ਚੀਫ਼ ਜਸਟਿਸ ਨੇ ਲੋਕਾਂ ਨੂੰ ਵਿਸ਼ੇਸ਼ ਲੋਕ ਅਦਾਲਤ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਕੀਤੀ ਅਪੀਲ
Saturday, Jul 06, 2024 - 12:48 AM (IST)
ਨਵੀਂ ਦਿੱਲੀ, (ਭਾਸ਼ਾ)- ਭਾਰਤ ਦੇ ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਨੇ ਸ਼ੁੱਕਰਵਾਰ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 29 ਜੁਲਾਈ ਤੋਂ 3 ਅਗਸਤ ਤੱਕ ਆਯੋਜਿਤ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਸੁਪਰੀਮ ਕੋਰਟ ’ਚ ਬਕਾਇਆ ਪਏ ਵਿਵਾਦਾਂ ਨੂੰ ਤੇਜ਼ੀ ਨਾਲ ਨਿਪਟਾਇਆ ਜਾ ਸਕੇ।
ਸੁਪਰੀਮ ਕੋਰਟ ਦੀ ਸਥਾਪਨਾ ਦੇ 75ਵੇਂ ਸਾਲ ’ਤੇ ਸੁਪਰੀਮ ਕੋਰਟ ’ਚ ਬਕਾਇਆ ਕੇਸਾਂ ਦੀ ਗਿਣਤੀ ਨੂੰ ਘਟਾਉਣ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ। ਅਦਾਲਤ ਦੀ ਵੈੱਬਸਾਈਟ ’ਤੇ ਅਪਲੋਡ ਕੀਤੇ ਗਏ ਇਕ ਵੀਡੀਓ ਸੰਦੇਸ਼ ’ਚ ਚੀਫ ਜਸਟਿਸ ਚੰਦਰਚੂੜ ਨੇ ਕਿਹਾ ਕਿ 29 ਜੁਲਾਈ ਤੋਂ 3 ਅਗਸਤ ਤੱਕ ਸੁਪਰੀਮ ਕੋਰਟ ਇਕ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕਰ ਰਹੀ ਹੈ। ਇਹ ਉਨ੍ਹਾਂ ਸਰਗਰਮੀਆਂ ਦੀ ਲੜੀ ਦਾ ਹਿੱਸਾ ਹੈ ਜੋ ਸੁਪਰੀਮ ਕੋਰਟ ਆਪਣੀ ਸਥਾਪਨਾ ਦੇ 75ਵੇਂ ਸਾਲ ਨੂੰ ਮਨਾਉਣ ਲਈ ਆਯੋਜਿਤ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸਭ ਤੋਂ ਅਹਿਮ ਗੱਲ ਇਹ ਹੈ ਕਿ ਜੱਜ ਨਿਆਂ ਦੀ ਸੰਸਥਾ ਨੂੰ ਸਮਰਪਿਤ ਹਨ ਅਤੇ ਬਕਾਇਆ ਪਏ ਕੇਸਾਂ ਦੀ ਵੱਡੀ ਗਿਣਤੀ ਨੂੰ ਲੈ ਕੇ ਚਿੰਤਤ ਹਨ।
ਜਸਟਿਸ ਚੰਦਰਚੂੜ ਨੇ ਕਿਹਾ ਕਿ ਲੋਕ ਅਦਾਲਤ ਸਾਡੇ ਨਾਗਰਿਕਾਂ ਨਾਲ ਸਬੰਧਤ ਮਾਮਲਿਆਂ ਨੂੰ ਪੂਰੀ ਤਰ੍ਹਾਂ ਸਵੈਇੱਛੁਕ ਤੇ ਸਹਿਮਤੀ ਭਰੇ ਢੰਗ ਨਾਲ ਉਨ੍ਹਾਂ ਦੀ ਸੰਤੁਸ਼ਟੀ ਅਨੁਸਾਰ ਹੱਲ ਕਰਨ ਦੀ ਕੋਸ਼ਿਸ਼ ਕਰਦੀ ਹੈ।