ਖੋਲ੍ਹਿਆ ਜਾਵੇ ਸ਼ੰਭੂ ਬਾਰਡਰ, ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ
Monday, Aug 12, 2024 - 03:36 PM (IST)

ਨਵੀਂ ਦਿੱਲੀ- ਕਿਸਾਨ ਅੰਦੋਲਨ ਕਾਰਨ ਬੰਦ ਕੀਤੇ ਗਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾ ਨੂੰ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਅੱਜ ਯਾਨੀ ਕਿ ਸੋਮਵਾਰ ਨੂੰ ਸੁਣਵਾਈ ਹੋਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਹਾਈਵੇਅ ਪਾਰਕਿੰਗ ਏਰੀਆ ਨਹੀਂ ਹੈ, ਸ਼ੰਭੂ ਬਾਰਡਰ ਖੋਲ੍ਹਿਆ ਜਾਵੇ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸ਼ੰਭੂ ਬਾਰਡਰ 'ਤੇ ਸੜਕ ਤੋਂ ਟਰੈਕਟਰ ਹਟਾਉਣ ਲਈ ਸਮਝਾਵੇ। ਕੋਰਟ ਮੁਤਾਬਕ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਖੋਲ੍ਹੇ ਦੇ ਹੁਕਮ ਦਿੱਤੇ ਹਨ। ਕੋਰਟ ਨੇ ਦੋਵੇਂ ਸਾਈਡ ਇਕ-ਇਕ ਲੇਨ ਖੋਲ੍ਹਣ ਨੂੰ ਕਿਹਾ ਹੈ।
ਇਹ ਵੀ ਪੜ੍ਹੋ- ਸਥਿਤੀ ਖ਼ਰਾਬ ਨਾ ਕਰਨ ਪੰਜਾਬ ਤੇ ਹਰਿਆਣਾ, ਸ਼ੰਭੂ ਸਰਹੱਦ ਦੇ ਅੰਦੋਲਨ ਨੂੰ ਲੈ ਕੇ ਕੋਰਟ ਨੇ ਕੀਤੀ ਟਿੱਪਣੀ
22 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ
ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਮੇਟੀ ਬਣਾਈ ਜਾਵੇਗੀ। ਪੰਜਾਬ ਅਤੇ ਹਰਿਆਣਾ ਦੇ ਪੁਲਸ ਅਫ਼ਸਰਾਂ ਨੂੰ ਇਸ ਸਬੰਧੀ ਇਕ ਹਫ਼ਤੇ ਦੇ ਅੰਦਰ ਮੀਟਿੰਗ ਕਰ ਕੇ ਰੂਪ ਰੇਖਾ ਤੈਅ ਕਰਨ ਦੇ ਹੁਕਮ ਦਿੱਤੇ ਗਏ ਹਨ। ਸੁਪਰੀਮ ਕੋਰਟ 'ਚ ਇਸ ਮਾਮਲੇ ਨੂੰ ਲੈ ਕੇ ਹੁਣ ਅਗਲੀ ਸੁਣਵਾਈ 22 ਅਗਸਤ 2024 ਨੂੰ ਹੋਵੇਗੀ।
ਇਹ ਵੀ ਪੜ੍ਹੋ- ਪ੍ਰਿੰਸੀਪਲ ਦੀ ਘਿਨੌਣੀ ਕਰਤੂਤ; ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ, ਇੰਝ ਖੁੱਲ੍ਹਿਆ ਭੇਤ
ਸੁਪਰੀਮ ਕੋਰਟ ਬਾਰਡਰ ਬੰਦ ਕਰਨ 'ਤੇ ਲਾ ਚੁੱਕਾ ਹੈ ਫਟਕਾਰ
ਸੁਪਰੀਮ ਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉਜਲ ਭੂਈਆ ਦੀ ਡਿਵੀਜ਼ਨ ਬੈਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਹਰਿਆਣਾ ਸਰਕਾਰ ਨੂੰ ਬਾਰਡਰ ਬੰਦ ਹੋਣ ਕਾਰਨ ਫਟਕਾਰ ਲਗਾ ਚੁੱਕਾ ਹੈ।
ਇਹ ਵੀ ਪੜ੍ਹੋ- ਦੁਖ਼ਦ ਖ਼ਬਰ: ਸਕੂਲ ਬੱਸ ਪਲਟਣ ਕਾਰਨ 8 ਸਾਲਾ ਬੱਚੀ ਦੀ ਮੌਤ
ਫਰਵਰੀ ਤੋਂ ਚੱਲ ਰਿਹਾ ਕਿਸਾਨਾਂ ਦਾ ਸੰਘਰਸ਼
ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸਾਨ ਫਰਵਰੀ 2024 ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਲੈ ਕੇ ਅੰਦੋਲਨ 'ਤੇ ਹਨ। ਅਜਿਹੇ 'ਚ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਹਰਿਆਣਾ ਅਤੇ ਪੰਜਾਬ ਦੇ ਸ਼ੰਭੂ ਬਾਰਡਰ ਨੂੰ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ। ਕਿਸਾਨਾਂ ਨੇ ਪੰਜਾਬ ਵੱਲ ਬਾਰਡਰ 'ਤੇ ਪੱਕਾ ਮੋਰਚਾ ਬਣਾ ਲਿਆ। ਅਜਿਹੇ 'ਚ ਉਥੋਂ ਆਵਾਜਾਈ ਬੰਦ ਹੈ। ਇਸ ਕਾਰਨ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਸੀ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ ਪਰ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8