ਰਾਕੇਸ਼ ਟਿਕੈਤ ਨੇ ਕਿਸਾਨਾਂ ਦੀ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਮੁਆਵਜ਼ਾ ਵਧਾਉਣ ਦੀ ਕੀਤੀ ਮੰਗ

Saturday, Oct 15, 2022 - 03:52 PM (IST)

ਰਾਕੇਸ਼ ਟਿਕੈਤ ਨੇ ਕਿਸਾਨਾਂ ਦੀ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਮੁਆਵਜ਼ਾ ਵਧਾਉਣ ਦੀ ਕੀਤੀ ਮੰਗ

ਨੋਇਡਾ (ਭਾਸ਼ਾ)- ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਸ਼ੁੱਕਰਵਾਰ ਨੂੰ ਨੋਇਡਾ, ਗ੍ਰੇਟਰ ਨੋਇਡਾ ਅਤੇ ਯਮੁਨਾ ਅਥਾਰਟੀ ਦੇ ਖ਼ਿਲਾਫ਼ ਅਣਮਿੱਥੇ ਸਮੇਂ ਲਈ ਧਰਨੇ 'ਚ ਕਿਸਾਨਾਂ ਵੱਲੋਂ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਮੁਆਵਜ਼ਾ ਵਧਾਉਣ ਦੀ ਮੰਗ ਕੀਤੀ। ਟਿਕੈਤ ਦੇ ਪ੍ਰਦਰਸ਼ਨ ਵਾਲੀ ਥਾਂ 'ਤੇ ਪਹੁੰਚਣ ਤੋਂ ਬਾਅਦ ਵੱਡੀ ਗਿਣਤੀ 'ਚ ਪੁਲਸ ਫ਼ੋਰਸ ਤਾਇਨਾਤ ਕਰ ਦਿੱਤਾ ਗਿਆ। ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਧਰਨੇ ਵਾਲੀ ਥਾਂ 'ਤੇ ਕਿਸਾਨਾਂ ਦੀ ਝੜਪ ਹੋ ਗਈ। ਟਿਕੈਤ ਨੇ ਮੰਗ ਕੀਤੀ ਕਿ ਕਿਸਾਨਾਂ ਦੀ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਮੁਆਵਜ਼ਾ ਵਧਾਇਆ ਜਾਵੇ। ਤਿੰਨੋਂ ਅਥਾਰਟੀਜ਼... ਨੋਇਡਾ, ਗ੍ਰੇਟਰ ਨੋਇਡਾ ਅਤੇ ਯਮੁਨਾ ਅਥਾਰਟੀ ਦੇ ਅਧਿਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕੱਲ੍ਹ ਪੁੱਜੇ ਪਰ ਗੱਲਬਾਤ ਬੇਸਿੱਟਾ ਰਹੀ।

ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਜ਼ਮੀਨ ਦਾ ਮੁਆਵਜ਼ਾ ਵਧਾਉਣ ਸਮੇਤ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਧਰਨਾ ਚੱਲਦਾ ਰਹੇਗਾ। ਤੈਅ ਪ੍ਰੋਗਰਾਮ ਅਨੁਸਾਰ ਸ਼ੁੱਕਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਨੇ ਗ੍ਰੇਟਰ ਨੋਇਡਾ 'ਚ ਜ਼ੀਰੋ ਪੁਆਇੰਟ 'ਤੇ ਐਕਸਪ੍ਰੈੱਸ ਵੇਅ ਦੇ ਹੇਠਾਂ ਮਹਾਪੰਚਾਇਤ ਕੀਤੀ। ਇਸ 'ਚ ਨੋਇਡਾ, ਗ੍ਰੇਟਰ ਨੋਇਡਾ ਅਤੇ ਜੇਵਰ ਦੇ ਕਿਸਾਨ ਸ਼ਾਮਲ ਹੋਏ। ਮਹਾਪੰਚਾਇਤ ਲਈ ਸਵੇਰੇ ਕਿਸਾਨ ਜਦੋਂ ਨਿਕਲੇ ਤਾਂ ਰਸਤੇ 'ਚ ਜਾਮ ਵਰਗੀ ਸਥਿਤੀ ਬਣ ਗਈ। ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਮਹਾਪੰਚਾਇਤ ਨੂੰ ਲੈ ਕੇ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਚੌਕਸ ਹੈ। ਸਾਰੇ ਚੌਕ ਚੌਰਾਹਿਆਂ 'ਤੇ ਪੁਲਸ ਤਾਇਨਾਤ ਰਹੀ। ਮਹਾਪੰਚਾਇਤ ਵਾਲੀ ਥਾ 'ਤੇ ਵੀ ਪੁਲਸ ਦੇ ਸੀਨੀਅਰ ਅਧਿਕਾਰੀ ਪੁੱਜੇ। ਫਿਲਹਾਲ ਸਥਿਤੀ ਆਮ ਹੈ।


author

DIsha

Content Editor

Related News