SC ਨੇ ਡੱਲੇਵਾਲ ਨੂੰ ਹਸਪਤਾਲ ''ਚ ਦਾਖ਼ਲ ਕਰਵਾਉਣ ਲਈ ਸਰਕਾਰ ਨੂੰ ਦਿੱਤਾ 3 ਦਿਨ ਦਾ ਹੋਰ ਸਮਾਂ

Tuesday, Dec 31, 2024 - 12:53 PM (IST)

SC ਨੇ ਡੱਲੇਵਾਲ ਨੂੰ ਹਸਪਤਾਲ ''ਚ ਦਾਖ਼ਲ ਕਰਵਾਉਣ ਲਈ ਸਰਕਾਰ ਨੂੰ ਦਿੱਤਾ 3 ਦਿਨ ਦਾ ਹੋਰ ਸਮਾਂ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਪਿਛਲੇ 35 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਕਰਾਉਣ ਸੰਬੰਧੀ ਉਸ ਦੇ ਆਦੇਸ਼ 'ਤੇ ਪੰਜਾਬ ਸਰਕਾਰ ਵਲੋਂ ਪਾਲਣਾ ਕਰਨ ਦੇ ਮਾਮਲੇ 'ਚ ਮੰਗਲਵਾਰ ਨੂੰ ਸੁਣਵਾਈ 2 ਜਨਵਰੀ ਤੱਕ ਟਾਲ ਦਿੱਤੀ। ਜਸਟਿਸ ਸੂਰੀਆਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਛੁੱਟੀ ਵਾਲੀ ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 2 ਜਨਵਰੀ ਦੀ ਤਾਰੀਖ਼ ਤੈਅ ਕੀਤੀ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਕਿਹਾ ਕਿ ਅਦਾਲਤ ਦੇ 20 ਦਸੰਬਰ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਤਿੰਨ ਦਿਨਾਂ ਦਾ ਹੋਰ ਸਮਾਂ ਮੰਗਣ ਵਾਲੀ ਅਰਜ਼ੀ ਦਾਇਰ ਕੀਤੀ ਗਈ ਹੈ। ਸਿੰਘ ਨੇ ਕਿਹਾ ਕਿ ਗੱਲਬਾਤ ਕਰਨ ਵਾਲਿਆਂ ਦੀ ਇਕ ਟੀਮ ਧਰਨੇ ਵਾਲੀ ਥਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ ਅਤੇ ਡੱਲੇਵਾਲ ਨੂੰ ਖਨੌਰੀ ਸਰਹੱਦ ਦੇ ਪੰਜਾਬ ਵਾਲੇ ਪਾਸੇ ਨੇੜਲੇ ਅਸਥਾਈ ਹਸਪਤਾਲ 'ਚ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਬੈਂਚ ਨੇ ਕਿਹਾ ਕਿ ਉਹ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਹੋਈ ਗੱਲਬਾਤ 'ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੀ ਅਤੇ ਸਿਰਫ਼ ਆਪਣੇ ਪਹਿਲੇ ਦੇ ਹੁਕਮਾਂ ਦੀ ਪਾਲਣਾ ਚਾਹੁੰਦੀ ਹੈ। ਬੈਂਚ ਨੇ ਸਿੰਘ ਦੀਆਂ ਦਲੀਲਾਂ ਦਰਜ ਕੀਤੀਆਂ ਅਤੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ। ਇਸ ਤੋਂ ਪਹਿਲੇ 28 ਦਸੰਬਰ ਨੂੰ ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਹਸਪਤਾਲ ਨਹੀਂ ਭੇਜਣ ਕਾਰਨ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਸੀ। ਨਾਲ ਹੀ ਉਸ ਨੇ 70 ਸਾਲਾ ਕਿਸਾਨਾ ਆਗੂ ਨੂੰ ਮੈਡੀਕਲ ਮਦਦ ਉਪਲੱਬਧ ਕਰਵਾਉਣ 'ਚ ਰੁਕਾਵਟ ਪਾਉਣ ਲਈ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਨੀਅਤ 'ਤੇ ਸ਼ੱਕ ਜਤਾਇਆ ਸੀ। ਕੇਂਦਰ 'ਤੇ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨਾਂ ਦੀਆਂ ਮੰਗਾਂ ਨੂੰ ਸਵੀਕਾਰ ਕਰਨ ਦਾ ਦਬਾਅ ਬਣਾਉਣ ਲਈ ਡੱਲੇਵਾਲ 26 ਨਵੰਬਰ ਤੋਂ ਪੰਜਾਬ ਅਤੇ ਹਰਿਆਣਾ ਵਿਚਾਲੇ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਹਨ। ਸੁਰੱਖਿਆ ਫ਼ੋਰਸਾਂ ਵਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਲੀ ਕੂਚ ਤੋਂ ਰੋਕੇ ਜਾਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਕਿਸਾਨ 13 ਫਰਵਰੀ ਤੋਂ ਪੰਜਾਬ ਅਤੇ ਹਰਿਆਣਾ ਵਿਚਾਲੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਡੇਰੇ ਲਾਏ ਹੋਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News