ਸਿਸੋਦੀਆ ਦੀਆਂ ਜ਼ਮਾਨਤ ਪਟੀਸ਼ਨਾਂ ''ਤੇ ਕੋਰਟ ਸੋਮਵਾਰ ਨੂੰ ਕਰੇਗਾ ਸੁਣਵਾਈ

Sunday, Jul 28, 2024 - 03:39 PM (IST)

ਸਿਸੋਦੀਆ ਦੀਆਂ ਜ਼ਮਾਨਤ ਪਟੀਸ਼ਨਾਂ ''ਤੇ ਕੋਰਟ ਸੋਮਵਾਰ ਨੂੰ ਕਰੇਗਾ ਸੁਣਵਾਈ

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਸੋਮਵਾਰ ਨੂੰ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗਾ। ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਨੇ ਜ਼ਮਾਨਤ ਦੀ ਬੇਨਤੀ ਕਰਦੇ ਹੋਏ ਦਲੀਲ ਦਿੱਤੀ ਕਿ ਉਹ 16 ਮਹੀਨਿਆਂ ਤੋਂ ਜੇਲ੍ਹ 'ਚ ਹਨ ਅਤੇ ਉਨ੍ਹਾਂ ਖ਼ਿਲਾਫ਼ ਮੁਕੱਦਮੇ 'ਚ ਪਿਛਲੇ ਸਾਲ ਅਕਤੂਬਰ ਤੋਂ ਹੁਣ ਤੱਕ ਕੋਈ ਤਰੱਕੀ ਨਹੀਂ ਹੋਈ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਅਪਲੋਡ ਕੀਤੀ 29 ਜੁਲਾਈ ਦੀ ਕਾਰਨ ਸੂਚੀ ਅਨੁਸਾਰ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਸਿਸੋਦੀਆ ਦੀਆਂ ਪਟੀਸ਼ਨਾਂ 'ਤੇ ਸੁਣਵਾਈ ਕਰੇਗੀ। ਅਦਾਲਤ ਨੇ 16 ਜੁਲਾਈ ਨੂੰ ਪਟੀਸ਼ਨਾਂ 'ਤੇ ਸੁਣਵਾਈ ਲਈ ਸਹਿਮਤੀ ਦਿੱਤੀ ਸੀ ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ।

ਸਿਸੋਦੀਆ ਨੇ ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ 'ਚ ਆਪਣੀ ਜ਼ਮਾਨਤ ਪਟੀਸ਼ਨਾਂ 'ਤੇ ਮੁੜ ਵਿਚਾਰ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਵੀ ਦਾਇਰ ਕੀਤੀ ਹੈ। ਸੀ.ਬੀ.ਆਈ. ਨੇ ਸ਼ਰਾਬ ਨੀਤੀ ਮਾਮਲੇ 'ਚ ਸਿਸੋਦੀਆ ਦੀ ਕਥਿਤ ਭੂਮਿਕਾ ਨੂੰ ਲੈ ਕੇ 26 ਫਰਵਰੀ 2023 ਨੂੰ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਨੇ ਸੀ.ਬੀ.ਆਈ. ਦੀ ਐੱਫਆਈਆਰ ਦੇ ਅਧਾਰ 'ਤੇ ਮਨੀ ਲਾਂਡਰਿੰਗ ਦੇ ਮਾਮਲੇ 'ਚ 9 ਮਾਰਚ 2023 ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ। ਸਿਸੋਦੀਆ ਨੇ ਪਿਛਲੇ ਸਾਲ 28 ਫਰਵਰੀ ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਪਟੀਸ਼ਨ 'ਚ ਕਿਹਾ ਹੈ ਕਿ ਜਾਂਚ ਏਜੰਸੀਆਂ ਵੱਲੋਂ ਪੇਸ਼ ਹੋਏ ਕਾਨੂੰਨ ਅਧਿਕਾਰੀ ਨੇ 4 ਜੂਨ ਨੂੰ ਬੈਂਚ ਨੂੰ ਦੱਸਿਆ ਸੀ ਕਿ ਕਥਿਤ ਆਬਕਾਰੀ ਨੀਤੀ ਘਪਲੇ ਦੇ ਮੁੱਖ ਮਾਮਲੇ ਅਤੇ ਇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਚਾਰਜਸ਼ੀਟ ਅਤੇ ਇਸਤਗਾਸਾ ਦੀ ਸ਼ਿਕਾਇਤ 'ਤੇ 3 ਜੁਲਾਈ 2024 ਨੂੰ ਜਾਂ ਉਸ ਤੋਂ ਪਹਿਲੇ ਦਾਇਰ ਕੀਤੀ ਜਾਵੇਗੀ। ਅਦਾਲਤ ਨੇ 4 ਜੂਨ ਨੂੰ 2 ਮਾਮਲਿਆਂ 'ਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ, ਇਸ ਨੇ ਕਿਹਾ ਸੀ ਕਿ ਸਿਸੋਦੀਆ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਮਾਮਲਿਆਂ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਕੇਂਦਰੀ ਜਾਂਚ ਬਿਊਰੋ ਦੁਆਰਾ ਅੰਤਿਮ ਮੁਕੱਦਮੇ ਦੀ ਸ਼ਿਕਾਇਤ ਅਤੇ ਚਾਰਜਸ਼ੀਟ ਦਾਇਰ ਕੀਤੇ ਜਾਣ ਤੋਂ ਬਾਅਦ ਜ਼ਮਾਨਤ ਲਈ ਆਪਣੀਆਂ ਪਟੀਸ਼ਨਾਂ ਮੁੜ ਤੋਂ ਦਾਇਰ ਕਰ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News