ਕੋਰੋਨਾ ਮਰੀਜ਼ਾਂ ਦੀ ਗਿਣਤੀ ਪੌਣੇ 3 ਲੱਖ ਦੇ ਪਾਰ, 7,745 ਲੋਕ ਮਹਾਮਾਰੀ ਤੋਂ ਜੰਗ ਹਾਰੇ

06/10/2020 10:33:46 AM

ਨਵੀਂ ਦਿੱਲੀ (ਵਾਰਤਾ)— ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਦੇ 9,985 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਪੌਣੇ 3 ਲੱਖ ਤੋਂ ਵਧੇਰੇ ਹੋ ਗਈ ਹੈ ਅਤੇ ਇਸ ਦੌਰਾਨ 279 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ 7,745 'ਤੇ ਪਹੁੰਚ ਗਿਆ। ਸਿਹਤ ਮੰਤਰਾਲਾ ਵਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ 9,985 ਨਵੇਂ ਮਾਮਲਿਆਂ ਨੂੰ ਮਿਲਾ ਕੇ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 2,76,583 ਹੋ ਗਈ ਹੈ, ਜਦਕਿ ਇਸ ਮਹਾਮਾਰੀ ਤੋਂ 7,745 ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ।ਦੇਸ਼ ਵਿਚ ਇਸ ਸਮੇਂ ਕੋਰੋਨਾ ਦੇ 1,33,632 ਸਰਗਰਮ ਮਾਮਲੇ ਹਨ, ਜਦਕਿ 1,35,206 ਲੋਕ ਇਸ ਮਹਾਮਾਰੀ ਨੂੰ ਮਾਤ ਦੇਣ ਵਿਚ ਸਫਲ ਹੋਏ ਹਨ। 

PunjabKesari

ਜੇਕਰ ਗੱਲ ਮਹਾਰਾਸ਼ਟਰ ਦੀ ਕੀਤੀ ਜਾਵੇ ਤਾਂ ਇਹ ਸੂਬਾ ਇਸ ਮਹਾਮਾਰੀ ਨਾਲ ਦੇਸ਼ ਵਿਚ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ। ਸੂਬੇ ਵਿਚ ਪਿਛਲੇ 24 ਘੰਟਿਆਂ ਵਿਚ 2,259 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 120 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਸੂਬੇ ਵਿਚ ਇਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 90,787 ਅਤੇ ਇਸ ਜਾਨਲੇਵਾ ਵਾਇਰਸ ਤੋਂ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 3,289 ਹੋ ਗਈ ਹੈ। ਇਸ ਦੌਰਾਨ ਸੂਬੇ ਵਿਚ 1,663 ਲੋਕ ਰੋਗ ਮੁਕਤ ਹੋਏ ਹਨ, ਜਿਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਕੁੱਲ ਗਿਣਤੀ 42,638 ਹੋ ਗਈ ਹੈ।

ਤਾਮਿਲਨਾਡੂ ਦੂਜੇ ਨੰਬਰ 'ਤੇ ਹੈ, ਜਿੱਥੇ ਪੀੜਤ ਮਰੀਜ਼ਾਂ ਦੀ ਗਿਣਤੀ 34,914 'ਤੇ ਪਹੁੰਚ ਗਈ ਹੈ ਅਤੇ 307 ਲੋਕਾਂ ਦੀ ਮੌਤ ਹੋਈ ਹੈ, ਜਦਕਿ 18,325 ਲੋਕਾਂ ਦਾ ਇਲਾਜ ਤੋਂ ਬਾਅਦ ਵੱਖ-ਵੱਖ ਹਸਪਤਾਲਾਂ 'ਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਕੋਰੋਨਾ ਕਾਰਨ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਵੀ ਸਥਿਤੀ ਕਾਫੀ ਚਿੰਤਾਜਨਕ ਬਣੀ ਹੋਈ ਹੈ ਅਤੇ ਦੇਸ਼ ਵਿਚ ਦਿੱਲੀ ਪੀੜਤਾਂ ਦੀ ਗਿਣਤੀ ਦੇ ਮਾਮਲੇ 'ਚ ਤੀਜੇ ਨੰਬਰ 'ਤੇ ਹੈ। ਦਿੱਲੀ ਵਿਚ 31,309 ਲੋਕ ਪੀੜਤ ਹੋਏ ਹਨ ਅਤੇ 905 ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਦਕਿ 11,861 ਮਰੀਜ਼ਾਂ ਨੂੰ ਇਲਾਜ ਤੋਂ ਬਾਅਦ ਹਸਪਤਾਲਾਂ 'ਚੋਂ ਛੁੱਟੀ ਦੇ ਦਿੱਤੀ ਗਈ ਹੈ।


Tanu

Content Editor

Related News