ਲਖੀਮਪੁਰ ਖੀਰੀ ਹਿੰਸਾ : SC ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਵਿਰੁੱਧ ਪਟੀਸ਼ਨ ''ਤੇ ਹੁਣ 16 ਮਾਰਚ ਨੂੰ ਕਰੇਗਾ ਸੁਣਵਾਈ

Tuesday, Mar 15, 2022 - 01:35 PM (IST)

ਲਖੀਮਪੁਰ ਖੀਰੀ ਹਿੰਸਾ : SC ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਵਿਰੁੱਧ ਪਟੀਸ਼ਨ ''ਤੇ ਹੁਣ 16 ਮਾਰਚ ਨੂੰ ਕਰੇਗਾ ਸੁਣਵਾਈ

ਨਵੀਂ ਦਿੱਲੀ (ਵਾਰਤਾ)- ਸੁਪਰੀਮ ਕੋਰਟ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਵਿਰੁੱਧ ਦਾਇਰ ਪਟੀਸ਼ਨ 'ਤੇ ਹੁਣ ਬੁੱਧਵਾਰ ਨੂੰ ਸੁਣਵਾਈ ਕਰੇਗਾ। ਚੀਫ਼ ਜਸਟਿਸ ਐੱਨ.ਵੀ. ਰਮੰਨਾ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਮੰਗਲਵਾਰ ਨੂੰ ਇਸ ਮਾਮਲੇ ਨੂੰ 16 ਮਾਰਚ ਲਈ ਸੂਚੀਬੱਧ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਵਿਸ਼ੇਸ਼ ਮਨਜ਼ੂਰੀ ਪਟੀਸ਼ਨ 'ਤੇ ਕੱਲ ਸੁਣਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ 11 ਮਾਰਚ ਨੂੰ ਕਿਹਾ ਸੀ ਕਿ 15 ਮਾਰਚ ਨੂੰ ਉਪਯੁਕਤ ਬੈਂਚ ਦੇ ਸਾਹਮਣੇ ਪਟੀਸ਼ਨ 'ਤੇ ਸੁਣਵਾਈ ਕੀਤੀ ਜਾਵੇਗੀ ਪਰ ਇਸ ਮਾਮਲੇ ਨਾਲ ਸੰਬੰਧਤ ਹੋਰ ਪਟੀਸ਼ਨਾਂ 'ਤੇ ਸੁਣਵਾਈ ਕਰ ਚੁਕੇ ਬੈਂਚ 'ਚ ਸ਼ਾਮਲ ਜੱਜ ਸੂਰੀਆਕਾਂਤ ਅੱਜ ਉਪਲੱਬਧ ਨਹੀਂ ਸੀ।

ਪਟੀਸ਼ਨਕਰਤਾਵਾਂ- ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਅੱਜ ਵੀ ਪਟੀਸ਼ਨ ਨੂੰ ਬੇਹੱਦ ਜ਼ਰੂਰੀ ਦੱਸਦੇ ਹੋਏ ਜਲਦ ਸੁਣਵਾਈ ਦੀ ਗੁਹਾਰ ਲਗਾਈ। ਇਸ ਤੋਂ ਪਹਿਲਾਂ ਉਨ੍ਹਾਂ ਨੇ 11 ਅਤੇ 4 ਮਾਰਚ ਨੂੰ ਵੀ ਜਲਦ ਸੁਣਵਾਈ ਦੀ ਗੁਹਾਰ ਲਗਾਈ ਸੀ। ਸ਼੍ਰੀ ਭੂਸ਼ਣ ਨੇ ਸੁਪਰੀਮ ਕੋਰਟ ਨੂੰ ਦੱਸਿਆ  ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਇਕ ਗਵਾਹ 'ਤੇ ਵੀਰਵਾਰ ਰਾਤ ਉੱਥੇ ਹਮਲਾ ਕੀਤਾ ਗਿਆ ਸੀ। ਉਨ੍ਹਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਦੋਸ਼ੀਆਂ ਵਲੋਂ ਧਮਕੀ ਦਿੱਤੀ ਜਾ ਰਹੀ ਹੈ ਕਿ ਹੁਣ ਉਨ੍ਹਾਂ ਦੀ ਪਾਰਟੀ ਰਾਜ ਦੀ ਸੱਤਾ 'ਚ ਵਾਪਸ ਆ ਗਈ ਹੈ। ਸ਼੍ਰੀ ਭੂਸ਼ਣ ਨੇ ਕਿਹਾ ਕਿ ਅਜਿਹੀਆਂ ਸਥਿਤੀਆਂ 'ਚ ਗਵਾਹਾਂ ਅਤੇ ਪਟੀਸ਼ਨਕਰਤਾਵਾਂ ਲਈ ਨਵੀਂ ਚੁਣੌਤੀ ਖੜ੍ਹੀ ਹੋ ਗਈ ਹੈ। ਮੁੱਖ ਦੋਸ਼ੀ ਆਸ਼ੀਸ਼ ਤੋਂ ਇਲਾਵਾ ਹੋਰ ਦੋਸ਼ੀ ਵੀ ਇਲਾਹਾਬਾਦ ਹਾਈ ਕੋਰਟ 'ਚ ਜ਼ਮਾਨਤ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਨੂੰ ਇਲਾਹਾਬਾਦ ਹਾਈ ਕੋਰਟ ਨੇ 10 ਫਰਵਰੀ ਨੂੰ ਜ਼ਮਾਨਤ ਦਿੱਤੀ ਸੀ। ਕਿਸਾਨਾਂ ਦੇ ਪਰਿਵਾਰਾਂ ਵਲੋਂ ਸ਼੍ਰੀ ਭੂਸ਼ਣ ਨੇ ਆਸ਼ੀਸ਼ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕਰਦੇ ਹੋਏ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ। ਸ਼੍ਰੀ ਭੂਸ਼ਣ ਨੇ 4 ਮਾਰਚ ਨੂੰ ਵੀ ਜਲਦ ਸੁਣਵਾਈ ਦੀ ਗੁਹਾਰ ਲਗਾਈ ਸੀ। ਉਦੋਂ ਚੀਫ਼ ਜਸਟਿਸ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਇਸ ਮਾਮਲੇ 'ਤੇ 11 ਮਾਰਚ ਨੂੰ ਉਪਯੁਕਤ ਬੈਂਚ ਦੇ ਸਾਹਮਣੇ ਸੁਣਵਾਈ ਕਰਨ ਦਾ ਨਿਰਦੇਸ਼ ਦਿੱਤਾ ਸੀ ਪਰ ਉਸ ਦਿਨ ਪਟੀਸ਼ਨ ਸੂਚੀਬੱਧ ਨਹੀਂ ਕੀਤੀ ਗਈ ਸੀ।


author

DIsha

Content Editor

Related News