''ਰਾਜੋਆਣਾ ਦੀ ਰਹਿਮ ਦੀ ਅਪੀਲ ਦਾ ਮਾਮਲਾ ਸੰਵੇਦਨਸ਼ੀਲ'', ਫ਼ੈਸਲਾ ਲੈਣ ਲਈ ਕੇਂਦਰ ਨੇ ਮੰਗਿਆ ਸਮਾਂ
Monday, Nov 25, 2024 - 01:01 PM (IST)
ਨਵੀਂ ਦਿੱਲੀ (ਭਾਸ਼ਾ)- ਕੇਂਦਰ ਨੇ ਸੁਪਰੀਮ ਕੋਰਟ ਨੂੰ ਸੋਮਵਾਰ ਨੂੰ ਕਿਹਾ ਕਿ 1995 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਨਾਲ ਸਬੰਧਤ ਮਾਮਲਾ ਸੰਵੇਦਨਸ਼ੀਲ ਹੈ। ਅਜਿਹੇ 'ਚ ਕੇਂਦਰ ਨੇ ਫ਼ੈਸਲਾ ਲੈਣ ਲਈ ਹੋਰ ਸਮੇਂ ਦੀ ਮੰਗ ਕੀਤੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ 4 ਹਫ਼ਤਿਆਂ ਲਈ ਟਾਲ ਦਿੱਤੀ। ਜਸਟਿਸ ਬੀ.ਆਰ. ਗਵਈ ਦੀ ਅਗਵਾਈ ਵਾਲੀ ਬੈਂਚ ਰਾਜੋਆਣਾ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ, ਜਿਸ 'ਚ ਉਸ ਦੀ ਰਹਿਮ ਦੀ ਅਪੀਲ 'ਤੇ ਫੈਸਲੇ 'ਚ 'ਬੇਹੱਦ ਦੇਰੀ' ਕਾਰਨ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਸਾਲਿਸੀਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਕਿਹਾ,“ਇਹ ਸੰਵੇਦਨਸ਼ੀਲ ਮਾਮਲਾ ਹੈ। ਕੁਝ ਏਜੰਸੀਆਂ ਨਾਲ ਸਲਾਹ ਕਰਨੀ ਪਵੇਗੀ।'' ਇਸ ਬੈਂਚ 'ਚ ਜਸਟਿਸ ਪੀ.ਕੇ. ਮਿਸ਼ਰਾ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਵੀ ਸ਼ਾਮਲ ਹਨ। ਮਾਮਲੇ 'ਚ ਪੇਸ਼ ਹੋਏ ਵਧੀਕ ਸਾਲਿਸੀਟਰ ਜਨਰਲ ਕੇ.ਐੱਮ. ਨਟਰਾਜ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਦੀ ਸਮੀਖਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਇਹ ਸੰਵੇਦਨਸ਼ੀਲ ਮਾਮਲਾ ਹੈ, ਇਸ ਲਈ ਕੁਝ ਹੋਰ ਜਾਣਕਾਰੀ ਇਕੱਠੀ ਕਰਨ ਦੀ ਲੋੜ ਹੈ। ਬੈਂਚ ਨੇ ਕਿਹਾ ਕਿ ਉਹ ਚਾਰ ਹਫ਼ਤਿਆਂ ਬਾਅਦ ਪਟੀਸ਼ਨ 'ਤੇ ਸੁਣਵਾਈ ਕਰੇਗੀ।
ਅਦਾਲਤ ਨੇ 18 ਨਵੰਬਰ ਨੂੰ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਆਪਣੇ ਉਸ ਆਦੇਸ਼ 'ਤੇ ਰੋਕ ਲਗਾ ਦਿੱਤੀ ਸੀ, ਜਿਸ ਦੇ ਅਧੀਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸਕੱਤਰ ਨੂੰ ਨਿਰਦੇਸ਼ ਦਿੱਤਾ ਗਿਆ ਸੀ ਕਿ ਉਹ ਰਾਜੋਆਣਾ ਦੀ ਰਹਿਣ ਦੀ ਅਪੀਲ ਨੂੰ ਰਾਸ਼ਟਰਪਤੀ ਦੇ ਸਾਹਮਣੇ ਰੱਖਣ। ਬੈਂਚ ਨੇ 18 ਨਵੰਬਰ ਦੀ ਸਵੇਰ ਇਹ ਆਦੇਸ਼ ਦਿੱਤਾ ਸੀ ਪਰ ਸਾਲਿਸੀਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਅਪੀਲ ਕੀਤੀ ਸੀ ਕਿ ਇਸ ਆਦੇਸ਼ 'ਤੇ ਅਮਲ ਨਹੀਂ ਕੀਤਾ ਜਾਣਾ ਚਾਹੀਦਾ, ਕਿਉਂਕਿ ਇਹ ਬੇਹੱਦ ਸੰਵੇਦਨਸ਼ੀਲ ਮੁੱਦਾ ਹੈ। ਮੇਹਤਾ ਨੇ ਬੈਂਚ ਨੂੰ ਦੱਸਿਆ ਸੀ ਕਿ ਫਾਈਲ ਅਜੇ ਗ੍ਰਹਿ ਮੰਤਰਾਲਾ ਕੋਲ ਹੈ, ਰਾਸ਼ਟਰਪਤੀ ਕੋਲ ਨਹੀਂ। ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ 'ਤੇ ਕੇਂਦਰ, ਪੰਜਾਬ ਸਰਕਾਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ। ਰਾਜੋਆਣਾ ਨੂੰ 31 ਅਗਸਤ 1995 ਨੂੰ ਚੰਡੀਗੜ੍ਹ 'ਚ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਧਮਾਕਾ ਮਾਮਲੇ 'ਚ ਦੋਸ਼ੀ ਪਾਇਆ ਗਿਆ ਸੀ। ਇਸ ਘਟਨਾ 'ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਲੋਕ ਮਾਰੇ ਗਏ ਸਨ। ਜੁਲਾਈ 2007 'ਚ ਇਕ ਵਿਸ਼ੇਸ਼ ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਰਾਜੋਆਣਾ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਮਾਰਚ 2012 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਉਸ ਵਲੋਂ ਮੁਆਫ਼ੀ ਦੀ ਅਪੀਲ ਕਰਦੇ ਹੋਏ ਸੰਵਿਧਾਨ ਦੀ ਧਾਰਾ-72 ਦੇ ਅਧੀਨ ਇਕ ਰਹਿਮ ਦੀ ਅਪੀਲ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਪਿਛਲੇ ਸਾਲ 3 ਮਈ ਨੂੰ ਰਾਜੋਆਣਾ ਨੂੰ ਸੁਣਾਈ ਗਈ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਤੋਂ ਇਨਕਾਰ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸਮਰੱਥ ਅਥਾਰਟੀ ਉਸ ਦੀ ਰਹਿਮ ਦੀ ਅਪੀਲ 'ਤੇ ਵਿਚਾਰ ਕਰ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8