ਸੂਬੇ ''ਚ ਨਸ਼ਾ ਮੁਕਤੀ ਕੇਂਦਰ ਖੋਲ੍ਹਣ ਲਈ ਕੀਤਾ ਜਾਵੇ ਸਰਵੇ : ਮਨੋਹਰ ਲਾਲ ਖੱਟੜ

Thursday, Sep 08, 2022 - 05:59 PM (IST)

ਸੂਬੇ ''ਚ ਨਸ਼ਾ ਮੁਕਤੀ ਕੇਂਦਰ ਖੋਲ੍ਹਣ ਲਈ ਕੀਤਾ ਜਾਵੇ ਸਰਵੇ : ਮਨੋਹਰ ਲਾਲ ਖੱਟੜ

ਹਰਿਆਣਾ (ਵਾਰਤਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਰਾਜ ਵਿਚ ਨਸ਼ਾ ਛੁਡਾਊ ਕੇਂਦਰ ਖੋਲ੍ਹਣ ਦੇ ਸਬੰਧ ਵਿਚ ਸਰਵੇਖਣ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਹ ਪਤਾ ਲੱਗੇ ਕਿ ਕਿਹੜੇ ਜ਼ਿਲ੍ਹੇ 'ਚ ਕਿੰਨੇ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਜਾਣ ਦੀ ਲੋੜ ਹੈ। ਉਨ੍ਹਾਂ ਸਿਹਤ ਵਿਭਾਗ, ਰੈੱਡ ਕਰਾਸ ਸੋਸਾਇਟੀ ਜਾਂ ਹੋਰ ਸੰਸਥਾਵਾਂ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ਦੀ ਜਾਣਕਾਰੀ ਇਕ ਮੰਚ ’ਤੇ ਇਕੱਠੀ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅੱਜ ਨਸ਼ਾ ਸਮਾਜ ਲਈ ਇਕ ਗੰਭੀਰ ਸਮੱਸਿਆ ਬਣ ਗਿਆ ਹੈ, ਜਿਸ ਨੂੰ ਤੁਰੰਤ ਠੱਲ੍ਹ ਪਾਉਣ ਦੀ ਲੋੜ ਹੈ। ਸੂਬਾ ਸਰਕਾਰ ਨਸ਼ਿਆਂ ਦੀ ਰੋਕਥਾਮ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਕੰਮ ਵਿਚ ਕੋਈ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। ਸਾਰੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਗੰਭੀਰਤਾ ਨਾਲ ਨਿਭਾਉਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਅੱਜ ਯਾਨੀ ਵੀਰਵਾਰ ਨੂੰ ਹਰਿਆਣਾ ਰਾਜ ਭਵਨ ਵਿਚ ਰਾਜਪਾਲ ਬੰਡਾਰੂ ਦੱਤਾਤ੍ਰੇਯ ਦੀ ਪ੍ਰਧਾਨਗੀ ਹੇਠ ਇੰਡੀਅਨ ਰੈੱਡ ਕਰਾਸ ਸੋਸਾਇਟੀ ਦੀ ਹਰਿਆਣਾ ਰਾਜ ਸ਼ਾਖਾ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੌਰਾਨ ਇਹ ਨਿਰਦੇਸ਼ ਦਿੱਤੇ। ਉਨ੍ਹਾਂ ਅਨੁਸਾਰ ਨੌਜਵਾਨ ਤੇਜ਼ੀ ਨਾਲ ਨਸ਼ਿਆਂ ਦੀ ਲਪੇਟ ਵਿਚ ਆ ਜਾਂਦੇ ਹਨ, ਇਸ ਲਈ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਰੈੱਡ ਕਰਾਸ ਸੁਸਾਇਟੀ ਵਰਗੀਆਂ ਸਾਰੀਆਂ ਧਿਰਾਂ ਨੂੰ ਸਕੂਲਾਂ-ਕਾਲਜਾਂ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਜਾਗਰੂਕ ਕਰਨ 'ਤੇ ਜ਼ੋਰ ਦੇਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿਚ ਸਥਾਪਿਤ ਨਸ਼ਾ ਛੁਡਾਊ ਕੇਂਦਰਾਂ ਦੇ ਕੰਮਕਾਜ ਦੀ ਨਿਗਰਾਨੀ ਕਰਨ ਲਈ ਐੱਸ.ਡੀ.ਐਮਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮਹੀਨੇ ਵਿਚ ਇਕ ਵਾਰ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਨਸ਼ਾ ਛੁਡਾਊ ਕੇਂਦਰਾਂ ਦਾ ਦੌਰਾ ਕਰਨ ਅਤੇ ਉੱਥੋਂ ਦੀਆਂ ਸਹੂਲਤਾਂ ਅਤੇ ਕੰਮਕਾਜ ਦਾ ਜਾਇਜ਼ਾ ਲੈਣ।


author

DIsha

Content Editor

Related News