ਸੁਪਰੀਮ ਕੋਰਟ ਨੇ ਗਿਆਨਵਾਪੀ ਮਾਮਲੇ ਦੀ ਸੁਣਵਾਈ ਜ਼ਿਲ੍ਹਾ ਜੱਜ ਨੂੰ ਸੌਂਪੀ
Saturday, May 21, 2022 - 01:48 PM (IST)
ਨਵੀਂ ਦਿੱਲੀ (ਵਾਰਤਾ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਵਾਦ ਵਿਵਾਦ ਵਾਲੀ ਗਿਆਨਵਾਪੀ ਮਸਜਿਦ ਅੰਦਰ ‘ਸ਼ਿੰਗਾਰ ਗੌਰੀ’ ਦੀ ਪੂਜਾ ਕਰਨ ਦੀ ਇਜਾਜ਼ਤ ਵਾਲੀਆਂ ਪਟੀਸ਼ਨਾਂ ਨੂੰ ਵਾਰਾਣਸੀ ਦੇ ਸਿਵਲ ਜੱਜ ਤੋਂ ਜ਼ਿਲ੍ਹਾ ਜੱਜ ਨੂੰ ਤਬਦੀਲ ਕਰਨ ਦਾ ਹੁਕਮ ਦਿੱਤਾ। ਤਬਾਦਲੇ ਦੇ ਹੁਕਮਾਂ ਦੇ ਨਾਲ-ਨਾਲ ਅਦਾਲਤ ਨੇ ਇਸ ਮਾਮਲੇ ’ਚ ਪਹਿਲ ਦੇ ਆਧਾਰ ’ਤੇ ਫੈਸਲਾ ਲੈਣ ਲਈ ਕਿਹਾ ਹੈ। ਜਸਟਿਸ ਡੀ. ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਸਬੰਧਤ ਧਿਰਾਂ ਦੀਆਂ ਦਲੀਲਾਂ ਸੁਣਨ ਪਿਛੋਂ ਵਾਦ ਵਿਵਾਦ ਵਾਲੀ ਥਾਂ ਦੀ ਸੁਰੱਖਿਆ ਸਬੰਧੀ ਆਪਣੇ ਪਿਛਲੇ ਅੰਤਰਿਮ ਹੁਕਮ ਨੂੰ ਬਰਕਰਾਰ ਰੱਖਦੇ ਹੋਏ ਪਟੀਸ਼ਨਾਂ ਨੂੰ ਟਰਾਂਸਫਰ ਕਰਨ ਦਾ ਹੁਕਮ ਦਿੱਤਾ। ਸਿਖਰਲੀ ਅਦਾਲਤ ਨੇ ਜ਼ਿਲ੍ਹਾ ਅਧਿਕਾਰੀ ਨੂੰ ਵਿਵਾਦਿਤ ਥਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਦੇ ਨਾਲ-ਨਾਲ ਸ਼ਰਧਾਲੂਆਂ ਲਈ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ।
ਇਹ ਵੀ ਪੜ੍ਹੋ : ਗਿਆਨਵਾਪੀ ਮਸਜਿਦ ਮਾਮਲਾ: ਸ਼ਿਵਲਿੰਗ ਨੂੰ ਸੁਰੱਖਿਅਤ ਰੱਖੋ, ਨਮਾਜ਼ ’ਤੇ ਲੱਗੇ ਰੋਕ
ਬੈਂਚ ਨੇ ਮੰਗਲਵਾਰ ਜਾਰੀ ਆਪਣੇ ਅੰਤਰਿਮ ਹੁਕਮ ’ਚ ਸੂਬਾ ਸਰਕਾਰ ਨੂੰ ਵਾਰਾਣਸੀ ਵਿੱਚ ਕਾਸ਼ੀ ਵਿਸ਼ਵਨਾਥ ਮੰਦਰ ਕੰਪਲੈਕਸ ਦੇ ਨਾਲ ਲੱਗਦੇ ਗਿਆਨਵਾਪੀ ਮਸਜਿਦ ਕੰਪਲੈਕਸ ਵਿੱਚ ਉਸ ਖੇਤਰ ਦੀ ਸੁਰੱਖਿਆ ਦਾ ਨਿਰਦੇਸ਼ ਦਿੱਤਾ ਸੀ ਜਿੱਥੇ ਹਿੰਦੂ ਪੱਖ ਅਨੁਸਾਰ ਇੱਕ 'ਸ਼ਿਵਲਿੰਗ' ਪਾਇਆ ਗਿਆ ਸੀ। ਸਿਖਰਲੀ ਅਦਾਲਤ ਨੇ ਇਹ ਵੀ ਕਿਹਾ ਸੀ ਕਿ ਕਿਸੇ ਵੀ ਮੁਸਲਮਾਨ ਨੂੰ ਗਿਆਨਵਾਪੀ ਮਸਜਿਦ ਵਿੱਚ ਨਮਾਜ਼ ਅਦਾ ਕਰਨ ਤੋਂ ਰੋਕਿਆ ਨਹੀਂ ਜਾਵੇਗਾ। ਮਸਜਿਦ ਪੱਖ ਵੱਲੋਂ ਪੇਸ਼ ਹੋਏ ਐਡਵੋਕੇਟ ਐੱਚ. ਅਹਿਮਦੀ ਨੇ ਹੇਠਲੀ ਅਦਾਲਤ ਵਿੱਚ ਪੇਸ਼ ਕੀਤੀ ਸਰਵੇਖਣ ਰਿਪੋਰਟ ਨੂੰ ਪ੍ਰਕਾਸ਼ਿਤ ਕਰਨ ’ਤੇ ਇਤਰਾਜ਼ ਜਤਾਇਆ। ਸਰਵੇਖਣ ਤੋਂ ਬਾਅਦ ਇਲਾਕੇ ਨੂੰ ਸੀਲ ਕੀਤੇ ਜਾਣ ਕਾਰਨ ਨਮਾਜ਼ ਅਦਾ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਸੁਪਰੀਮ ਕੋਰਟ ਨੂੰ ਮਸਜਿਦ ਵਿੱਚ 500 ਸਾਲਾਂ ਤੋਂ ਜਾਰੀ ਜਿਉਂ ਦੀ ਤਿਉਂ ਸਥਿਤੀ ਬਰਕਰਾਰ ਰੱਖਣ ਦੀ ਅਪੀਲ ਕੀਤੀ। ਅਦਾਲਤ ਨੇ ਉਨ੍ਹਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਿਲ੍ਹਾ ਅਧਿਕਾਰੀ ਨੂੰ ਸਬੰਧਤ ਧਿਰਾਂ ਨਾਲ ਸਲਾਹ ਕਰ ਕੇ ਨਮਾਜ਼ ਅਦਾ ਕਰਨ ਵਾਲਿਆਂ ਲਈ ਢੁੱਕਵੇਂ ਪ੍ਰਬੰਧ ਕਰਨ ਦੇ ਹੁਕਮ ਦਿੱਤੇ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ