ ਟੁੱਟਿਆ ਹੋਇਆ ਸੀ ਅਤੇ ਇਸ ਨੂੰ ਚੈਨਲ ‘ਆਜ ਤੱਕ’ ਵਲੋਂ ਇਸ ਤਰੀਕੇ ਨਾਲ ਪੇਸ਼ ਕੀਤਾ ਗਿਆ ਕਿ ਜਿਵੇਂ ਇਹ ਕਾਰਵਾਈ ਕਿਸੇ ਸਿੱਖ ਨੇ ਕੀਤੀ ਹੈ। ਉਕਤ ਚੈਨਲ ਵਲੋਂ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਝੀ ਹਰਕਤ ਦੇ ਵਿਰੁੱਧ ਉਨ੍ਹਾਂ ਨੇ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਹਰੇਕ ਧਰਮ ਦਾ ਸਨਮਾਨ ਕਰਦੇ ਹਨ ਅਤੇ ਦੇਸ਼ ਦੀ ਆਜ਼ਾਦੀ ਲਈ ਸਿੱਖਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਇਕ ਚੈਨਲ ਵਲੋਂ ਇਸ ਘਟਨਾ ਨੂੰ ਫਿਰਕੂ ਰੰਗਤ ਦੇਣਾ ਸ਼ੋਭਾ ਨਹੀਂ ਦਿੰਦਾ। ਮੀਡੀਆ ਨੂੰ ਅਜਿਹੀਆਂ ਗੱਲਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜਿਨ੍ਹਾਂ ਨਾਲ ਦੇਸ਼ ਵਿਚ ਅਸ਼ਾਂਤੀ ਪੈਦਾ ਹੋਵੇ।


Rakesh

Content Editor

Related News