ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਣਗੇ ਹੋਰ ਮਜ਼ਬੂਤ : ਟਰੂਡੋ

02/23/2018 10:33:52 PM

ਨਵੀਂ ਦਿੱਲੀ— ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਉਨ੍ਹਾਂ ਦੇ ਪਰਿਵਾਰ ਸਣੇ ਭਾਰਤ ਦੌਰੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਸ਼ਟਰਪਤੀ ਭਵਨ 'ਚ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਤੇ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਹੈਦਰਾਬਾਦ ਹਾਊਸ 'ਚ ਸਾਂਝੀ ਪ੍ਰੈਸ ਕਾਨਫਰੰਸ ਕੀਤੀ, ਜਿਥੇ ਦੋਵਾਂ ਦੇਸ਼ਾਂ ਵਿਚਾਲੇ ਕਈ ਸਮਝੋਤਿਆਂ 'ਤੇ ਦਸਤਖਤ ਕੀਤੇ ਗਏ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਖੁਸ਼ੀ ਪ੍ਰਗਟ ਕੀਤੀ ਕਿ ਕੈਨੇਡਾ ਦੇ ਪੀ. ਐੱਮ. ਆਪਣੇ ਪਰਿਵਾਰ ਸਮੇਤ ਭਾਰਤ ਦੌਰੇ 'ਤੇ ਆਏ ਹਨ। ਇਸ 'ਤੇ ਸ਼ੁੱਕਰਵਾਰ ਦੇਰ ਰਾਤ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਤੇ ਕੈਨੇਡਾ ਵਿਚਾਲੇ ਹੋਏ ਇਨ੍ਹਾਂ ਸਮਝੋਤਿਆਂ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਟਵੀਟ 'ਚ ਲਿਖਿਆ ਕਿ ਅਸੀਂ ਅੱਜ ਭਾਰਤ ਤੇ ਕੈਨੇਡਾ ਵਿਚਾਲੇ ਕਈ ਸਮਝੋਤਿਆਂ 'ਤੇ ਦਸਤਖਤ ਕੀਤੇ ਹਨ। ਸਿੱਖਿਆ, ਸੁਰੱਖਿਆ, ਟਿਕਾਊ ਵਿਕਾਸ, ਵਪਾਰ ਤੇ ਔਰਤਾਂ ਦੀ ਸਿਹਤ ਸਬੰਧੀ ਕੀਤੇ ਸਮਝੋਤੇ ਦੋਵਾਂ ਦੇਸ਼ਾਂ ਨੂੰ ਹੋਰ ਨੇੜੇ ਲਿਆਉਣ ਦਾ ਕੰਮ ਕਰਨਗੇ।