ਸਿੰਘੂ ਬਾਰਡਰ ’ਤੇ ਖਾਲਿਸਤਾਨ ਸਮਰਥਕ ਨਾਅਰੇ ਲਿਖਣ ਦੇ ਦੋਸ਼ ’ਚ 3 ਗ੍ਰਿਫ਼ਤਾਰ
Sunday, Sep 13, 2026 - 03:42 PM (IST)
ਨਵੀਂ ਦਿੱਲੀ (ਏਜੰਸੀ)- ਦਿੱਲੀ ਪੁਲਸ ਨੇ ਅੱਤਵਾਦੀ ਐਲਾਨੇ ਗੁਰਪਤਵੰਤ ਸਿੰਘ ਪੰਨੂ ਦੇ ਹੁਕਮਾਂ ’ਤੇ ਇਥੇ ਸਿੰਘੂ ਬਾਰਡਰ ’ਤੇ ਕਥਿਤ ਤੌਰ ’ਤੇ ਇਤਰਾਜ਼ਯੋਗ ਨਾਅਰੇ ਲਿਖਣ ਤੇ ਖਾਲਿਸਤਾਨ ਸਮਰਥਕ ਗ੍ਰਾਫਿਟੀ ਬਣਾਉਣ ਦੇ ਮਾਮਲੇ ’ਚ ਪੰਜਾਬ ਤੋਂ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਸਿੰਘੂ ਬਾਰਡਰ ’ਤੇ ਕੰਧਾਂ ’ਤੇ ਇਹ ਨਾਅਰੇ ਅਤੇ ਗ੍ਰਾਫਿਟੀ 6 ਸਤੰਬਰ ਨੂੰ ਮਿਲੇ ਸਨ, ਜਿਸ ਤੋਂ ਬਾਅਦ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਐੱਫ. ਆਈ. ਆਰ. ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਸੀ। ਪੁਲਸ ਸੂਤਰਾਂ ਅਨੁਸਾਰ, ਪਾਬੰਦੀਸ਼ੁਦਾ ਖਾਲਿਸਤਾਨ ਸਮਰਥਕ ਸੰਗਠਨ ‘ਸਿੱਖਸ ਫਾਰ ਜਸਟਿਸ’ (ਐੱਸ. ਐੱਫ. ਜੇ.) ਦੇ ਮੁਖੀ ਪੰਨੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ਸਾਂਝੀ ਕਰ ਕੇ ਘਟਨਾ ਦੀ ਜ਼ਿੰਮੇਵਾਰੀ ਵੀ ਲਈ ਸੀ।
ਸੂਤਰਾਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਪ੍ਰੀਤਪਾਲ, ਹਰਮਿੰਦਰ ਸਿੰਘ ਅਤੇ ਸ਼ੀਸ਼ਪਾਲ ਵਜੋਂ ਹੋਈ ਹੈ। ਉਨ੍ਹਾਂ ਨੂੰ ਪੰਜਾਬ ਦੇ ਫ਼ਰੀਦਕੋਟ ਤੋਂ ਗ੍ਰਿਫ਼ਤਾਰ ਕੀਤਾ ਗਿਆ। ਸੂਤਰਾਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਜਿਸ ਕਾਰ ਦੀ ਕਥਿਤ ਤੌਰ ’ਤੇ ਵਰਤੋਂ ਕੀਤੀ ਸੀ, ਉਸ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ।
