ਜਸਟਿਸ ਤਰਲੋਕ ਸਿੰਘ ਚੌਹਾਨ ਬਣੇ ਹਿਮਾਚਲ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ
Tuesday, Apr 18, 2023 - 05:28 PM (IST)
 
            
            ਨਵੀਂ ਦਿੱਲੀ (ਭਾਸ਼ਾ)- ਜਸਟਿਸ ਤਰਲੋਕ ਸਿੰਘ ਚੌਹਾਨ ਨੂੰ ਮੰਗਲਵਾਰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ। ਮੌਜੂਦਾ ਕਾਰਜਕਾਰੀ ਚੀਫ਼ ਜਸਟਿਸ ਸਬੀਨਾ ਦਾ ਕਾਰਜਕਾਲ 19 ਅਪ੍ਰੈਲ ਨੂੰ ਖ਼ਤਮ ਹੋ ਰਿਹਾ ਹੈ। ਜਸਟਿਸ ਸਬੀਨਾ ਨੂੰ ਇਸ ਸਾਲ ਜਨਵਰੀ ਵਿਚ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੀ ਕਾਰਜਕਾਰੀ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਸੀ।
ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕੀਤਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਰਾਸ਼ਟਰਪਤੀ ਨੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਤਰਲੋਕ ਸਿੰਘ ਚੌਹਾਨ ਨੂੰ 20 ਅਪ੍ਰੈਲ ਤੋਂ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਹੈ। ਜਸਟਿਸ ਸਬੀਨਾ ਦਾ ਜਨਮ 20 ਅਪ੍ਰੈਲ 1961 ਨੂੰ ਹੋਇਆ ਸੀ। ਉਹ ਬੁੱਧਵਾਰ ਸ਼ਾਮ ਨੂੰ 62 ਸਾਲ ਦੀ ਉਮਰ ਵਿਚ ਸੇਵਾਮੁਕਤ ਹੋ ਜਾਣਗੇ। ਸੁਪਰੀਮ ਕੋਰਟ ਦੇ ਜੱਜ 65 ਸਾਲ ਦੀ ਉਮਰ ਵਿਚ ਸੇਵਾਮੁਕਤ ਹੋ ਜਾਂਦੇ ਹਨ, ਜਦੋਂ ਕਿ ਹਾਈ ਕੋਰਟਾਂ ਦੇ ਜੱਜ 62 ਸਾਲ ਦੀ ਉਮਰ ਵਿਚ ਸੇਵਾਮੁਕਤ ਹੁੰਦੇ ਹਨ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            