ਬਿਲਕਿਸ ਬਾਨੋ ਕੇਸ: ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ 9 ਅਕਤੂਬਰ ਨੂੰ
Saturday, Oct 07, 2023 - 01:59 PM (IST)

ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਕਿਹਾ ਕਿ ਉਹ 2002 ਦੇ ਗੁਜਰਾਤ ਦੰਗਿਆਂ ਦੌਰਾਨ ਬਿਲਕਿਸ ਬਾਨੋ ਸਮੂਹਿਕ ਜਬਰ-ਜ਼ਨਾਹ ਅਤੇ ਉਸ ਦੇ ਪਰਿਵਾਰ ਦੇ 7 ਮੈਂਬਰਾਂ ਦੀ ਹੱਤਿਆ ਦੇ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ 9 ਅਕਤੂਬਰ ਨੂੰ ਕਰੇਗੀ।
ਜਸਟਿਸ ਬੀ. ਵੀ. ਨਾਗਰਥਨਾ ਅਤੇ ਉਜਲ ਭੂਈਆਂ ਦੀ ਬੈਂਚ ਨੇ ਬਿਲਕਿਸ ਬਾਨੋ ਸਮੇਤ ਪਟੀਸ਼ਨਰਾਂ ਦੇ ਵਕੀਲ ਨੂੰ ਸੰਖੇਪ ਲਿਖਤੀ ਜਵਾਬੀ ਦਲੀਲਾਂ ਦਾਇਰ ਕਰਨ ਲਈ ਕਿਹਾ। ਇਸ ਮਾਮਲੇ ’ਚ ਪੇਸ਼ ਹੋਏ ਵਕੀਲਾਂ ’ਚੋਂ ਇਕ ਨੇ ਕਿਹਾ ਕਿ ਦੋਸ਼ੀਆਂ ਵਲੋਂ ਬਹਿਸ ਪੂਰੀ ਹੋ ਚੁੱਕੀ ਹੈ। ਹੁਣ ਮਾਮਲੇ ’ਚ ਪਟੀਸ਼ਨਕਰਤਾਵਾਂ ਦੇ ਵਕੀਲ ਦੀਆਂ ਜਵਾਬੀ ਦਲੀਲਾਂ ਸੁਣੀਆਂ ਜਾਣਗੀਆਂ। ਮਾਮਲੇ ਦੀ ਸੁਣਵਾਈ 9 ਅਕਤੂਬਰ ਨੂੰ ਦੁਪਹਿਰ 2 ਵਜੇ ਹੋਵੇਗੀ। 20 ਸਤੰਬਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਪੁੱਛਿਆ ਸੀ ਕਿ ਕੀ ਦੋਸ਼ੀਆਂ ਨੂੰ ਮਾਫੀ ਮੰਗਣ ਦਾ ਮੌਲਿਕ ਅਧਿਕਾਰ ਹੈ?