''ਨਾਨਕ ਸ਼ਾਹ ਫਕੀਰ'' ਦਾ ਪ੍ਰਦਰਸ਼ਨ ਜਾਰੀ ਰਹੇਗਾ- ਸੁਪਰੀਮ ਕੋਰਟ

04/16/2018 3:41:54 PM

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸਪੱਸ਼ਟ ਕਰ ਦਿੱਤਾ ਕਿ ਸਿੱਖਾਂ ਦੇ ਪਹਿਲੇ ਗੁਰੂ ਦੇ ਜੀਵਨ 'ਤੇ ਆਧਾਰਤ ਖੇਤਰੀ ਫਿਲਮ 'ਨਾਨਕ ਸ਼ਾਹ ਫਕੀਰ' ਦੇ ਪ੍ਰਦਰਸ਼ਨ ਦੀ ਮਨਜ਼ੂਰੀ ਦੇਣ ਸੰਬੰਧੀ ਉਸ ਦਾ ਅੰਤਰਿਮ ਆਦੇਸ਼ ਬਰਕਰਾਰ ਰਹੇਗਾ। ਚੀਫ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ.ਐੱਮ. ਖਾਨਵਿਲਕਰ ਅਤੇ ਜਸਟਿਸ ਧਨੰਜਯ ਵਾਈ. ਚੰਦਰਚੂੜ ਦੀ ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ ਫਿਲਮ ਦੇ ਨਿਰਮਾਤਾ ਅਤੇ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਦਲੀਲਾਂ 'ਤੇ 8 ਮਈ ਨੂੰ ਸੁਣਵਾਈ ਕੀਤੀ ਜਾਵੇਗੀ। ਫਿਲਮ ਨਿਰਮਾਤਾ ਵੱਲੋਂ ਸੀਨੀਅਰ ਐਡਵੋਕੇਟ ਆਰ.ਐੱਸ. ਸੂਰੀ ਨੇ ਅਦਾਲਤ ਨੂੰ ਦੱਸਿਆ ਕਿ ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰ ਹਿੱਸਿਆਂ 'ਚ ਇਸ ਫਿਲਮ ਦਾ ਪ੍ਰਦਰਸ਼ਨ ਹੋ ਗਿਆ ਹੈ।
ਬੈਂਚ ਨੇ ਕਿਹਾ ਕਿ ਮੂਲ ਮੁੱਦਾ ਇਹ ਦੇਖਣਾ ਹੈ ਕਿ ਕੀ ਇਸ 'ਚ ਸ੍ਰੀ ਗੁਰੂ ਨਾਨਕ ਦੇਵੀ ਦੇ ਜੀਵਨ ਨਾਲ ਜੁੜੀਆਂ ਗੱਲਾਂ ਨੂੰ ਸਹੀ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ ਜਾਂ ਨਹੀਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਨ ਕਮੇਟੀ ਵੱਲੋਂ ਸੀਨੀਅਰ ਐਡਵੋਕੇਟ ਪੀ. ਐੱਸ. ਪਟਵਾਲੀਆ ਨੇ ਸਿੱਖਾਂ ਦੀ ਇਸ ਸੰਸਥਾ ਦੀ 2003 ਦੀ ਨੋਟੀਫਿਕੇਸ਼ਨ ਦਾ ਹਵਾਲਾ ਦਿੱਤਾ, ਜਿਸ 'ਚ ਸਪੱਸ਼ਟ ਰੂਪ ਨਾਲ ਕਿਹਾ ਗਿਆ ਸੀ ਕਿ ਕਿਸੇ ਵੀ ਵਿਅਕਤੀ ਨੂੰ 10 ਸਿੱਖ ਗੁਰੂਆਂ, ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਅਤੇ 'ਪੰਜ ਪਿਆਰਿਆਂ' ਦੇ ਜੀਵਨ ਨੂੰ ਪੇਸ਼ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ। ਸੁਪਰੀਮ ਕੋਰਟ ਨੇ ਫਿਲਮ 'ਤੇ ਪਾਬੰਦੀਆਂ ਲਗਾਉਣ ਲਈ 10 ਅਪ੍ਰੈਲ ਨੂੰ ਪ੍ਰਬੰਧਕ ਕਮੇਟੀ ਦੀ ਆਲੋਚਨਾ ਕਰਦੇ ਹੋਏ ਇਸ ਦੇ ਪ੍ਰਦਰਸ਼ਨ ਦਾ ਰਸਤਾ ਸਾਫ਼ ਕਰ ਦਿੱਤਾ ਸੀ। ਇਹ ਫਿਲਮ 13 ਅਪ੍ਰੈਲ ਨੂੰ ਪ੍ਰਦਰਸ਼ਿਤ ਹੋਈ ਹੈ।