ਸੁਪਰੀਮ ਕੋਰਟ ਵਲੋਂ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ''ਤੇ ਸੁਣਵਾਈ 11 ਮਾਰਚ ਤੱਕ ਮੁਲਤਵੀ
Tuesday, Feb 17, 2026 - 06:10 PM (IST)
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਬੇਅੰਤ ਸਿੰਘ ਕਤਲਕਾਂਡ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਉਸ ਪਟੀਸ਼ਨ 'ਤੇ ਸੁਣਵਾਈ 11 ਮਾਰਚ ਤੱਕ ਲਈ ਮੁਲਤਵੀ ਕਰ ਦਿੱਤੀ, ਜਿਸ 'ਚ ਉਸ ਨੇ ਖ਼ੁਦ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ 'ਚ ਭੇਜਣ ਦੀ ਅਪੀਲ ਕੀਤੀ ਸੀ। ਬੱਬਰ ਖਾਲਸਾ ਦਾ ਅੱਤਵਾਦੀ 1995 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਕਤਲ ਨਾਲ ਸੰਬੰਧ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਜੱਜ ਐੱਮ.ਐੱਮ. ਸੁੰਦਰੇਸ਼ ਅਤੇ ਜੱਜ ਐੱਨ. ਕੋਟਿਸ਼ਵਰ ਸਿੰਘ ਦੀ ਬੈਂਚ ਨੇ ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਵਲੋਂ ਮੁਲਤਵੀ ਕਰਨ ਦੀ ਬੇਨਤੀ ਕਰਨ ਤੋਂ ਬਾਅਦ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ। ਪਿਛਲੇ ਸਾਲ 27 ਸਤੰਬਰ ਨੂੰ, ਸੁਪਰੀਮ ਕੋਰਟ ਨੇ ਹਵਾਰਾ ਦੀ ਪਟੀਸ਼ਨ 'ਤੇ ਕੇਂਦਰ, ਚੰਡੀਗੜ੍ਹ ਪ੍ਰਸ਼ਾਸਨ ਅਤੇ ਦਿੱਲੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਹਵਾਰਾ 31 ਅਗਸਤ, 1995 ਨੂੰ ਚੰਡੀਗੜ੍ਹ 'ਚ ਸਿਵਲ ਸਕੱਤਰੇਤ ਦੇ ਪ੍ਰਵੇਸ਼ ਦੁਆਰ 'ਤੇ ਹੋਏ ਧਮਾਕੇ ਨਾਲ ਸੰਬੰਧਤ ਮਾਮਲੇ ' ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ, ਜਿਸ 'ਚ ਬੇਅੰਤ ਸਿੰਘ ਅਤੇ 16 ਹੋਰ ਲੋਕ ਮਾਰੇ ਗਏ ਸਨ।
ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ 'ਚ ਕਿਹਾ ਗਿਆ ਹੈ ਕਿ 22 ਜਨਵਰੀ 2004 ਨੂੰ ਜੇਲ੍ਹ ਤੋਂ ਦੌੜਣ ਅਤੇ ਬਾਅਦ 'ਚ ਗ੍ਰਿਫ਼ਤਾਰ ਹੋਣ ਦੀ ਘਟਨਾ ਨੂੰ ਛੱਡ ਕੇ, ਹਵਾਰਾ ਦਾ ਜੇਲ੍ਹ 'ਚ ਰਵੱਈਆ ਬੇਦਾਗ਼ ਰਿਹਾ ਹੈ। ਇਸ 'ਚ ਅਪੀਲ ਕੀਤੀ ਗਈ ਹੈ ਕਿ ਉਸ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਹੋਰ ਜੇਲ੍ਹ 'ਚ ਭੇਜ ਦਿੱਤਾ ਜਾਣਾ ਚਾਹੀਦਾ, ਕਿਉਂਕਿ ਰਾਸ਼ਟਰੀ ਰਾਜਧਾਨੀ 'ਚ ਉਸ ਖ਼ਿਲਾਫ਼ ਕੋਈ ਮਾਮਲਾ ਪੈਂਡਿੰਗ ਨਹੀਂ ਹੈ। ਪਟੀਸ਼ਨ 'ਚ ਕਿਹਾ ਗਿਆ ਹੈ,''ਪਟੀਸ਼ਨਕਰਤਾ (ਹਵਾਰਾ) ਮੌਜੂਦਾ ਸਮੇਂ ਪੰਜਾਬ ਸੂਬੇ 'ਚ ਦਰਜ ਇਕ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ... ਉਹ ਪੰਜਾਬ ਸੂਬੇ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦਾ ਵਾਸੀ ਹੈ ਅਤੇ ਉਸ ਨੂੰ ਪੰਜਾਬ ਦੀ ਹੀ ਕਿਸੇ ਜੇਲ੍ਹ 'ਚ ਰੱਖਿਆ ਜਾਣਾ ਚਾਹੀਦਾ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
