''''...ਤਾਂ ਰਾਸ਼ਟਰਪਤੀ ਸ਼ਾਸਨ ਲਗਵਾ ਦੇਈਏ ?'''' ਸੁਪਰੀਮ ਕੋਰਟ ਨੇ ਕੀਤੀ ਸਖ਼ਤ ਟਿੱਪਣੀ
Tuesday, Apr 22, 2025 - 09:43 AM (IST)

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਉਸ ਪਟੀਸ਼ਨ ’ਤੇ ਪ੍ਰਤੀਕਿਰਿਆ ਦਿੱਤੀ, ਜਿਸ ਵਿਚ ਪੱਛਮੀ ਬੰਗਾਲ ’ਚ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ ਕੀਤੀ ਗਈ ਸੀ। ਪਟੀਸ਼ਨ ’ਤੇ ਸੁਣਵਾਈ ਦੌਰਾਨ ਸੀਨੀਅਰ ਜੱਜ ਬੀ. ਆਰ. ਗਵਈ ਨੇ ਟਿੱਪਣੀ ਕੀਤੀ ਕਿ ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਰਾਸ਼ਟਰਪਤੀ ਨੂੰ ਰਾਸ਼ਟਰਪਤੀ ਰਾਜ ਲਾਗੂ ਕਰਨ ਦਾ ਨਿਰਦੇਸ਼ ਦੇਈਏ ? ਸਾਡੇ ’ਤੇ ਤਾਂ ਉਂਝ ਵੀ ਕਾਰਜਪਾਲਿਕਾ ਦੇ ਖੇਤਰ ’ਚ ਦਖਲ ਦੇਣ ਦਾ ਦੋਸ਼ ਲਾਇਆ ਜਾ ਰਿਹਾ ਹੈ।
ਇਹ ਟਿੱਪਣੀ ਵਕੀਲ ਵਿਸ਼ਨੂੰ ਸ਼ੰਕਰ ਜੈਨ ਵੱਲੋਂ ਦਾਇਰ ਉਸ ਪਟੀਸ਼ਨ ’ਤੇ ਆਈ, ਜਿਸ ’ਚ ਵਕਫ਼ ਸੋਧ ਐਕਟ ਨੂੰ ਲੈ ਕੇ ਪੱਛਮੀ ਬੰਗਾਲ ’ਚ ਹੋਈ ਹਿੰਸਾ ਦਾ ਹਵਾਲਾ ਦਿੰਦੇ ਹੋਏ ਉੱਥੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਮੁਰਸ਼ਿਦਾਬਾਦ ’ਚ ਹੋਈ ਹਿੰਸਾ ਤੋਂ ਪ੍ਰਭਾਵਿਤ ਇਲਾਕਿਆਂ ’ਚ ਨੀਮ ਸੁਰੱਖਿਆ ਫੋਰਸਾਂ ਦੀ ਤਾਇਨਾਤੀ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੋਈ ਨਿਰਦੇਸ਼ ਦੇਣ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ- ਜਦੋਂ ਸਜ਼ਾ ਸੁਣ ਮੁਲਜ਼ਮ ਨੇ ਜੱਜ ਨੂੰ ਹੀ ਦੇ'ਤੀ ਧਮਕੀ- 'ਤੂੰ ਮੈਨੂੰ ਬਾਹਰ ਮਿਲ...'
ਜ਼ਿਕਰਯੋਗ ਹੈ ਕਿ ਜਸਟਿਸ ਗਵਈ ਅਗਲੇ ਮਹੀਨੇ ਚੀਫ ਜਸਟਿਸ ਬਣ ਰਹੇ ਹਨ। ਉਨ੍ਹਾਂ ਦੀ ਉਕਤ ਟਿੱਪਣੀ ਅਜਿਹੇ ਸਮੇਂ ਆਈ ਹੈ ਜਦੋਂ ਸੁਪਰੀਮ ਕੋਰਟ ਦੇ ਮਾਣਯੋਗ ਜੱਜਾਂ ਤੇ ਸੱਤਾਧਾਰੀ ਪਾਰਟੀ ਦੇ ਆਗੂਆਂ ਵਿਚਾਲੇ ਟਕਰਾਅ ਵਾਲੀ ਸਥਿਤੀ ਬਣ ਰਹੀ ਹੈ।
ਤਾਮਿਲਨਾਡੂ ਮਾਮਲੇ ’ਚ ਦਿੱਤੇ ਗਏ ਇਤਿਹਾਸਕ ਫੈਸਲੇ ਤੋਂ ਬਾਅਦ ਇਹ ਮਾਮਲਾ ਭਖ ਗਿਆ ਹੈ। ਆਪਣੇ ਫੈਸਲੇ ’ਚ ਸੁਪਰੀਮ ਕੋਰਟ ਨੇ ਬਿੱਲਾਂ ਨੂੰ ਰਾਜਪਾਲ ਵੱਲੋਂ ਅਣਮਿੱਥੇ ਸਮੇਂ ਲਈ ਰੋਕ ਕੇ ਰੱਖਣ ਨੂੰ ਮਨਮਰਜ਼ੀ ਵਾਲੀ ਕਾਰਵਾਈ ਕਰਾਰ ਦਿੱਤਾ ਸੀ ਤੇ ਧਾਰਾ 142 ਅਧੀਨ ਵਿਸ਼ੇਸ਼ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਰਾਜਪਾਲ ਦੀ ਕਾਰਵਾਈ ਨੂੰ ਰੱਦ ਕਰ ਦਿੱਤਾ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e